ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਆਨਲਾਈਨ ਮਿਲਣੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਅਪਰੈਲ
ਐੱਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਵੀਂ ਆਨਲਾਈਨ ਐੱਨਆਰਆਈ ਮਿਲਣੀ ਕਰਵਾਈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਖੁਦ ਵੀਡੀਓ-ਕਾਨਫਰੰਸਿੰਗ ਰਾਹੀਂ ਐੱਨਆਰਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਨਿੱਜੀ ਤੌਰ ’ਤੇ ਸੁਣਿਆ। ਉਨ੍ਹਾਂ ਕਿਹਾ ਕਿ ਅੱਜ ਦੀ ਮਿਲਣੀ ’ਚ 82 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 63 ਈਮੇਲ ਰਾਹੀਂ ਅਤੇ ਬਾਕੀ 19 ਸ਼ਿਕਾਇਤਾਂ ਵਟਸਐਪ ਨੰਬਰ ’ਤੇ ਪ੍ਰਾਪਤ ਹੋਈਆਂ ਸਨ। ਇਸ ਤੋਂ ਪਹਿਲਾਂ ਚਾਰ ਆਨਲਾਈਨ ਐਨਆਰਆਈ ਮਿਲਣੀਆਂ ਵਿੱਚ ਕੁੱਲ 542 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 488 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਐੱਨਆਰਆਈ ਪੰਜਾਬੀਆਂ ਨੂੰ ਸ਼ਿਕਾਇਤਾਂ ਈਮੇਲ ਆਈਡੀ - nriminister20230gmail.com ਅਤੇ ਵਟਸਐਪ ਨੰਬਰ-9056009884 ’ਤੇ ਭੇਜਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪਰਵਾਸੀਆਂ ਦੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।