ਐਸ.ਏ.ਐਸ. ਨਗਰ (ਮੁਹਾਲੀ): ਪੰਜਾਬ ਵਿਜੀਲੈਂਸ ਬਿਊਰੋ (ਉੱਡਣ ਦਸਤਾ-1) ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਏਆਈਜੀ ਆਸ਼ੀਸ਼ ਕਪੂਰ ਅਤੇ ਏਐੱਸਆਈ ਹਰਜਿੰਦਰ ਸਿੰਘ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਦੋਹਾਂ ਨੂੰ ਮੁੜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਏਆਈਜੀ ਆਸ਼ੀਸ਼ ਕਪੂਰ ਨੂੰ ਦੁਬਾਰਾ ਤਿੰਨ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ ਜਦੋਂਕਿ ਮੁਲਜ਼ਮ ਥਾਣੇਦਾਰ ਹਰਜਿੰਦਰ ਸਿੰਘ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਭੇਜਿਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਸੀ। ਉਧਰ, ਇਸ ਮਾਮਲੇ ਵਿੱਚ ਨਾਮਜ਼ਦ ਡੀਐੱਸਪੀ ਇੰਟੈਲੀਜੈਂਸ ਪਵਨ ਕੁਮਾਰ ਹਾਲੇ ਵੀ ਵਿਜੀਲੈਂਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਵਿਜੀਲੈਂਸ ਬਿਊਰੋ ਦੇ ਏਆਈਜੀ ਮਨਮੋਹਨ ਕੁਮਾਰ ਨੇ ਦੱਸਿਆ ਕਿ ਸਾਬਕਾ ਵਿਜੀਲੈਂਸ ਅਧਿਕਾਰੀ ਦੇ ਬੈਂਕ ਲੌਕਰ ’ਚੋਂ ਮਿਲੇ ਕਿੱਲੋ ਤੋਂ ਵੱਧ ਗਹਿਣਿਆਂ ਦੀ ਔਰਤ ਕੋਲੋਂ ਸ਼ਨਾਖ਼ਤ ਕਰਵਾਉਣੀ ਹੈ। ਪੀੜਤ ਔਰਤ ਨੇ ਦੋਸ਼ ਲਾਇਆ ਸੀ ਕਿ ਆਸ਼ੀਸ਼ ਕਪੂਰ ਨੇ ਉਸ ਦੇ ਲੌਕਰ ’ਚੋਂ ਡੇਢ ਕਿੱਲੋ ਗਹਿਣੇ ਕਢਵਾਏ ਸਨ। -ਪੱਤਰ ਪ੍ਰੇਰਕ