ਪਾਲ ਸਿੰਘ ਨੌਲੀ
ਜਲੰਧਰ, 20 ਫਰਵਰੀ
‘ਫਾਸ਼ੀ ਹਮਲਿਆਂ ਵਿਰੋਧੀ ਫਰੰਟ’ ਵਿੱਚ ਸ਼ਾਮਲ ਪਾਰਟੀਆਂ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ), ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਅਤੇ ਸੀਪੀਆਈ (ਐੱਮਐੱਲ) ਨਿਊ ਡੈਮੋਕਰੇਸੀ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਵਿੱਚ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਵਿੱਚ ਬੁਲਾਰਿਆਂ ਨੇ ਇਕਸੁਰ ਹੁੰਦਿਆਂ ਅਸਹਿਮਤੀ ਦੀਆਂ ਆਵਾਜ਼ਾਂ ਅਤੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰਾਂ ਨੂੰ ਦਬਾਉਣ ਦੀਆਂ ਫਾਸ਼ੀਵਾਦੀ ਕੋਸ਼ਿਸ਼ਾਂ ਵਿਰੁੱਧ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ। ਦੇਸ਼ ਵਿਆਪੀ ਜਨ ਅੰਦੋਲਨ ਦੇ ਹੱਕ ਵਿੱਚ ਕੀਤੀ ਗਈ ਕਾਨਫਰੰਸ ਦੀ ਪ੍ਰਧਾਨਗੀ ਸਾਥੀ ਦਰਸ਼ਨ ਨਾਹਰ, ਰਜਿੰਦਰ ਮੰਡ ਅਤੇ ਹੰਸ ਰਾਜ ਪੱਬਵਾਂ ਨੇ ਕੀਤੀ। ਬੁਲਾਰਿਆਂ ਨੇ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਨਾਲ ਸਿਰਜੇ ਜਨਤਕ ਖੇਤਰ ਦੇ ਅਦਾਰਿਆਂ ਨੂੰ ਮੁਫ਼ਤੋ-ਮੁਫ਼ਤੀ ਕਾਰਪੋਰੇਟ ਲੋਟੂਆਂ ਹਵਾਲੇ ਕਰਨ ਦੀ ਨੀਤੀ ਖ਼ਿਲਾਫ਼ ਫ਼ੈਸਲਾਕੁਨ ਸੰਗਰਾਮ ਵਿੱਢਣ ਦਾ ਸੱਦਾ ਦਿੱਤਾ। ਕਾਨਫਰੰਸ ਦੌਰਾਨ ਮੰਗ ਕੀਤੀ ਗਈ ਕਿ 26 ਜਨਵਰੀ ਨੂੰ ਗ੍ਰਿਫ਼ਤਾਰ ਕੀਤੇ ਬੇਕਸੂਰ ਕਾਰਕੁਨ ਰਿਹਾਅ ਕੀਤੇ ਜਾਣ ਅਤੇ ਮੋਦੀ ਸਰਕਾਰ ਕਿਸਾਨ ਸੰਘਰਸ਼ ਦੇ ਹਮਾਇਤੀਆਂ ਨੂੰ ਜੇਲ੍ਹੀਂ ਡੱਕਣਾ ਤੇ ਮੁਕੱਦਮਿਆਂ ’ਚ ਉਲਝਾਉਣਾ ਬੰਦ ਕਰੇ। ਇਸ ਮੌਕੇ ਮੰਗਤ ਰਾਮ ਪਾਸਲਾ, ਪ੍ਰਿਥੀਪਾਲ ਸਿੰਘ ਮਾੜੀਮੇਘਾ ਤੇ ਅਜਮੇਰ ਸਿੰਘ ਸਮਰਾ ਉਚੇਚੇ ਤੌਰ ’ਤੇ ਪਹੁੰਚੇ। ਇਸੇ ਦੌਰਾਨ ਪਰਮਜੀਤ ਸਿੰਘ ਰੰਧਾਵਾ, ਨਿਰਮਲ ਮਲਸੀਆਂ, ਤਰਸੇਮ ਪੀਟਰ, ਕਸ਼ਮੀਰ ਸਿੰਘ ਘੁੱਗਸ਼ੋਰ, ਚਰਨਜੀਤ ਸਿੰਘ ਥੰਮੂਵਾਲ ਤੇ ਰਛਪਾਲ ਕੈਲੇ ਨੇ ਵੀ ਵਿਚਾਰ ਰੱਖੇ। ਕਾਨਫਰੰਸ ਦੀ ਸਮਾਪਤੀ ਉਪਰੰਤ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ।