ਪਰਮਜੀਤ ਸਿੰਘ/ਕੁਲਦੀਪ ਸਿੰਘ ਬਰਾੜ
ਫਾਜ਼ਿਲਕਾ/ਮੰਡੀ ਘੁਬਾਇਆ, 31 ਅਗਸਤ
ਮੰਡੀ ਲਾਧੂਕਾ ’ਚ ਇੱਕ ਵਿਆਹ ਸਮਾਗਮ ’ਚ ਸ਼ਾਮਲ ਹੋਣ ਲਈ ਪੁੱਜੇ ਭਾਜਪਾ ਦੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਅੱਜ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਭਾਜਪਾ ਦੇ ਸਾਬਕਾ ਮੰਤਰੀ ਨੂੰ ਲੰਮੇ ਸਮੇਂ ਤੱਕ ਪੈਲੇਸ ’ਚ ਨਜ਼ਰਬੰਦ ਰਹਿਣਾ ਪਿਆ। ਉਸ ਤੋਂ ਬਾਅਦ ਜ਼ਿਲ੍ਹਾ ਫ਼ਾਜ਼ਿਲਕਾ ਦੇ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਜਿਆਣੀ ਨੂੰ ਲੈ ਕੇ ਫ਼ਾਜ਼ਿਲਕਾ ਵੱਲ ਰਵਾਨਾ ਹੋ ਗਏ।
ਇਸ ਮੌਕੇ ਸੰਬੋਧਨ ਕਿਸਾਨ ਯੂਨੀਅਨ ਦੇ ਆਗੂਆਂ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਢਾ, ਜ਼ਿਲ੍ਹਾ ਖਜ਼ਾਨਚੀ ਜੁਗਰਾਜ ਸਿੰਘ, ਜੋਗਾ ਸਿੰਘ, ਪ੍ਰਵੀਨ ਕੰਬੋਜ, ਰਜਿੰਦਰ ਮੋਲਵੀ ਵਾਲਾ ਤੇ ਹਰਮੀਤ ਸਿੰਘ ਢਾਬਾਂ ਨੇ ਕਿਹਾ ਕਿ ਸਾਬਕਾ ਸਿਹਤ ਮੰਤਰੀ ਵੱਲੋਂ ਕਿਸਾਨਾਂ ਖ਼ਿਲਾਫ਼ ਭੱਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਸਿਰ ’ਤੇ ਜਿਆਣੀ ਤਿੰਨ ਵਾਰ ਵਿਧਾਇਕ ਬਣੇ, ਉਨ੍ਹਾਂ ਲੋਕਾਂ ਨੂੰ ਹੀ ਭੱਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਫਾਜ਼ਿਲਕਾ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਦਾ ਢਾਈ ਤੋਂ ਤਿੰਨ ਘੰਟੇ ਵਿਰੋਧ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਪੁਲੀਸ ਮੁਲਾਜ਼ਮ ਤਾਇਨਾਤ ਸਨ। ਪੁਲੀਸ ਵੱਲੋਂ ਕਿਸਾਨਾਂ ਨੂੰ ਸਮਝਾਉਣ ਤੋਂ ਬਾਅਦ ਜਿਆਣੀ ਨੂੰ ਪੈਲੇਸ ’ਚੋਂ ਬਾਹਰ ਕੱਢ ਕੇ ਵਾਪਸ ਭੇਜ ਦਿੱਤਾ ਗਿਆ।
ਭਾਜਪਾ ਆਗੂਆਂ ਨੂੰ ਪਿੰਡਾਂ ’ਚ ਨਾ ਵੜਨ ਦੇਣ ਦੀ ਚਿਤਾਵਨੀ
ਕਿਸਾਨਾਂ ਆਗੂਆਂ ਨੇ ਕਿਹਾ ਕਿ ਜਿੰਨੀ ਦੇਰ ਕੇਂਦਰ ਦੀ ਮੋਦੀ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ, ਭਾਜਪਾ ਆਗੂਆਂ ਦਾ ਵਿਰੋਧ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਗਾਮੀ ਵਿਧਾਨ ਸਭਾ ਚੋਣਾਂ ਜਿੱਤਣਾ ਤਾਂ ਬਹੁਤ ਦੂਰ ਦੀ ਗੱਲ, ਭਾਜਪਾ ਆਗੂਆਂ ਨੂੰ ਪਿੰਡਾਂ ਵਿੱਚ ਵੜਨ ਹੀ ਨਹੀਂ ਦਿੱਤਾ ਜਾਵੇਗਾ।