ਜ਼ਿਲ੍ਹਾ ਪਰਿਸ਼ਦ ਲਈ ਇੱਕ ਤੇ ਪੰਚਾਇਤ ਸਮਿਤੀ ਲਈ ਚਾਰ ਨਾਮਜ਼ਦਗੀਆਂ
ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਅੱਜ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਸ਼ੁਰੂਆਤ ਹੋ ਗਈ ਹੈ। ਅੱਜ ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਲਈ ਸਿਰਫ਼ ਇੱਕ ਤੇ ਪੰਚਾਇਤ ਸਮਿਤੀ ਲਈ ਚਾਰ ਨਾਮਜ਼ਦਗੀ ਪੱਤਰ...
ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਅੱਜ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਸ਼ੁਰੂਆਤ ਹੋ ਗਈ ਹੈ। ਅੱਜ ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਲਈ ਸਿਰਫ਼ ਇੱਕ ਤੇ ਪੰਚਾਇਤ ਸਮਿਤੀ ਲਈ ਚਾਰ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਇਨ੍ਹਾਂ ਨਾਮਜ਼ਦਗੀ ਪੱਤਰਾਂ ਵਿੱਚ ਜ਼ਿਲ੍ਹਾ ਪਰਿਸ਼ਦ ਤਰਨ ਤਾਰਨ ਲਈ ਇੱਕ ਅਤੇ ਪੰਚਾਇਤ ਸਮਿਤੀ ਮੋਗਾ ਲਈ ਚਾਰ ਜਣਿਆਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਸੂਬੇ ਵਿੱਚ ਹੋਰਨਾਂ ਥਾਵਾਂ ’ਤੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਚਾਰ ਦਸੰਬਰ ਨੂੰ ਤਿੰਨ ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਜਾ ਸਕਦੇ ਹਨ। ਪੰਜ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ ਛੇ ਨੂੰ ਤਿੰਨ ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਇਸ ਤੋਂ ਬਾਅਦ 14 ਨੂੰ ਸਵੇਰੇ ਅੱਠ ਤੋਂ ਸ਼ਾਮ ਚਾਰ ਵਜੇ ਤੱਕ ਵੋਟਿੰਗ ਹੋਵੇਗੀ ਤੇ ਨਤੀਜਿਆਂ ਦਾ ਐਲਾਨ 17 ਦਸੰਬਰ ਨੂੂੰ ਕੀਤਾ ਜਾਵੇਗਾ।
ਇਸ ਦੌਰਾਨ ਪੰਜਾਬ ਵਿੱਚ 23 ਜ਼ਿਲ੍ਹਾ ਪਰਿਸ਼ਦਾਂ ਦੇ 357 ’ਚੋਂ 356 ਜ਼ੋਨਾਂ ਅਤੇ 154 ਪੰਚਾਇਤ ਸਮਿਤੀਆਂ ਦੇ 2863 ਜ਼ੋਨਾਂ ਵਿੱਚੋਂ 2862 ਜ਼ੋਨਾਂ ਦੇ ਇੱਕ-ਇੱਕ ਮੈਂਬਰ ਦੀ ਚੋਣ ਲਈ ਵੋਟਿੰਗ ਕਰਵਾਈ ਜਾ ਰਹੀ ਹੈ। ਇਨ੍ਹਾਂ ਚੋਣਾਂ ਲਈ ਸੂਬੇ ਵਿੱਚ 13,013 ਪੋਲਿੰਗ ਸਟੇਸ਼ਨਾਂ ’ਤੇ 19,181 ਪੋਲਿੰਗ ਬੂਥ ਬਣਾਏ ਗਏ ਹਨ। ਇਸ ਵਿੱਚੋਂ 915 ਪੋਲਿੰਗ ਸਟੇਸ਼ਨ ਅਤਿ-ਸੰਵੇਦਨਸ਼ੀਲ ਐਲਾਨੇ ਗਏ ਹਨ। ਇਨ੍ਹਾਂ ਚੋਣਾਂ ਵਿੱਚ 1,36,04,650 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।
ਵੜਿੰਗ ਨੇ ਚੋਣ ਕਮਿਸ਼ਨਰ ਨੂੰ ਪੱਤਰ ਲਿਖਿਆ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਅੱਜ ਤੋਂ ਸ਼ੁਰੂਆਤ ਹੋਣ ਨਾਲ ਹੀ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਇਤਰਾਜ਼ ਨਾ ਹੋਣ ਸਬੰਧੀ ਸਰਟੀਫਿਕੇਟ (ਐੱਨ ਓ ਸੀ) ਨਾ ਦੇਣ ਦਾ ਮਾਮਲਾ ਵੀ ਭਖ਼ ਗਿਆ ਹੈ। ਇਸ ਸਬੰਧੀ ਪੰਜਾਬ ਕਾਂਗਰਸ ਨੇ ਸੂਬਾ ਸਰਕਾਰ ’ਤੇ ਕਾਂਗਰਸੀ ਉਮੀਦਵਾਰਾਂ ਨੂੰ ਐੱਨ ਓ ਸੀ ਨਾ ਦੇਣ ਦੇ ਦੋਸ਼ ਲਾਏ ਹਨ। ਅੱਜ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਇਸ ਮਾਮਲੇ ’ਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਸ੍ਰੀ ਵੜਿੰਗ ਨੇ ਲਿਖਿਆ ਕਿ ਪੰਜਾਬ ਭਰ ’ਚ ਕਾਂਗਰਸੀ ਉਮੀਦਵਾਰਾਂ ਨੂੰ ਐਨ ਓ ਸੀ ਦੇਣ ’ਚ ਦੇਰੀ ਕੀਤੀ ਜਾ ਰਹੀ ਹੈ ਜਾਂ ਇਨਕਾਰ ਕੀਤਾ ਜਾ ਰਿਹਾ ਹੈ। ਕਾਂਗਰਸੀ ਉਮੀਦਵਾਰ ਐੱਨ ਓ ਸੀ ਲਈ ਅਧਿਕਾਰੀਆਂ ਦੇ ਦਫ਼ਤਰਾਂ ’ਚ ਪਹੁੰਚ ਰਹੇ ਹਨ ਪਰ ਜ਼ਿਆਦਾਤਰ ਦਫ਼ਤਰਾਂ ਵਿੱਚ ਅਧਿਕਾਰੀ ਉਪਲੱਬਧ ਨਹੀਂ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ’ਚ ਅੱਜ ਤੋਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਤਿੰਨ ਦਿਨਾਂ ਦਾ ਸਮਾਂ ਬਾਕੀ ਹੈ। ਅਜਿਹੇ ਵਿੱਚ ਜੇ ਕਾਂਗਰਸੀ ਉਮੀਦਵਾਰਾਂ ਨੂੂੰ ਐੱਨ ਓ ਸੀ ਜਾਰੀ ਨਾ ਕੀਤੀ ਤਾਂ ਕਾਂਗਰਸੀ ਉਮੀਦਵਾਰ ਚੋਣ ਲੜਨ ਤੋਂ ਵਾਂਝੇ ਰਹਿ ਜਾਣਗੇ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ। ‘ਆਪ’ ਵਿਰੋਧੀ ਪਾਰਟੀ ਦੇ ਉਮੀਦਵਾਰਾਂ ਨੂੰ ਚੋਣ ਲੜਨ ਦੇਵੇ ਜਿਸ ਨਾਲ ਪਾਰਟੀ ਵੱਲੋਂ ਕੀਤੇ ਕੰਮਾਂ ਬਾਰੇ ਸਭ ਕੁਝ ਪਤਾ ਲੱਗ ਜਾਵੇਗਾ।

