ਚੰਡੀਗੜ੍ਹ: ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਬਿਜਲੀ ’ਤੇ ਚੱਲਣ ਵਾਲੇ ਇੱਕ ਲੱਖ ਖੇਤੀ ਟਿਊਬਵੈੱਲਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਪ੍ਰਾਜੈਕਟ ਨਾਲ ਬਿਜਲੀ ਸਬਸਿਡੀ ਉੱਤੇ ਆਉਂਦੇ ਸਾਲਾਨਾ 200 ਕਰੋੜ ਰੁਪਏ ਦੇ ਖ਼ਰਚ ਦੀ ਬੱਚਤ ਹੋਵੇਗੀ। ਇਹ ਪ੍ਰਾਜੈਕਟ ਲਾਗੂ ਹੋਣ ਨਾਲ ਪੰਜਾਬ ਨੂੰ ਚਾਰ ਵੱਡੇ ਲਾਭ ਹੋਣਗੇ, ਜਿਨ੍ਹਾਂ ਵਿਚ ਸਰਕਾਰੀ ਖ਼ਜ਼ਾਨੇ ਉੱਤੇ ਸਬਸਿਡੀ ਦਾ ਬੋਝ ਘਟਾਉਣਾ, ਬਿਜਲੀ ਸਪਲਾਈ ਦੀ ਮੰਗ ਘਟਾਉਣਾ, ਖੇਤੀ ਉੱਤੇ ਆਉਣ ਵਾਲੀ ਲਾਗਤ ਘਟਾਉਣ ਦੇ ਨਾਲ-ਨਾਲ ਵਾਤਾਵਰਨ ਨੂੰ ਬਚਾਉਣ ਲਈ ਰਵਾਇਤੀ ਬਿਜਲੀ ਦੀ ਥਾਂ ਸੂਰਜੀ ਊਰਜਾ ਦੀ ਵਰਤੋਂ ਕਰਨਾ ਸ਼ਾਮਲ ਹੈ। -ਟਨਸ