ਬਦਲਾਖੋਰੀ ਲਈ ਸੱਤਾ ਹਾਸਲ ਕਰਨਾ ਚਾਹੁੰਦੇ ਨੇ ਵਿਰੋਧੀ ਆਗੂ: ਭਗਵੰਤ ਮਾਨ
ਮੁੱਖ ਮੰਤਰੀ ਵੱਲੋਂ ਰਾਮਪੁਰਾ ਫੂਲ ’ਚ 63 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਰੇਲਵੇ ਓਵਰਬ੍ਰਿਜ ਦਾ ਉਦਘਾਟਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਲੋਕਾਂ ਦੀ ਸੇਵਾ ਦੀ ਬਜਾਇ ਬਦਲਾਖੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ ਹਨ। ਉਹ ਅੱਜ ਰਾਮਪੁਰਾ ਫੂਲ ਵਿੱਚ 63.55 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਰੇਲਵੇ ਓਵਰਬ੍ਰਿਜ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਬੋਲ ਰਹੇ ਸਨ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਤਿੱਖੇ ਹਮਲੇ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਲੋਕਾਂ ਦੇ ਹਿੱਤਾਂ ਦੀ ਥਾਂ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਖ਼ਜ਼ਾਨੇ ਦੀ ਲੁੱਟ ਕਰਦੀਆਂ ਰਹੀਆਂ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦੇ ਆਗੂਆਂ ’ਤੇ ਦੋਸ਼ ਲਾਇਆ ਕਿ ਉਹ ਗੋਲਕਾਂ ਦਾ ਪੈਸਾ ਲੋਕਾਂ ਦੀ ਭਲਾਈ ਦੀ ਥਾਂ ਆਪਣੇ ਕਾਰੋਬਾਰ ਲਈ ਵਰਤਦੇ ਰਹੇ ਹਨ। ਸ੍ਰੀ ਮਾਨ ਨੇ ਕਿਹਾ ਕਿ ਹੁਣ ਇਹ ਆਗੂ ਲੋਕਾਂ ਦੇ ਸਾਹਮਣੇ ਬੇਨਕਾਬ ਹੋ ਚੁੱਕੇ ਹਨ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਤੇ ਹੋਰ ਹਾਜ਼ਰ ਸਨ।
ਬਰਨਾਲਾ (ਰਵਿੰਦਰ ਰਵੀ/ਪਰਸ਼ੋਤਮ ਬੱਲੀ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐੱਸ ਡੀ ਕਾਲਜ, ਬਰਨਾਲਾ ਵਿੱਚ ਕਰਵਾਏ ਗਏ ਖੇਤਰੀ ਯੁਵਕ ਮੇਲੇ ਵਿੱਚ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਅਤੇ ਦੇਸ਼ ਲਈ ਜਾਨ ਕੁਰਬਾਨ ਕਰਨ ਵਾਲੇ ਹੋਰ ਇਨਕਲਾਬੀ ਨਾਇਕਾਂ ਤੋਂ ਪ੍ਰੇਰਨਾ ਲੈਣ ਲਈ ਕਿਹਾ। ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।
ਮੁੱਖ ਮੰਤਰੀ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸ਼ਖ਼ਸੀਅਤ ਨਿਖਾਰਨ ਲਈ ਮੰਚ ਵਜੋਂ ਕੰਮ ਕਰਦੇ ਹਨ। ਬਰਨਾਲਾ ਦੀ ਅਮੀਰ ਸਾਹਿਤਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਿਲ੍ਹਾ ਭੂਗੋਲਿਕ ਤੌਰ ’ਤੇ ਛੋਟਾ ਹੋ ਸਕਦਾ ਹੈ ਪਰ ਸੰਤ ਰਾਮ ਉਦਾਸੀ, ਰਾਮ ਸਰੂਪ ਅਣਖੀ, ਓਮ ਪ੍ਰਕਾਸ਼ ਗਾਸੋ ਅਤੇ ਬਲਵੰਤ ਗਾਰਗੀ, ਪਰਜਾ ਮੰਡਲ ਲਹਿਰ ਦੇ ਸੰਸਥਾਪਕ ਸੇਵਾ ਸਿੰਘ ਠੀਕਰੀਵਾਲਾ ਅਤੇ ਹੋਰ ਉੱਘੀਆਂ ਸਾਹਿਤਕ ਸ਼ਖ਼ਸੀਅਤਾਂ ਇਸ ਜ਼ਿਲ੍ਹੇ ਨਾਲ ਸਬੰਧਤ ਹਨ। ਇਸੇ ਸਦਕਾ ਬਰਨਾਲਾ ਨੂੰ ਪੰਜਾਬ ਦੀ ਸਾਹਿਤਕ ਰਾਜਧਾਨੀ ਵਜੋਂ ਜਾਣਿਆ ਜਾਂਦਾ ਹੈ।
ਇਸ ਮੌਕੇ ਐੱਸ ਡੀ ਕਾਲਜ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਤਿੰਦਰ ਨਾਥ ਸ਼ਰਮਾ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਆਦਿ ਹਾਜ਼ਰ ਸਨ।
ਬਰਨਾਲਾ ਦੇ ਲੋਕਾਂ ਲਈ ਦੋ ਸੰਸਦ ਮੈਂਬਰ ਹੋਣਾ ਮਾਣ ਵਾਲੀ ਗੱਲ: ਮਾਨ
ਬਰਨਾਲਾ (ਰਵਿੰਦਰ ਰਵੀ): ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਰਾਈਡੈਂਟ ਗਰੁੱਪ ਦਾ ਦੌਰਾ ਕੀਤਾ, ਜਿੱਥੇ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਤੇ ‘ਆਪ’ ਦੇ ਰਾਜ ਸਭਾ ਉਮੀਦਵਾਰ ਪਦਮਸ੍ਰੀ ਰਾਜਿੰਦਰ ਗੁਪਤਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਸ੍ਰੀ ਗੁਪਤਾ ਨਾਲ ਐੱਸ ਡੀ ਕਾਲਜ, ਬਰਨਾਲਾ ਵਿੱਚ ਕਰਵਾਏ ਜਾ ਰਹੇ ਜ਼ੋਨਲ ਮੇਲੇ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਬਰਨਾਲਾ ਦੇ ਲੋਕਾਂ ਲਈ ਦੋ ਸੰਸਦ ਮੈਂਬਰ ਹੋਣਾ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਇੱਕ ਮੋਹਰੀ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਬਰਨਾਲਾ ਤੋਂ ਆਪਣਾ ਕਾਰੋਬਾਰ ਸ਼ੁਰੂ ਕੀਤਾ ਸੀ, ਹੁਣ ਰਾਜ ਸਭਾ ਵਿੱਚ ਪੰਜਾਬ ਦੀ ਆਵਾਜ਼ ਬੁਲੰਦ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਪਤਾ ਨੇ ਨਾ ਸਿਰਫ਼ ਉਦਯੋਗਿਕ ਜਗਤ ਵਿੱਚ ਆਪਣਾ ਨਾਮ ਬਣਾਇਆ ਹੈ, ਸਗੋਂ ਧਾਰਮਿਕ ਅਤੇ ਸਮਾਜਿਕ ਖੇਤਰਾਂ ਵਿੱਚ ਵੀ ਸਰਗਰਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਸ੍ਰੀ ਗੁਪਤਾ ਵਰਗੇ ਉਦਯੋਗਪਤੀ ਵਿਸ਼ਵ ਪੱਧਰ ’ਤੇ ਪੰਜਾਬ ਦਾ ਮਾਣ ਵਧਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਪਤਾ ਦਾ ਰਾਜ ਸਭਾ ਵਿੱਚ ਦਾਖਲਾ ਪੰਜਾਬ ਦੇ ਉਦਯੋਗਿਕ ਵਿਕਾਸ, ਸੂਬੇ ਵਿੱਚ ਨਿਵੇਸ਼ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਵਧਾਉਣ ਲਈ ਨਵੀਂ ਉਮੀਦ ਦੀ ਕਿਰਨ ਦਿੰਦਾ ਹੈ।