ਜੋਗਿੰਦਰ ਸਿੰਘ ਮਾਨ
ਮਾਨਸਾ, 30 ਮਈ
ਪੰਜਾਬੀ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਰਨ ਸੂਬੇ ਦੀ ਸਿਆਸਤ ਭਖ ਗਈ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੂਸੇਵਾਲਾ ਕਤਲ ਕਾਂਡ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ’ਤੇ ਵੀ ਸਵਾਲ ਚੁੱਕੇ ਹਨ। ਇਸੇ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਪਿੰਡ ਮੂਸਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਅਤੇ ਇਨਸਾਫ਼ ਦੇਣ ਦਾ ਯਕੀਨ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਸ ਦੇ ਪਿੰਡ ਆਉਣਾ ਚਾਹੀਦਾ ਸੀ ਪਰ ਉਨ੍ਹਾਂ ਨੂੰ ਇਸ ਦਾ ਕੋਈ ਫ਼ਿਕਰ ਨਹੀਂ। ਬਾਜਵਾ ਨੇ ਸਵਾਲ ਕੀਤਾ ਕਿ ਜਦੋਂ ਸਿੱਧੂ ਮੂਸੇਵਾਲਾ ਤੋਂ ਗੈਂਗਸਟਰ ਫਿਰੌਤੀਆਂ ਮੰਗ ਕੇ ਧਮਕੀ ਪੱਤਰ ਭੇਜ ਰਹੇ ਸਨ ਤਾਂ ਇਸ ਦਾ ਪਤਾ ਪੰਜਾਬ ਦੇ ਡੀਜੀਪੀ ਨੂੰ ਕਿਉਂ ਨਹੀਂ ਲੱਗਿਆ। ਉਨ੍ਹਾਂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਸਬੰਧੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ। ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਪੰਜਾਬ ਦੇ ਮੱਥੇ ’ਤੇ ਕਲੰਕ ਹੈ ਅਤੇ ਉਸ ਦੀ ਸੁਰੱਖਿਆ ਵਾਪਸ ਲੈਣ ਸਬੰਧੀ ਇੱਕ ਕਮੇਟੀ ਬਣਾ ਕੇ ਸੀਬੀਆਈ ਅਤੇ ਐੱਨਆਈਏ ਤੋਂ ਜਾਂਚ ਕਰਵਾਈ ਜਾਵੇ। ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਸੋਚੀ-ਸਮਝੀ ਸਾਜ਼ਿਸ਼ ਤਹਿਤ ਸਿਆਸੀ ਕਤਲ ਹੋਇਆ ਹੈ, ਜਿਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਇਸ ਮੌਕੇ ਹਰੀਸ਼ ਚੌਧਰੀ, ਵਿਧਾਇਕ ਸੁਖਪਾਲ ਖਹਿਰਾ, ਸੁੱਖ ਸਰਕਾਰੀਆ, ਸਾਧੂ ਸਿੰਘ ਧਰਮਸੋਤ, ਅਜੈਬ ਸਿੰਘ ਭੱਟੀ, ਸੰਦੀਪ ਸੰਧੂ, ਕੁਲਬੀਰ ਸਿੰਘ ਜ਼ੀਰਾ, ਸਿਮਰਨਜੀਤ ਸਿੰਘ ਮਾਨ, ਪ੍ਰੀਤਮ ਸਿੰਘ ਕੋਟਭਾਈ, ਅਜੀਤ ਇੰਦਰ ਸਿੰਘ ਮੋਫ਼ਰ, ਬਿਕਰਮ ਸਿੰਘ ਮੋਫ਼ਰ, ਕਰਮ ਸਿੰਘ ਚੌਹਾਨ, ਸੁਖਵਿੰਦਰ ਸਿੰਘ ਔਲਖ, ਨਾਜਰ ਸਿੰਘ ਮਾਨਸ਼ਾਹੀਆ, ਮਾਈਕਲ ਗਾਗੋਵਾਲ, ਰਣਜੀਤ ਕੌਰ ਭੱਟੀ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸੇ ਦੌਰਾਨ ਇੱਕ ਚਸ਼ਮਦੀਦ ਪ੍ਰਿੰਸ ਨਾਮੀ ਵਿਅਕਤੀ ਅਨੁਸਾਰ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਦਾ ਪਿੱਛਾ ਕਰਦਿਆਂ ਇੱਕ ਵਿਅਕਤੀ ਨੇ ਟਾਇਰ ਵਿੱਚ ਗੋਲੀਆਂ ਮਾਰੀਆਂ ਅਤੇ ਬਾਅਦ ਵਿੱਚ ਇੱਕ ਹੋਰ ਵਿਅਕਤੀ ਨੇ ਏਕੇ-47 ਨਾਲ ਸਿੱਧੂ ਮੂਸੇਵਾਲਾ ’ਤੇ ਅੰਨ੍ਹੇਵਾਹ ਫਾਇਰਿੰਗ ਕੀਤੀ।
ਮੂਸੇਵਾਲਾ ਦੇ ਘਰ ਨਾ ਪੁੱਜਿਆ ਕੋਈ ‘ਆਪ’ ਆਗੂ
ਮਾਨਸਾ (ਪੱਤਰ ਪ੍ਰੇਰਕ): ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂ ਤੇ ਵਿਧਾਇਕ ਨਜ਼ਰ ਨਹੀਂ ਆਏ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵਿੱਚੋਂ ਕੋਈ ਪ੍ਰਮੁੱਖ ਆਗੂ ਪਿੰਡ ਮੂਸਾ ਵਿੱਚ ਸੱਥਰ ’ਤੇ ਦੁੱਖ ਪ੍ਰਗਟ ਕਰਨ ਨਾ ਪੁੱਜਿਆ। ਮੂਸਾ ਪਿੰਡ ਭਾਵੇਂ ਮਾਨਸਾ ਦੇ ਬਿਲਕੁਲ ਨੇੜੇ ਪੈਂਦਾ ਹੈ ਪਰ ਇਹ ਪਿੰਡ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਨਾਲ ਜੁੜਿਆ ਹੋਣ ਕਾਰਨ ਇਸ ਹਲਕੇ ਤੋਂ ਵਿਧਾਇਕ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਕਿਧਰੇ ਦਿਖਾਈ ਨਹੀਂ ਦਿੱਤੇ। ਇਸ ਬਾਰੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਉਸ ਦਾ ਬੜਾ ਨੇੜਲਾ ਦੋਸਤ ਸੀ ਅਤੇ ਉਸ ਦੇ ਜਾਣ ਦਾ ਸਭ ਤੋਂ ਵੱਧ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਉਥੇ ਨੌਜਵਾਨਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਉਨ੍ਹਾਂ ਜਾਣ ਤੋਂ ਗੁਰੇਜ਼ ਕੀਤਾ ਹੈ।
ਦੁਪਹਿਰ ਤੱਕ ਬੰਦ ਰਹੇ ਮਾਨਸਾ ਦੇ ਬਾਜ਼ਾਰ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਰੋਸ ਵਜੋਂ ਵਪਾਰ ਮੰਡਲ ਦੇ ਸੱਦੇ ’ਤੇ ਸ਼ਹਿਰ ਮਾਨਸਾ ਦੇ ਬਾਜ਼ਾਰ, ਦੁਕਾਨਾਂ ਅੱਜ ਦੁਪਹਿਰ ਤੱਕ ਬੰਦ ਰਹੀਆਂ। ਵਪਾਰ ਮੰਡਲ ਮਾਨਸਾ ਦੇ ਪ੍ਰਧਾਨ ਬੱਬੀ ਦਾਨੇਵਾਲੀਆ ਨੇ ਕਿਹਾ ਕਿ ‘ਆਪ’ ਦੀ ਦੋ ਮਹੀਨਿਆਂ ਦੀ ਸਰਕਾਰ ਅੰਦਰ ਅਨੇਕਾਂ ਕਤਲ, ਖੁਦਕੁਸ਼ੀਆਂ, ਲੁੱਟਾਂ-ਖੋਹਾਂ ਅਤੇ ਵਾਰਦਾਤਾਂ ਹੋਈਆਂ ਹਨ, ਜਿਸ ਕਾਰਨ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਇਸੇ ਦੌਰਾਨ ਅੱਜ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੇ ਸਿਵਲ ਹਸਪਤਾਲ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਧਰਨਾ ਲਗਾਇਆ ਉਨ੍ਹਾਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਜਲਦੀ ਹੀ ਕਾਬੂ ਕੀਤੇ ਜਾਣਗੇ ਸਾਰੇ ਮੁਲਜ਼ਮ: ਪੁਲੀਸ ਅਧਿਕਾਰੀ
ਆਈਜੀ ਫਰੀਦਕੋਟ ਰੇਂਜ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਪੂਰੀ ਗੰਭੀਰਤਾ ਅਤੇ ਬਾਰੀਕੀ ਨਾਲ ਜਾਂਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਸਾਰੇ ਪਹਿਲੂਆਂ ਤੇ ਤੱਥਾਂ ਦੇ ਆਧਾਰ ’ਤੇ ਕਾਰਵਾਈ ਅਮਲ ਵਿੱਚ ਲਿਆਵੇਗੀ। ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ ਨੇ ਕਿਹਾ ਕਿ ਇਸ ਕਤਲ ਕਾਂਡ ਨਾਲ ਜੁੜੇ ਸਾਰੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।