ਪੱਤਰ ਪ੍ਰੇਰਕ
ਚੰਡੀਗੜ੍ਹ, 29 ਸਤੰਬਰ
ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸੈਕੰਡਰੀ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਹਜ਼ਾਰਾਂ ਅਧਿਆਪਕਾਂ ਦੀਆਂ ਬਦਲੀਆਂ ਪ੍ਰਤੀ ਵੱਟੀ ਚੁੱਪ ਅਤੇ ਆਨਲਾਈਨ ਪੋਰਟਲ ਨਾ ਖੋਲ੍ਹਣ ’ਤੇ ਅਧਿਆਪਕ ਵਰਗ ਵਿੱਚ ਬੇਚੈਨੀ ਪਾਈ ਜਾ ਰਹੀ ਹੈ। ਸਿੱਖਿਆ ਵਿਭਾਗ ਨੇ ਇਸ ਸਾਲ ਮਈ ਮਹੀਨੇ ਦੇ ਅਖੀਰ ਵਿੱਚ ਅਧਿਆਪਕਾਂ ਤੋਂ ਬਦਲੀਆਂ ਦੀਆਂ ਦਰਖਾਸਤਾਂ ਲਈਆਂ ਸਨ ਪਰ ਬਦਲੀਆਂ ਦਾ ਮੌਕਾ ਨਾ ਦਿੱਤੇ ਜਾਣ ਕਰਕੇ ਅਧਿਆਪਕ ਜਥੇਬੰਦੀ ਡੀਟੀਐੱਫ ਨੇ ਗੰਭੀਰ ਨੋਟਿਸ ਲੈਂਦਿਆਂ ਸਰਕਾਰ ਨੂੰ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ। ਡੀਟੀਐਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਰਘੁਬੀਰ ਭਵਾਨੀਗੜ੍ਹ ਨੇ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ’ਚ ਬਦਲੀਆਂ ਦੀ ਪ੍ਰਕਿਰਿਆ ਕੁਝ ਦਿਨਾਂ ’ਚ ਹੀ ਪੂਰੀ ਹੋ ਸਕਦੀ ਹੈ ਪਰ ਪੰਜਾਬ ਸਰਕਾਰ ਅਤੇ ਇਸ ਦੇ ਸੈਕੰਡਰੀ ਸਿੱਖਿਆ ਵਿਭਾਗ ਦੀ ਲਾਪ੍ਰਵਾਹੀ ਕਾਰਨ ਇਹ ਪ੍ਰਕਿਰਿਆ ਸਤੰਬਰ ਮਹੀਨਾ ਬੀਤਣ ਦੇ ਬਾਵਜੂਦ ਮੁਕੰਮਲ ਨਹੀਂ ਹੋ ਸਕੀ। ਆਗੂਆਂ ਨੇ ਕਿਹਾ ਕਿ ਬਦਲੀ ਨੀਤੀ ਤਹਿਤ ਪਹਿਲਾਂ ਹੋ ਚੁੱਕੀਆਂ ਜਿਹੜੀਆਂ ਬਦਲੀਆਂ ਨੂੰ ਪਿਛਲੇ ਸਮੇਂ ਵਿੱਚ ਅਧੂਰੇ ਢੰਗ ਨਾਲ ਲਾਗੂ ਕੀਤਾ ਗਿਆ ਸੀ, ਉਨ੍ਹਾਂ ਬਦਲੀਆਂ ’ਤੇ ਲਗਾਈਆਂ ਸਾਰੀਆਂ ਸ਼ਰਤਾਂ ਹਟਾ ਕੇ ਅਧਿਆਪਕਾਂ ਨੂੰ ਬਦਲੀ ਵਾਲੇ ਸਟੇਸ਼ਨ ’ਤੇ ਅਮਲੀ ਰੂਪ ’ਚ ਹਾਜ਼ਰ ਕਰਵਾਇਆ ਜਾਵੇ। ਪ੍ਰਾਇਮਰੀ ਤੇ ਸੈਕੰਡਰੀ ਵਿਭਾਗਾਂ ਦੀਆਂ ਬਦਲੀਆਂ ਲਈ ਅਧਿਆਪਕਾਂ ਨੂੰ ਪੂਰਾ ਸਮਾਂ ਦਿੱਤਾ ਜਾਵੇ।
ਟਰਾਂਸਫ਼ਰ ਪਾਲਿਸੀ ਕਾਰਨ ਬਦਲੀਆਂ ਰੁਕੀਆਂ: ਡਾਇਰੈਕਟਰ
ਡਾਇਰੈਕਟਰ ਕੁਲਜੀਤ ਪਾਲ ਸਿੰਘ ਮਾਹੀ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਫਿਲਹਾਲ ਟਰਾਂਸਫਰ ਪਾਲਿਸੀ ਕਰਕੇ ਰੁਕੀਆਂ ਹੋਈਆਂ ਹਨ ਜਿਵੇਂ ਹੀ ਟਰਾਂਸਫਰ ਪਾਲਿਸੀ ਆਉਂਦੀ ਹੈ ਤਾਂ ਬਦਲੀਆਂ ਦਾ ਦੌਰ ਸ਼ੁਰੂ ਹੋ ਜਾਵੇਗਾ।