ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅਪ੍ਰੇਸ਼ਨ ਸੀਲ: ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ 92 ਪੁਆਇੰਟ ਸੀਲ

ਕੁੱਲ 4,244 ਵਾਹਨਾਂ ਦੀ ਜਾਂਚ ਕਰ ਕੇ 511 ਦੇ ਕੀਤੇ ਚਲਾਨ; ਹੁਣ ਤੱਕ 39 ਵਾਹਨ ਜ਼ਬਤ/ਪੁਲੀਸ ਨੇ 136 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ 11.3 ਕਿਲੋਗ੍ਰਾਮ ਹੈਰੋਇਨ ਤੇ 3.48 ਲੱਖ ਰੁਪਏ ਡਰੱਗ ਮਨੀ ਕੀਤੀ ਬਰਾਮਦ
ਪਟਿਆਲਾ ਵਿੱਚ ਵਾਹਨਾਂ ਦੀ ਜਾਂਚ ਕਰਦੇ ਹੋਏ ਪੁਲੀਸ ਅਧਿਕਾਰੀ।
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 18 ਮਈ

Advertisement

ਪੰਜਾਬ ਪੁਲੀਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਪੁਲੀਸ ਨੇ ਲਗਾਤਾਰ 78ਵੇਂ ਦਿਨ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਕੀਤੀ ਗਈ। ਪੁਲੀਸ ਨੇ ਸੂਬੇ ਵਿੱਚ ‘ਅਪ੍ਰੇਸ਼ਨ ਸੀਲ’ ਚਲਾਇਆ ਜਿਸ ਦੌਰਾਨ ਪੁਲੀਸ ਨੇ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਸਰਹੱਦੀ ਸੂਬੇ ਪੰਜਾਬ ਵਿੱਚ ਦਾਖ਼ਲ ਹੋਣ ਜਾਂ ਬਾਹਰ ਜਾਣ ਵਾਲੀਆਂ 92 ਸੜਕਾਂ ’ਤੇ ਨਾਕਾਬੰਦੀ ਕੀਤੀ। ਪੁਲੀਸ ਨੇ ਇਨ੍ਹਾਂ ਸੜਕਾਂ ਤੋਂ ਆਉਣ-ਜਾਉਣ ਵਾਲੇ ਸਾਰੇ ਵਿਅਕਤੀਆਂ ਦੀ ਤਲਾਸ਼ੀ ਲਈ।

ਪੰਜਾਬ ਦੇ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ 10 ਜ਼ਿਲ੍ਹਿਆਂ (ਜਿਨ੍ਹਾਂ ਦੀਆਂ ਹੱਦਾਂ ਯੂਟੀ ਚੰਡੀਗੜ੍ਹ ਸਮੇਤ 4 ਰਾਜਾਂ ਨਾਲ ਸਾਂਝੀਆਂ ਹਨ), ਵਿੱਚ ਦਾਖ਼ਲ ਹੋਣ ਤੇ ਬਾਹਰ ਜਾਣ ਵਾਲੀਆਂ 92 ਸੜਕਾਂ ’ਤੇ 1000 ਤੋਂ ਵੱਧ ਪੁਲੀਸ ਮੁਲਾਜ਼ਮਾਂ ਨੇ ਨਾਕਾਬੰਦੀ ਕੀਤੀ।

ਇਸ ਦੌਰਾਨ ਪੰਜਾਬ ਵਿੱਚ ਦਾਖ਼ਲ ਹੋਣ ਵਾਲੇ ਅਤੇ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਤਲਾਸ਼ੀ ਲਈ ਗਈ। ਪੁਲੀਸ ਨੇ ਤਲਾਸ਼ੀ ਦੌਰਾਨ 4,244 ਵਾਹਨਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ 511 ਦੇ ਚਲਾਨ ਕੀਤੇ ਗਏ ਅਤੇ 39 ਨੂੰ ਕਾਰਵਾਈ ਦੌਰਾਨ ਜ਼ਬਤ ਕੀਤਾ ਗਿਆ। ਸ੍ਰੀ ਸ਼ੁਕਲਾ ਨੇ ਕਿਹਾ ਕਿ ਪੁਲੀਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਅੱਜ ਪੰਜਾਬ ਵਿੱਚ 490 ਥਾਵਾਂ ’ਤੇ ਛਾਪੇ ਮਾਰ ਕੇ 532 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਹੈ ਜਿਨ੍ਹਾਂ ਵਿੱਚੋਂ 136 ਨਸ਼ਾਂ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਨਸ਼ਾਂ ਤਸਕਰਾਂ ਦੇ ਕਬਜ਼ੇ ਵਿੱਚੋਂ 11.3 ਕਿਲੋਗ੍ਰਾਮ ਹੈਰੋਇਨ ਅਤੇ 3.48 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰ ਕੇ 109 ਕੇਸ ਦਰਜ ਕੀਤੇ ਹਨ। ਇਸ ਨਾਲ 78 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 11,860 ਹੋ ਗਈ ਹੈ।

ਨਸ਼ਿਆਂ ਖ਼ਿਲਾਫ਼ ਕਾਰਵਾਈ ਭਵਿੱਖ ’ਚ ਜਾਰੀ ਰਹੇਗੀ: ਡੀਜੀਪੀ

ਪੰਜਾਬ ਦੇ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲੀਸ ਨੇ ਅੱਜ ਸੂਬੇ ਭਰ ਵਿੱਚ 103 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕਾਰਵਾਈ ਕੀਤੀ ਜਾ ਰਹੀ ਹੈ, ਜੋ ਭਵਿੱਖ ਵਿੱਚ ਵੀ ਜਾਰੀ ਰਹੇਗੀ।

Advertisement