ਸਰਬਜੀਤ ਸਿੰਘ ਭੰਗੂ
ਪਟਿਆਲਾ, 7 ਨਵੰਬਰ
ਹਲਕਾ ਸਨੌਰ ਦੇ ਪਿੰਡ ਦੌਣਕਲਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੂੰ ਅੱਜ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਉਹ ਪਿੰਡ ਦੇ ਬਾਹਰ ਸਥਿਤ ਸਕੂਲ ਨੇੜੇ ਇੱਕ ਟਕਸਾਲੀ ਕਾਂਗਰਸੀ ਆਗੂ ਦੀ ਯਾਦ ’ਚ ਬਣੇ ਗੇਟ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ। ਇਸ ਦੌਰਾਨ ਜਦੋਂ ਉਨ੍ਹਾਂ ਦੀਆਂ ਗੱਡੀਆਂ ਦਾ ਕਾਫ਼ਲਾ ਪਿੰਡ ’ਚ ਦਾਖ਼ਲ ਹੋਣ ਲੱਗਾ ਤਾਂ ਝੰਡਿਆਂ ਨਾਲ ਲੈਸ ਕਿਸਾਨ ਯੂਨੀਅਨ ਉਗਰਾਹਾਂ ਦੇ ਕਾਰਕੁਨਾਂ ਨੇ ਉਨ੍ਹਾਂ ਦਾ ਰਾਹ ਡੱਕ ਲਿਆ। ਕਈ ਕਿਸਾਨ ਆਗੂ ਉਨ੍ਹਾਂ ਦੀ ਗੱਡੀ ਅੱਗੇ ਬੈਠ ਗਏ ਅਤੇ ‘ਪ੍ਰਨੀਤ ਕੌਰ ਵਾਪਸ ਜਾਓ’ ਦੇ ਨਾਅਰੇ ਵੀ ਲਾਏ।
ਪ੍ਰਾਪਤ ਜਾਣਕਾਰੀ ਮੁਤਾਬਿਕ ਪੁਲੀਸ ਅਤੇ ਕੁਝ ਕਾਂਗਰਸੀ ਆਗੂਆਂ ਨੇ ਪ੍ਰਨੀਤ ਕੌਰ ਨੂੰ ਪਿੰਡ ਦੇ ਅੰਦਰ ਤੱਕ ਲਿਜਾਣ ਲਈ ਕਿਸਾਨਾਂ ਨਾਲ ਗੱਲਬਾਤ ਕੀਤੀ ਤਾਂ ਕਿਸਾਨ ਉਨ੍ਹਾਂ ਨੂੰ ਪਿੰਡ ’ਚ ਦਾਖਲ ਨਾ ਹੋਣ ਦੇਣ ਲਈ ਬਜ਼ਿੱਦ ਸਨ। ਕਿਸਾਨਾਂ ਦੇ ਰੋਹ ਅੱਗੇ ਝੁਕਦਿਆਂ ਲੋਕ ਸਭਾ ਮੈਂਬਰ ਨੂੰ ਆਪਣੀਆਂ ਗੱਡੀਆਂ ਦਾ ਕਾਫ਼ਲਾ ਵਾਪਸ ਲਿਜਾਣਾ ਪਿਆ।
ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ ਦੀ ਸਹਿਮਤੀ ਨਾਲ ਕੀਤੇ ਗਏ ਇਸ ਐਕਸ਼ਨ ਦੀ ਅਗਵਾਈ ਕਿਸਾਨ ਯੂਨੀਅਨ ਦੀ ਪਿੰਡ ਇਕਾਈ ਦੇ ਪ੍ਰਧਾਨ ਮੱਖਣ ਸਿੰਘ ਦੌਣਕਲਾਂ ਕਰ ਰਹੇ ਸਨ। ਇਸ ਮੌਕੇ ਕਿਸਾਨਾਂ ਨੇ ਪ੍ਰਨੀਤ ਕੌਰ ਅਤੇ ਕਾਂਗਰਸ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਗੁਲਾਬੀ ਸੁੰਡੀ ਕਾਰਨ ਪ੍ਰਭਾਵਿਤ ਨਰਮੇ ਤੇ ਬੇਮੌਸਮੇ ਮੀਂਹ ਤੇ ਗੜਿਆਂ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ ਸਰਕਾਰ ਜਿੰਨਾ ਚਿਰ ਢੁੱਕਵਾਂ ਮੁਆਵਜ਼ਾ ਨਹੀਂ ਦਿੰਦੀ, ਓਨਾ ਚਿਰ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਭਾਜਪਾ ਵਾਂਗ ਹੀ ਕਾਂਗਰਸੀ ਆਗੂਆਂ ਨੂੰ ਵੀ ਪਿੰਡਾਂ ’ਚ ਨਾ ਵੜਨ ਦੇਣ ਦਾ ਸੱਦਾ ਦਿੱਤਾ ਹੋਇਆ ਹੈ।
ਇਸ ਤੋਂ ਪਹਿਲਾਂ ਵੀ ਪਟਿਆਲਾ ਜ਼ਿਲ੍ਹੇ ’ਚ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਸਮੇਤ ਕੁਝ ਚਰਚਿਤ ਅਕਾਲੀ ਤੇ ਕਾਂਗਰਸੀ ਆਗੂਆਂ ਨੂੰ ਵੀ ਵੱਖ-ਵੱਖ ਥਾਵਾਂ ਉੱਤੇ ਕਿਸਾਨਾਂ ਦੇ ਅਜਿਹੇ ਵਿਰੋਧ ਦਾ ਸਾਹਮਣਾ ਕਰਨਾ ਪੈ ਚੁੱਕਾ ਹੈ ਪਰ ਪ੍ਰਨੀਤ ਕੌਰ ਨੂੰ ਪਹਿਲੀ ਵਾਰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ।
ਪਿੰਡਾਂ ਵਿੱਚ ਕਾਂਗਰਸੀਆਂ ਦਾ ਵੀ ਘਿਰਾਓ ਕਰਾਂਗੇ: ਨਿਆਲ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ ਨੇ ਉਗਰਾਹਾਂ ਵੱਲੋਂ ਭਾਜਪਾ ਦੀ ਤਰ੍ਹਾਂ ਹੀ ਕਾਂਗਰਸੀ ਆਗੂਆਂ ਦਾ ਵੀ ਪਿੰਡਾਂ ’ਚ ਆਉਣ ਉੱਤੇ ਘਿਰਾਓ ਕਰਨ ਸਬੰਧੀ ਫ਼ੈਸਲੇ ਦੀ ਪੁਸ਼ਟੀ ਕੀਤੀ ਹੈ। ਨਿਆਲ ਦਾ ਕਹਿਣਾ ਸੀ ਕਿ ਜਿੰਨਾ ਚਿਰ ਪੰਜਾਬ ਸਰਕਾਰ ਖਰਾਬ ਫ਼ਸਲਾਂ ਦਾ ਢੁੱਕਵਾਂ ਮੁਆਵਜ਼ਾ ਜਾਰੀ ਨਹੀਂ ਕਰਦੀ, ਓਨਾ ਚਿਰ ਕਾਂਗਰਸੀ ਆਗੂਆਂ ਦਾ ਵਿਰੋਧ ਜਾਰੀ ਰਹੇਗਾ।