* ‘ਆਪ’ ਵਿਧਾਇਕ ਨੇ ਸਰਕਾਰੀ ਸਕੂਲਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਮੰਗ ਕੀਤੀ
* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਦਨ ’ਚੋਂ ਰਹੇ ਗੈਰ-ਹਾਜ਼ਰ
ਆਤਿਸ਼ ਗੁਪਤਾ
ਚੰਡੀਗੜ੍ਹ, 24 ਫਰਵਰੀ
ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਇਜਲਾਸ ਅੱਜ ਸ਼ੁਰੂ ਹੋ ਗਿਆ। ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਸਿਹਤ ਅਤੇ ਮਾਈਨਿੰਗ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ। ਕਈ ਵਿਧਾਇਕਾਂ ਨੇ ਸੂਬੇ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਉਠਾਇਆ ਜਦਕਿ ‘ਆਪ’ ਦੇ ਇਕ ਵਿਧਾਇਕ ਨੇ ਸਰਕਾਰੀ ਸਕੂਲਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਮੰਗ ਕੀਤੀ। ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਦਨ ’ਚੋਂ ਗੈਰ-ਹਾਜ਼ਰ ਸਨ।
ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੈਂਦੇ ਸੀਐੱਚਸੀ ਧਾਰੀਵਾਲ ਵਿੱਚ ਤਿੰਨ ਸਾਲ ਪਹਿਲਾਂ ਲਗਾਏ ਆਕਸੀਜਨ ਪਲਾਂਟ ਦੇ ਹਾਲੇ ਤੱਕ ਸ਼ੁਰੂ ਨਾ ਹੋਣ ਦਾ ਮਾਮਲਾ ਚੁੱਕਿਆ। ਬਾਜਵਾ ਨੇ ਕਿਹਾ ਕਿ ਬਤੌਰ ਰਾਜ ਸਭਾ ਮੈਂਬਰ ਉਨ੍ਹਾਂ ਕਰੋਨਾ ਮਹਾਮਾਰੀ ਦੌਰਾਨ ਸਾਲ 2021 ਵਿੱਚ ਧਾਰੀਵਾਲ ਹਸਪਤਾਲ ਵਿੱਚ ਆਕਸੀਜਨ ਪਲਾਂਟ ਲਗਾਉਣ ਲਈ 1.18 ਕਰੋੜ ਰੁਪਏ ਜਾਰੀ ਕੀਤੇ ਸਨ ਪਰ ਹਾਲੇ ਤੱਕ ਇਹ ਸ਼ੁਰੂ ਨਹੀਂ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਪਲਾਂਟ ਵਿੱਚ ਕੋਈ ਚੌਕੀਦਾਰ ਨਾ ਹੋਣ ਕਰਕੇ ਮਸ਼ੀਨਾਂ ਤੱਕ ਚੋਰੀ ਹੋ ਚੁੱਕੀਆਂ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬਾਜਵਾ ਨੂੰ ਭਰੋਸਾ ਦਿਵਾਇਆ ਕਿ ਪਲਾਂਟ ਮਾਰਚ ਵਿੱਚ ਸ਼ੁਰੂ ਹੋ ਜਾਵੇਗਾ। ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸੂਬੇ ਵਿੱਚ ਅਜਿਹੇ 41 ਪਲਾਂਟ ਲਗਾਏ ਗਏ ਸਨ, ਜੋ ਸਫੈਦ ਹਾਥੀ ਹਨ। ਉਨ੍ਹਾਂ ਕਿਹਾ ਕਿ ਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੀ ਆਕਸੀਜਨ ਸਿੱਧੇ ਮਰੀਜ਼ ਤੱਕ ਪਹੁੰਚਾਈ ਜਾਂਦੀ ਹੈ ਪਰ ਇਸ ਵਿੱਚ ਆਕਸੀਜਨ ਦੀ ਸ਼ੁੱਧਤਾ 94 ਤੋਂ 95 ਫ਼ੀਸਦ ਹੁੰਦੀ ਹੈ, ਜਦੋਂਕਿ ਪੰਜਾਬ ਸਰਕਾਰ ਵੱਲੋਂ ਤਰਲ ਮੈਡੀਕਲ ਆਕਸੀਜਨ ਦੇ ਪਲਾਂਟ ਲਗਾਏ ਜਾ ਰਹੇ ਹਨ ਜਿਸ ਵਿੱਚ ਆਕਸੀਜਨ ਦੀ ਸ਼ੁੱਧਤਾ 99 ਤੋਂ 100 ਫ਼ੀਸਦ ਹੁੰਦੀ ਹੈ। ਇਸ ਨਾਲ ਮਰੀਜ਼ ਨੂੰ 100 ਫ਼ੀਸਦ ਸ਼ੁੱਧ ਆਕਸੀਜਨ ਦਿੱਤੀ ਜਾਂਦੀ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਸਿਹਤ ਮੰਤਰੀ ਨੂੰ ਅਪੀਲ ਕੀਤੀ ਕਿ ਫ਼ਰੀਦਕੋਟ ਹਸਪਤਾਲ ਵਿੱਚ ਲੱਗਿਆ ਆਕਸੀਜਨ ਪਲਾਂਟ ਜਲਦੀ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਕਸੀਜਨ ਪਲਾਂਟ ਚਲਾਉਣ ਵਿੱਚ ਦੇਰੀ ਲਈ ਕੋਤਾਹੀ ਵਰਤਣ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ।
ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਵਿੱਚ ਚੱਲ ਰਹੀ ਗੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਚੋਣਾਂ ਤੋਂ ਪਹਿਲਾਂ 20 ਹਜ਼ਾਰ ਕਰੋੜ ਰੁਪਏ ਸਾਲਾਨਾ ਮਾਈਨਿੰਗ ਤੋਂ ਕਮਾਉਣ ਦਾ ਦਾਅਵਾ ਕੀਤਾ ਗਿਆ ਸੀ ਪਰ ਤਿੰਨ ਸਾਲ ਬਾਅਦ ਸੂਬਾ ਸਰਕਾਰ ਵੱਲੋਂ ਸਿਰਫ਼ 288 ਕਰੋੜ ਰੁਪਏ ਸਾਲਾਨਾ ਕਮਾਏ ਜਾ ਰਹੇ ਹਨ। ਸੂਬੇ ਵਿੱਚ ਗੈਰ-ਕਾਨੂੰਨੀ ਢੰਗ ਨਾਲ ਮਾਈਨਿੰਗ ਦਾ ਕਾਰੋਬਾਰ ਚੱਲਣ ਦੇ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਮੰਤਰੀ ਦੇ ਰਿਸ਼ਤੇਦਾਰ ਦੇ ਕਰੱਸ਼ਰ ਵੀ ਬਿਨਾਂ ਬਿਜਲੀ ਕੁਨੈਕਸ਼ਨ ਤੋਂ ਕੁੰਡੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੇ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਦੇ ਅਸਮਰੱਥ ਹੈ। ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸਰਕਾਰੀ ਸਕੂਲਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ 300 ਯੂਨਿਟ ਹਰ ਮਹੀਨੇ ਮੁਫ਼ਤ ਦਿੱਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਗਰੀਬ ਪਰਿਵਾਰਾਂ ਦੇ ਬੱਚੇ ਪੜ੍ਹਦੇ ਹਨ ਤੇ ਉੱਥੇ ਵੀ ਮੁਫ਼ਤ ਬਿਜਲੀ ਦੇਣੀ ਚਾਹੀਦੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਵੱਲੋਂ ਸਾਰੇ 19 ਹਜ਼ਾਰ ਸਕੂਲਾਂ ਵਿੱਚ ਸੋਲਰ ਪਲਾਂਟ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 4,238 ਸਕੂਲਾਂ ਵਿੱਚ 5-5 ਕਿਲੋਵਾਟ ਦੇ ਸੋਲਰ ਪਲਾਂਟ ਲੱਗ ਚੁੱਕੇ ਹਨ ਜਦੋਂ ਕਿ 2,400 ਹੋਰ ਸਕੂਲਾਂ ਵਿੱਚ ਸੋਲਰ ਪਲਾਂਟ ਲਗਾਉਣ ਦਾ ਕੰਮ ਚੱਲ ਰਿਹਾ ਹੈ। ਇਸ ਕੰਮ ’ਤੇ ਹੁਣ ਤੱਕ 120 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਸਕੂਲਾਂ ਸਣੇ ਸਾਰੀਆਂ ਸਰਕਾਰੀ ਇਮਾਰਤਾਂ ’ਤੇ ਸੋਲਰ ਪਲਾਂਟ ਲਗਾ ਦਿੱਤੇ ਜਾਣਗੇ ਜਿਸ ਨਾਲ ਸਰਕਾਰ ਦੀ ਜੇਬ੍ਹ ’ਤੇ ਪੈਣ ਵਾਲੇ ਬੋਝ ਨੂੰ ਘਟਾਇਆ ਜਾ ਸਕੇਗਾ।
ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਫ਼ਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਨੇ ਅਧਿਕਾਰੀਆਂ ਵੱਲੋਂ 80 ਹਜ਼ਾਰ ਤੋਂ ਘੱਟ ਆਮਦਨ ਵਾਲੇ ਵਿਅਕਤੀਆਂ ਦਾ ਆਮਦਨ ਸਰਟੀਫਿਕੇਟ ਨਾ ਬਣਾਉਣ ਦਾ ਮਾਮਲਾ ਚੁੱਕਿਆ। ਇਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ੀਰੋ ਆਮਦਨ ਵਾਲੇ ਵਿਅਕਤੀਆਂ ਦੇ ਵੀ ਸਰਟੀਫਿਕੇਟ ਬਣਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਨਵੰਬਰ 2023 ਤੋਂ ਹੁਣ ਤੱਕ 80 ਹਜ਼ਾਰ ਰੁਪਏ ਸਾਲਾਨਾ ਤੋਂ ਘੱਟ ਆਮਦਨ ਦੇ ਦੋ ਲੱਖ ਦੇ ਕਰੀਬ ਲੋਕਾਂ ਦੇ ਸਰਟੀਫਿਕੇਟ ਤਿਆਰ ਕੀਤੇ ਗਏ ਹਨ। ਮੰਤਰੀ ਨੇ ਸਾਰੇ ਅਧਿਕਾਰੀਆਂ ਨੂੂੰ ਚਿਤਾਵਨੀ ਦਿੱਤੀ ਕਿ ਉਹ ਲੋਕਾਂ ਨੂੰ ਗੁੰਮਰਾਹ ਕਰਨ ਦੀ ਥਾਂ ’ਤੇ ਉਨ੍ਹਾਂ ਦੇ ਕੰਮ ਕਰਨ। ਉਨ੍ਹਾਂ ਕਿਹਾ ਕਿ ਜੇ ਕੋਈ ਵੀ ਅਧਿਕਾਰੀ ਲੋਕਾਂ ਨੂੰ ਗੁੰਮਰਾਹ ਕਰਦਾ ਮਿਲਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਡਾ. ਮਨਮੋਹਨ ਸਿੰਘ ਸਮੇਤ ਹੋਰ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ
ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਦਨ ’ਚ ਅੱਜ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਦਨ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਵਿਧਾਇਕ ਗੁਰਪ੍ਰੀਤ ਸਿੰਘ ਬੱਸੀ (ਗੋਗੀ), ਸਾਬਕਾ ਮੰਤਰੀਆਂ ਧਰਮਪਾਲ ਸੱਭਰਵਾਲ ਤੇ ਅਜੈਬ ਮੁਖਮੈਲਪੁਰ, ਸਾਬਕਾ ਰਾਜ ਸਭਾ ਮੈਂਬਰ ਹਰਵਿੰਦਰ ਸਿੰਘ ਹੰਸਪਾਲ, ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ, ਸੁਖਵਿੰਦਰ ਸਿੰਘ ਬੁੱਟਰ, ਭਾਗ ਸਿੰਘ, ਕਰਨੈਲ ਸਿੰਘ, ਕਿੱਕਰ ਸਿੰਘ ਤੇ ਕੇਹਰ ਸਿੰਘ, ਆਰਟਿਸਟ ਜਰਨੈਲ ਸਿੰਘ, ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਦੀ ਪਤਨੀ ਜਸਪਾਲ ਕੌਰ ਅਤੇ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਲਾਲ ਸਿੰਘ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਬੇਨਤੀ ਉੱਤੇ ਜਸਟਿਸ (ਸੇਵਾਮੁਕਤ) ਕੁਲਦੀਪ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਪੁਰਸਕਾਰ ਦਿੱਤੇ ਜਾਣ ਦੀ ਮੰਗ ਕੀਤੀ।
ਸਰਕਾਰੀ ਕਾਲਜਾਂ ਵਿੱਚ 53 ਫ਼ੀਸਦ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਪ੍ਰਬੰਧ ਨੂੰ ਦੇਸ਼ ਦਾ ਸਭ ਤੋਂ ਮਜ਼ਬੂਤ ਸਿੱਖਿਆ ਢਾਂਚਾ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ 53 ਫ਼ੀਸਦ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ ਹਨ। ਸੂਬੇ ਵਿੱਚ ਬੀਐੱਡ ਕੋਰਸ ਕਰਵਾਉਣ ਵਾਲੇ ਚਾਰ ਸਰਕਾਰੀ ਕਾਲਜਾਂ ਸਣੇ ਕੁੱਲ 64 ਕਾਲਜ ਹਨ। ਇਨ੍ਹਾਂ ਵਿੱਚ ਪ੍ਰਿੰਸੀਪਲਾਂ ਦੀਆਂ 34 ਅਸਾਮੀਆਂ ਖਾਲੀ ਹਨ। ਇਹ ਜਾਣਕਾਰੀ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਦਨ ਵਿੱਚ ਸਾਂਝੀ ਕੀਤੀ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਮੰਤਰੀ ਨੂੰ ਸਵਾਲ ਕੀਤਾ ਗਿਆ ਸੀ ਕਿ ਸੂਬੇ ’ਚ ਕੁੱਲ ਕਿੰਨੇ ਸਰਕਾਰੀ ਡਿਗਰੀ ਕਾਲਜ ਹਨ ਅਤੇ ਉਨ੍ਹਾਂ ਵਿੱਚ ਪ੍ਰੋਫੈਸਰਾਂ ਤੇ ਪ੍ਰਿੰਸੀਪਲਾਂ ਦੀਆਂ ਕਿੰਨੀਆਂ ਅਸਾਮੀਆਂ ਖਾਲੀ ਹਨ। ਸਿੱਖਿਆ ਮੰਤਰੀ ਨੇ ਆਪਣੇ ਜਵਾਬ ਵਿੱਚ ਕਿਹਾ ਕਿ 64 ਕਾਲਜਾਂ ਵਿੱਚ ਪ੍ਰੋਫੈਸਰਾਂ ਦੀਆਂ ਅਸਾਮੀਆਂ ਪੱਕੇ ਤੌਰ ’ਤੇ ਮਨਜ਼ੂਰ ਨਹੀਂ ਹਨ ਅਤੇ ਖਾਲੀ ਅਸਾਮੀਆਂ ਭਰਨ ਦਾ ਕੰਮ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਸਰਕਾਰ ਦੇ ਵਿਚਾਰ ਅਧੀਨ ਹੈ। ਬਾਜਵਾ ਨੇ ਸੂਬੇ ਦੇ ਸਰਕਾਰੀ ਕਾਲਜਾਂ ਅਤੇ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਖਾਲੀ ਅਸਾਮੀਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ‘ਆਪ’ ਵੱਲੋਂ ਸਿੱਖਿਆ ਪ੍ਰਬੰਧ ਵਿੱਚ ਸੁਧਾਰ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਸਨ ਪਰ ਉਸ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਫੇਲ੍ਹ ਹੋ ਗਿਆ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ 40 ਫ਼ੀਸਦੀ ਤੋਂ ਵੱਧ ਅਸਾਮੀਆਂ ਖਾਲੀ ਪਈਆਂ ਹਨ ਅਤੇ 1,723 ਸਰਕਾਰੀ ਹਾਈ ਸਕੂਲਾਂ ਵਿੱਚੋਂ ਤਕਰੀਬਨ 47 ਫ਼ੀਸਦ ਵਿੱਚ ਹੈੱਡਮਾਸਟਰ ਨਹੀਂ ਹਨ।
‘ਆਪ’ ਦੇ 32 ਵਿਧਾਇਕ ਕਾਂਗਰਸ ’ਚ ਸ਼ਾਮਲ ਹੋਣ ਲਈ ਤਿਆਰ: ਬਾਜਵਾ
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਦੋ ਰੋਜ਼ਾ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ, ਜੋ ਕਾਂਗਰਸ ਵਿਚ ਆਉਣਾ ਚਾਹੁੰਦੇ ਹਨ। ਉਧਰ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਬੜਾ ਅਫ਼ਸੋਸ ਹੈ ਕਿ ਪੰਜਾਬ ਸਰਕਾਰ ਲੰਬੇ ਸੈਸ਼ਨ ਕਰਵਾਉਣ ਲਈ ਤਿਆਰ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਵੱਲੋਂ ਜਲਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਲ ਦਿੱਤਾ ਜਾਵੇਗਾ। ਸ੍ਰੀ ਬਾਜਵਾ ਨੇ ਸੂਬਾ ਸਰਕਾਰ ’ਤੇ ਮਹਿਲਾਵਾਂ ਨੂੰ ਬੈਂਕ ਖਾਤਿਆਂ ਵਿਚ ਹਜ਼ਾਰ ਰੁਪਏ ਮਹੀਨਾ ਦੇਣ ਦੇ ਚੋਣ ਵਾਅਦੇ ਤੋਂ ਭੱਜਣ ਦਾ ਵੀ ਦੋਸ਼ ਲਾਇਆ। ਉਨ੍ਹਾਂ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ ਪਰ ਸੂਬਾ ਸਰਕਾਰ ਇਸ ਬਾਰੇ ਗੱਲਬਾਤ ਕਰਨ ਤੋਂ ਭੱਜ ਰਹੀ ਹੈ। ‘ਆਪ’ ਵਿਰੋਧੀ ਧਿਰ ਵਿੱਚ ਹੁੰਦਿਆਂ ਵਿਧਾਨ ਸਭਾ ਦੇ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਕਰਦੀ ਸੀ ਪਰ ਸੱਤਾ ’ਚ ਆਉਣ ਤੋਂ ਬਾਅਦ ਉਹ ਸੈਸ਼ਨ ਬੁਲਾਉਣ ਤੋਂ ਭੱਜ ਰਹੀ ਹੈ।