ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 21 ਅਪਰੈਲ
ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ, ਜਿਸ ਨੂੰ ਸ੍ਰੀ ਅਕਾਲ ਤਖ਼ਤ ਨੇ ਪਰਾਈ ਔਰਤ ਨਾਲ ਸਬੰਧ ਦੇ ਦੋਸ਼ ਹੇਠ ਪੰਥ ਵਿੱਚੋਂ ਛੇਕਿਆ ਹੋਇਆ ਹੈ, ਨੂੰ ਮੁੜ ਪੰਥ ਵਿੱਚ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਤਹਿਤ ਅੱਜ ਕੁਝ ਲੋਕਾਂ ਨੇ ਇੱਥੇ ਅਕਾਲ ਤਖ਼ਤ ਨੇੜੇ ਵਿਰੋਧ ਦਾ ਪ੍ਰਗਟਾਵਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਮੰਗ ਪੱਤਰ ਵੀ ਦਿੱਤਾ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਸਿੱਖ ਸੰਗਤ ਗੁਰਦਾਸਪੁਰ ਜ਼ਿਲ੍ਹੇ ਤੋਂ ਆਈ ਹੈ ਤੇ ਪੰਥ ਵਿੱਚੋਂ ਛੇਕੇ ਲੰਗਾਹ ਨੂੰ ਮੁਆਫ਼ੀ ਦਿੱਤੇ ਜਾਣ ਦੀ ਸੰਭਾਵਨਾ ਦੇ ਮੱਦੇਨਜ਼ਰ ਉਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਉਸ ਦਾ ਦੋਸ਼ ਮੁਆਫ਼ੀ ਯੋਗ ਨਹੀਂ ਹੈ। ਉਨ੍ਹਾਂ ਇਸ ਸਬੰਧੀ ਅਕਾਲ ਤਖ਼ਤ ਦੇ ਜਥੇਦਾਰ ਦੇ ਨਾਂ ਮੰਗ ਪੱਤਰ ਵੀ ਦਿੱਤਾ, ਜਿਸ ਵਿੱਚ ਉਸ ਨੂੰ ਮੁਆਫ਼ੀ ਨਾ ਦੇਣ ਦੀ ਅਪੀਲ ਕੀਤੀ ਗਈ ਹੈ।