ਵਿਰੋਧੀ ਧਿਰਾਂ ਨੇ ਪੰਜਾਬ ਸਿਰ ਵਧ ਰਹੇ ਕਰਜ਼ੇ ਕਾਰਨ ਸਰਕਾਰ ਘੇਰੀ
‘ਆਪ’ ਸਰਕਾਰ ਨੇ 1500 ਕਰੋਡ਼ ਦਾ ਨਵਾਂ ਕਰਜ਼ਾ ਚੁੱਕ ਕੇ ਕਰਜ਼ੇ ਦੀ ਪੰਡ ਹੋਰ ਭਾਰੀ ਕੀਤੀ: ਮਜੀਠੀਆ
ਆਤਿਸ਼ ਗੁਪਤਾ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ’ਤੇ ਵਧਦੇ ਜਾ ਰਹੇ ਕਰਜ਼ੇ ਕਾਰਨ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵੱਲੋਂ ਪੰਜਾਬ ਸਰਕਾਰ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ ਪਰ ‘ਆਪ’ ਸਰਕਾਰ ਵੱਲੋਂ ਕਰਜ਼ਾ ਲੈਣ ਦਾ ਦਸਤੂਰ ਜਾਰੀ ਹੈ। ਹੁਣ ‘ਆਪ’ ਸਰਕਾਰ ਨੇ 1500 ਕਰੋੜ ਰੁਪਏ ਦਾ ਹੋਰ ਕਰਜ਼ਾ ਲਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ‘ਆਪ’ ਨੇ 1500 ਕਰੋੜ ਰੁਪਏ ਦਾ ਨਵਾਂ ਕਰਜ਼ਾ ਚੁੱਕ ਕੇ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਪੰਡ ਨੂੰ ਹੋਰ ਭਾਰਾ ਕਰ ਦਿੱਤਾ ਹੈ। ਪੰਜਾਬ ਸਰਕਾਰ 1500 ਕਰੋੜ ਰੁਪਏ ਦੀ ਵਰਤੋਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਕਰਨੀ ਚਾਹੀਦੀ ਹੈ, ਜਿਨ੍ਹਾਂ ਦੀਆਂ ਫਸਲਾਂ ਦਾ ਬੇਮੌਸਮੇ ਮੀਂਹ ਤੇ ਗੜੇਮਾਰੀ ਕਰਕੇ ਨੁਕਸਾਨ ਹੋਇਆ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪਿਛਲੇ ਦਿਨੀਂ ਗੁਜਰਾਤ ਵਿਖੇ ਰੈਲੀ ਦੌਰਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ। ਹੁਣ ਸੂਬਾ ਸਰਕਾਰ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਵੇ। ‘ਆਪ’ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨੂੰ ਵਾਅਦਾ ਕੀਤਾ ਸੀ ਕਿ ਉਹ ਪੰਜਾਬ ਨੂੰ ਪੈਰਾਂ ਸਿਰ ਕਰਨ ਲਈ ਨਵਾਂ ਕਰਜ਼ਾ ਨਹੀਂ ਲਏਗੀ, ਬਲਕਿ ਪੁਰਾਣੇ ਕਰਜ਼ੇ ਨੂੰ ਉਤਾਰੇਗੀ ਪਰ ‘ਆਪ’ ਸਰਕਾਰ ਵੇਲੇ ਪੰਜਾਬ ਦਾ ਕਰਜ਼ਾ ਚਾਰ ਲੱਖ ਕਰੋੜ ਰੁਪਏ ਤੋਂ ਟੱਪ ਗਿਆ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਬੇਮੌਸਮੇ ਮੀਂਹ ਤੇ ਗੜੇਮਾਰੀ ਕਰਕੇ ਪੰਜਾਬ ਦੇ ਕਿਸਾਨਾਂ ਦੀਆਂ ਫ਼ਸਲਾਂ ਦਾ ਵਧੇਰੇ ਨੁਕਸਾਨ ਹੋਇਆ ਹੈ। ਇਸ ਲਈ ਪਹਿਲਾਂ ਕਿਸਾਨਾਂ ਦੀਆਂ ਫ਼ਸਲਾਂ ਦੇ ਖਰਾਬੇ ਲਈ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਦਿੱਤਾ ਜਾਵੇ।
ਹਰੇਕ ਪੰਜਾਬੀ ਸਿਰ 1.26 ਲੱਖ ਰੁਪਏ ਦਾ ਕਰਜ਼ਾ: ਰੰਧਾਵਾ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ‘ਆਪ’ ਸਰਕਾਰ ਵੱਲੋਂ ਨਵਾਂ ਵਿੱਤ ਵਰ੍ਹੇ ਚੜ੍ਹਦਿਆਂ ਹੀ 1,500 ਕਰੋੜ ਰੁਪਏ ਦਾ ਨਵਾਂ ਕਰਜ਼ਾ ਲੈਣ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਕਰਜ਼ੇ ਨਾਲ ਸੂਬੇ ਦਾ ਕੁੱਲ ਕਰਜ਼ਾ 4 ਲੱਖ ਕਰੋੜ ਰੁਪਏ ਤੋਂ ਵੱਧ ਹੋ ਗਿਆ ਹੈ, ਜੋ ਸਾਲ ਦੇ ਅੰਤ ਤੱਕ 4.75 ਲੱਖ ਕਰੋੜ ਰੁਪਏ ਤੱਕ ਪਹੁੰਚਣ ਦੀ ਉਮੀਦ ਹੈ। ‘ਆਪ’ ਸਰਕਾਰ ਨੇ ਪੰਜਾਬ ਨੂੰ ਆਰਥਿਕ ਐਮਰਜੈਂਸੀ ਵੱਲ ਧੱਕ ਦਿੱਤਾ ਹੈ। ਅੱਜ ਸੂਬੇ ਦਾ ਹਰ ਵਿਅਕਤੀ ਹੁਣ 1.26 ਲੱਖ ਰੁਪਏ ਤੋਂ ਵੱਧ ਦੇ ਕਰਜ਼ੇ ਹੇਠ ਦੱਬਿਆ ਹੋਇਆ ਹੈ।
ਪੰਜਾਬ ’ਤੇ ਵਧਦਾ ਕਰਜ਼ਾ ਚਿੰਤਾ ਦਾ ਵਿਸ਼ਾ: ਧਾਲੀਵਾਲ
ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦਾ ਕੁੱਲ ਕਰਜ਼ਾ 4 ਲੱਖ ਕਰੋੜ ਰੁਪਏ ਤੋਂ ਵੱਧ ਹੋ ਚੁੱਕਾ ਹੈ, ਜੇ ਇਹੀ ਰਫ਼ਤਾਰ ਰਹੀ ਤਾਂ ਇਹ ਸਾਲ ਦੇ ਅੰਤ ਤੱਕ ਹੋਰ ਵੀ ਖ਼ਤਰਨਾਕ ਪੱਧਰ ਤੱਕ ਪਹੁੰਚ ਜਾਵੇਗਾ। ਕਰਜ਼ਾ ਲੈਣਾ ਗਲਤ ਨਹੀਂ ਹੁੰਦਾ ਪਰ ਇਸ ਦੀ ਵਰਤੋਂ ਉਤਪਾਦਕ ਅਤੇ ਵਿਕਾਸੀ ਕੰਮਾਂ ਵਿੱਚ ਹੋਣੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਰਾਜ ਦੇ ਆਰਥਿਕ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿੰਮੇਵਾਰ ਵਿੱਤੀ ਨੀਤੀਆਂ ਅਪਣਾਈਆਂ ਜਾਣ ਅਤੇ ਕਰਜ਼ੇ ’ਤੇ ਨਿਰਭਰਤਾ ਘਟਾਉਣ ਲਈ ਢੁੱਕਵੇਂ ਕਦਮ ਚੁੱਕੇ ਜਾਣ।

