ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 28 ਜਨਵਰੀ
ਕਾਂਗਰਸ ਸਰਕਾਰ ਦੇ ਉੱਪ ਮੁੱਖ ਮੰਤਰੀ ਓਪੀ ਸੋਨੀ ਸਮੇਤ ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਕਾਗਜ਼ ਪੱਤਰ ਦਾਖਲ ਕੀਤੇ ਗਏ ਹਨ। ਕਾਂਗਰਸ ਸਰਕਾਰ ਦੇ ਉੱਪ ਮੁਖ ਮੰਤਰੀ ਓਪੀ ਸੋਨੀ ਵੱਲੋਂ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੇ ਬੇਟੇ ਵਿਕਾਸ ਸੋਨੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਮੀਡੀਆ ਨਾਲ ਗੱਲ ਕਰਦਿਆਂ ਦਾਅਵਾ ਕੀਤਾ ਕਿ ਸਮੁੱਚੀ ਕਾਂਗਰਸ ਇਕਜੁੱਟ ਹੈ ਤੇ ਕੋਈ ਆਪਸੀ ਖਿਚੋਤਾਣ ਨਹੀਂ ਹੈ। ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਕਿਸੇ ਆਗੂ ਦਾ ਨਾਂ ਹੁਣ ਤਕ ਨਾ ਐਲਾਨੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਰੇ ਪਾਰਟੀ ਵਿਚ ਕੋਈ ਦੁਚਿੱਤੀ ਵਾਲੀ ਸਥਿਤੀ ਨਹੀਂ ਹੈ ਤੇ ਪਾਰਟੀ ਵੱਲੋਂ ਸਹੀ ਸਮਾਂ ਆਉਣ ’ਤੇ ਐਲਾਨ ਕੀਤਾ ਜਾਵੇਗਾ। ਇਸੇ ਤਰ੍ਹਾਂ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਵਜੋਂ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਨੇ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸੇ ਤਰ੍ਹਾਂ ਰਕੇਸ਼ ਖੰਨਾ ਵੱਲੋਂ ਵੀ ਇਸੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਬਾਬਾ ਬਕਾਲਾ ਰਾਖਵੇਂ ਹਲਕੇ ਤੋਂ ਸਾਂਝੀ ਵਿਰਾਸਤ ਪਾਰਟੀ ਉਮੀਦਵਾਰ ਵਜੋਂ ਦਿਲਬਾਗ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਅਜਨਾਲਾ ਹਲਕੇ ਤੋਂ ਮਾਨ ਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਅਮਰੀਕ ਸਿੰਘ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸੇ ਤਰ੍ਹਾਂ ਹਲਕਾ ਅੰਮ੍ਰਿਤਸਰ ਪੱਛਮੀ ਲਈ ਆਜ਼ਾਦ ਉਮੀਦਵਾਰ ਵਜੋਂ ਨਿਰਮਲਪ੍ਰੀਤ ਸਿੰਘ ਹੀਰਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।