ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਜੂਨ
ਪੰਜਾਬ ਵਿਧਾਨ ਸਭਾ ’ਚ ਅੱਜ ਮੱਤੇਵਾੜਾ ਜੰਗਲ ਦੇ ਇਲਾਕੇ ’ਚ ਤਜਵੀਜ਼ਤ ਟੈਕਸਟਾਈਲ ਪਾਰਕ ਤੋਂ ਸਿਆਸੀ ਤੌਖਲੇ ਖੜ੍ਹੇ ਹੋ ਗਏ ਹਨ। ਵਿਰੋਧੀ ਧਿਰ ਨੇ ਵਾਤਾਵਰਨ ਪ੍ਰਦੂਸ਼ਿਤ ਹੋਣ ਦਾ ਖਦਸ਼ਾ ਜ਼ਾਹਰ ਕਰਦਿਆਂ ਇਸ ਦਾ ਵਿਰੋੋਧ ਕੀਤਾ ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਆਸੀ ਚਿੰਤਾਵਾਂ ਦੂਰ ਕਰਨ ਦੀ ਕੋਸ਼ਿਸ਼ ਕੀਤੀ। ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਸਦਨ ਵਿਚ ਧਿਆਨ ਦਿਵਾਊ ਨੋਟਿਸ ਲਿਆਂਦਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੂਮ ਕਲਾਂ ਵਿਚ ਪ੍ਰਸਤਾਵਿਤ ਟੈਕਸਟਾਈਲ ਪਾਰਕ ਵਿੱਚ ਦਰਿਆਈ ਪ੍ਰਦੂਸ਼ਣ ਫੈਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕੇਂਦਰ ਤੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ ਵੱਲੋਂ ਨਿਰਧਾਰਤ ਸਾਰੀਆਂ ਵਾਤਾਵਰਨ ਪ੍ਰਵਾਨਗੀਆਂ ਅਤੇ ਮਾਪਦੰਡਾਂ ਦੀ ਪਾਲਣਾ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਾਰਕ ਦੀ ਸਥਾਪਨਾ ਲਈ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬੇ ਵਿਚ ਨਿਵੇਸ਼ ਵਧੇਗਾ ਤੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੱਤੇਵਾੜਾ ਪ੍ਰਾਜੈਕਟ ਨਾਲ ਵਾਤਾਵਰਨ ਨੂੰ ਬਹੁਤ ਜ਼ਿਆਦਾ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਸੀਵਰੇਜ ਦੇ ਪਾਣੀ ਦਾ ਲੁਧਿਆਣਾ ਸ਼ਹਿਰ ਵਾਸੀਆਂ ’ਤੇ ਮਾੜਾ ਅਸਰ ਪੈ ਰਿਹਾ ਹੈ। ਇਸ ਪ੍ਰਾਜੈਕਟ ’ਤੇ ਸਰਕਾਰ ਮੁੜ ਵਿਚਾਰ ਕਰੇ। ਉਨ੍ਹਾਂ ਸਲਾਹ ਦਿੱਤੀ ਕਿ ਸਰਕਾਰ ਨੂੰ ਗਰੀਨ ਜ਼ੋਨ ਸਥਾਪਤ ਕਰਨ ’ਤੇ ਧਿਆਨ ਦੇਣਾ ਚਾਹੀਦਾ ਹੈ। ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੱਤੇਵਾੜਾ ਪ੍ਰਾਜੈਕਟ ਨਾਲ ਜੰਗਲਾਂ ਦਾ ਉਜਾੜਾ ਹੋਵੇਗਾ ਕਿਉਂਕਿ ਇਹ ਸਤਲੁਜ ਦੇ ਕੰਢੇ ’ਤੇ ਹੈ। ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਮੰਗ ਕੀਤੀ ਕਿ ਪੰਜਾਬ ’ਵਰਸਿਟੀ ਦੇ ਕੇਂਦਰੀਕਰਨ ਨੂੰ ਰੋਕਣ ਲਈ ਆਰਥਿਕ ਪੈਕੇਜ ਦਿੱਤਾ ਜਾਵੇ।