ਲਖਵੀਰ ਸਿੰਘ ਚੀਮਾ
ਟੱਲੇਵਾਲ, 18 ਫ਼ਰਵਰੀ
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਉਮੀਦਵਾਰ ਕੁਲਵੰਤ ਸਿੰਘ ਪੰਡੋਰੀ ਵੱਲੋਂ ਹਲਕਾ ਮਹਿਲ ਕਲਾਂ ਦੇ ਪਿੰਡਾਂ ਵਿੱਚ ਰੋਡ ਸ਼ੋਅ ਕੱਢਿਆ ਗਿਆ। ਇਸ ਦੌਰਾਨ ‘ਆਪ’ ਉਮੀਦਵਾਰ ਨੂੰ ਪਿੰਡ ਦੀਵਾਨਾ ’ਚ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ। ਵਿਰੋਧ ਪ੍ਰਦਰਸ਼ਨ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਰਮ ਸਿੰਘ, ਹੈਪੀ ਭੁੱਲਰ ਅਤੇ ਹਰਭਜਨ ਸਿੰਘ ਨੇ ਕਿਹਾ ਕਿ ਉਹ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ, ਪੰਜਾਬ ਦੇ ਪਾਣੀਆਂ, ਦਿੱਲੀ ਵਿਚ ਇਕ ਸਿੱਖ ਬੱਚੀ ਨਾਲ ਵਾਪਰੀ ਘਟਨਾ ਤੇ ਹੋਰ ਮੁੱਦਿਆਂ ਨੂੰ ਲੈ ਕੇ ‘ਆਪ’ ਉਮੀਦਵਾਰਾਂ ਨੂੰ ਸਵਾਲ ਕਰਨਾ ਚਾਹੁੰਦੇ ਸਨ ਪਰ ਉਹ ਬਿਨਾਂ ਰੁਕੇ ਹੀ ਲੰਘ ਗਏ। ਉਨ੍ਹਾਂ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਲੋਕਾਂ ਨੂੰ ਆਖ ਰਹੀ ਹੈ ਕਿ ਉਹ ਲੀਡਰਾਂ ਨੂੰ ਸਵਾਲ ਕਰਨ, ਪਰ ਉਨ੍ਹਾਂ ਦੀ ਪਾਰਟੀ ਦੇ ਨੇਤਾ ਲੋਕਾਂ ਦੇ ਸਵਾਲਾਂ ਤੋਂ ਭੱਜ ਰਹੇ ਹਨ।
ਪਿੰਡਾਂ ਵਿੱਚ ਪੰਡੋਰੀ ਨੂੰ ਲੋਕਾਂ ਨੇ ਸੁਣਾਈਆਂ ਖਰੀਆਂ-ਖਰੀਆਂ
ਮਹਿਲ ਕਲਾਂ (ਨਵਕਿਰਨ ਸਿੰਘ): ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਪੰਡੋਰੀ ਵੱਲੋਂ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਹਲਕੇ ਦੇ ਪਿੰਡਾਂ ’ਚ ਰੋਡ ਸ਼ੋਅ ਕੀਤੇ ਗਏ ਤੇ ਕੁਝ ਪਿੰਡਾਂ ਵਿੱਚ ਲੋਕਾਂ ਨੇ ਉਨ੍ਹਾਂ ਨੂੰ ਪੰਜ ਸਾਲ ਦੇ ਕਾਰਜਕਾਲ ਦੌਰਾਨ ਪਿੰਡਾਂ ’ਚੋਂ ਗ਼ੈਰਹਾਜ਼ਰੀ ਸਬੰਧੀ ਸਵਾਲ ਪੁੱਛੇ। ਪਿੰਡ ਵਜੀਦਕੇ ਕਲਾਂ ’ਚ ਜਿੱਥੇ ਲੋਕਾਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਸਵਾਲ ਕੀਤੇ ਉਥੇ ਹੀ ਪਿੰਡ ਕਲਾਲ ਮਾਜਰਾ ’ਚ ਵਿਧਾਇਕ ਪੰਡੋਰੀ ਨੂੰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ ਹੈ। ਪਿੰਡ ਵਜੀਦਕੇ ਕਲਾਂ ’ਚ ਕੁਝ ਲੋਕਾਂ ਨੇ ਵਿਧਾਇਕ ਤੋਂ ਸਵਾਲ ਪੁੱਛੇ ਕਿ ਉਨ੍ਹਾਂ ਪੰਜ ਸਾਲ ਲੋਕਾਂ ਦੀ ਸਾਰ ਕਿਉਂ ਨਹੀਂ ਲਈ ਤੇ ਸਰਕਾਰੀ ਹਸਪਤਾਲਾਂ ’ਚ ਲੋਕਾਂ ਦੀ ਹੁੰਦੀ ਖੱਜਲ ਖੁਆਰੀ ਦਾ ਮੁੱਦਾ ਕਿਉਂ ਨਹੀਂ ਉਠਾਇਆ। ਇਸੇ ਤਰ੍ਹਾਂ ਪਿੰਡ ਕਲਾਲ ਮਾਜਰਾ ਦੇ ਕੁਝ ਲੋਕਾਂ ਨੇ ਵੀ ਵਿਧਾਇਕ ਨੂੰ ਖਰੀਆਂ ਖਰੀਆਂ ਸੁਣਾਈਆਂ।