ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਜੂਨ
ਫਰੀਡਮ ਫਾਈਟਰ ਉਤਰਾਅਧਿਕਾਰੀ ਜਥੇਬੰਦੀ ਪੰਜਾਬ ਨੇ ਕੈਪਟਨ ਸਰਕਾਰ ਵੱਲੋਂ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਦਿੱਤੀ ਜਾ ਰਹੀ ਨੌਕਰੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਘਰ-ਘਰ ਨੌਕਰੀ ਦੇਣ ਕੀਤੇ ਵਾਅਦੇ ਤੋਂ ਭੱਜੀ ਕਾਂਗਰਸ ਹੁਣ ਆਪਣੀ ਹੀ ਪਾਰਟੀ ਦੇ ਅਮੀਰ ਪਰਿਵਾਰਾਂ ਦੇ ਨੌਜਵਾਨਾਂ ਨੂੰ ਉਚ ਅਹੁਦੇ ਨਿਵਾਜ ਕੇ ਕਿਹੜਾ ਵਾਅਦਾ ਪੂਰਾ ਕਰ ਰਹੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਨੇ ਕਿਹਾ ਕਿ ਕਾਂਗਰਸੀ ਪਰਿਵਾਰਾਂ ’ਤੇ ਤਰਸ ਕਰਨ ਵਾਲੀ ਕੈਪਟਨ ਸਰਕਾਰ ਨੂੰ ਦੇਸ਼ ਆਜ਼ਾਦ ਕਰਾਉਣ ਵਾਲਿਆਂ ਦੇ ਪਰਿਵਾਰਾਂ ’ਤੇ ਕਦੋਂ ਤਰਸ ਆਵੇਗਾ। ਸ੍ਰੀ ਖਾਲਸਾ ਨੇ ਕਿਹਾ ਕਿ ਦੇਸ਼ ਭਗਤਾਂ ਦੇ ਪਰਿਵਾਰਾਂ ਨੂੰ ਆਪਣੇ ਹੱਕ ਲੈਣ ਲਈ ਧਰਨੇ ਮੁਜ਼ਾਹਰੇ ਕਰਨੇ ਪੈਂਦੇ ਹਨ ਅਤੇ ਦੋ ਵਕਤ ਦੀ ਰੋਟੀ ਲਈ ਜਦੋ-ਜਹਿਦ ਕਰਨੀ ਪੈਂਦੀ ਹੈ ਪਰੰਤੂ ਕਰੋੜਾਂ ਰੁਪਏ ਦੇ ਕਾਰੋਬਾਰ ਵਾਲੇ ਸਿਆਸੀ ਲੀਡਰਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਨਾਲ ਨਿਵਾਜਿਆ ਜਾਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਨੂੰ ਆਜ਼ਾਦ ਕਰਾਉਣ ਵਾਲੇ ਦੇਸ਼ ਭਗਤਾਂ ਦੇ ਪਰਿਵਾਰਾਂ ਨਾਲ ਵਿਤਕਰਾ ਹੋ ਰਿਹਾ ਹੈ।
ਸ੍ਰੀ ਖਾਲਸਾ ਨੇ ਕਿਹਾ ਕਿ ਪੰਜਾਬ ਦੇ ਬੇਰੁਜ਼ਗਾਰ ਮਹੀਨਿਆਂਬੱਧੀ ਪੱਕੇ ਮੋਰਚੇ ਲਗਾ ਕੇ ਸੜਕਾਂ ’ਤੇ ਰੁਲ੍ਹ ਰਹੇ ਹਨ ਅਤੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਟਾਵਰਾਂ ’ਤੇ ਚੜ੍ਹ ਕੇ ਸੰਘਰਸ਼ ਕਰਦੇ ਹਨ ਪਰੰਤੂ ਸਰਕਾਰ ਨੂੰ ਕੋਈ ਤਰਸ ਨਹੀਂ ਆਉਂਦਾ। ਨੌਕਰੀਆਂ ਦੇਣੀਆਂ ਤਾਂ ਦੂਰ ਦੀ ਗੱਲ, ਬੇਰੁਜ਼ਗਾਰਾਂ ਦੀ ਗੱਲ ਨਹੀਂ ਸੁਣੀ ਜਾਂਦੀ। ਜਦੋਂ ਕਿ ਦੂਜੇ ਪਾਸੇ ਆਪਣੀ ਪਾਰਟੀ ਦੇ ਪਰਿਵਾਰਾਂ ਦੇ ਲੜਕਿਆਂ ਨੂੰ ਕਾਨੂੰਨਾਂ ਦੀ ਉਲੰਘਣਾ ਕਰਕੇ ਨੌਕਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਸੁਝਾਅ ਦਿੰਦਿਆਂ ਕਿਹਾ ਕਿ ਜੇਕਰ ਸਰਕਾਰਾਂ ਵਾਕਿਆ ਹੀ ਘਰ-ਘਰ ਨੌਕਰੀ ਪ੍ਰਤੀ ਫ਼ਿਕਰਮੰਦ ਹਨ ਤਾਂ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਜਾਵੇ ਕਿ ਪਤੀ-ਪਤਨੀ ’ਚੋਂ ਇੱਕ ਨੂੰ ਨੌਕਰੀ ਕਰਨ ਦਾ ਅਧਿਕਾਰ ਹੋਵੇ, ਨੌਕਰੀ ਕਰਨ ਵਾਲੇ ਦੀ ਤਨਖਾਹ 40 ਹਜ਼ਾਰ ਤੋਂ ਵੱਧ ਨਾ ਹੋਵੇ, ਸਿਆਸੀ ਲੀਡਰਾਂ ਦੀ ਪੈਨਸ਼ਨ ਬੰਦ ਕੀਤੀ ਜਾਵੇ ਕਿਉਂਕਿ ਉਹ ਲੋਕ ਸੇਵਾ ਲਈ ਵੋਟਾਂ ਮੰਗਦੇ ਹਨ, ਸਿਆਸੀ ਲੀਡਰਾਂ ਦੇ ਬੱਚਿਆਂ ਦੀ ਪੜ੍ਹਾਈ ਸਰਕਾਰੀ ਸਕੂਲਾਂ ਵਿਚ ਯਕੀਨੀ ਬਣਾਈ ਜਾਵੇ ਅਤੇ ਸਰਕਾਰੀ ਹਸਪਤਾਲਾਂ ਵਿਚ ਹੀ ਇਹਨ੍ਹਾਂ ਦਾ ਇਲਾਜ ਹੋਵੇ, ਪ੍ਰਾਈਵੇਟ ਹਸਪਤਾਲਾਂ ਦੇ ਬਿਲ ਸਰਕਾਰੀ ਖਜ਼ਾਨੇ ਵਿਚੋਂ ਪਾਸ ਕਰਨ ’ਤੇ ਪਾਬੰਦੀ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਫਰੀਡਮ ਫਾਈਟਰ ਪਰਿਵਾਰਾਂ ਲਈ ਮੁਫ਼ਤ ਬੱਸ ਪਾਸ ਦੀ ਸਹੂਲਤ ਅਤੇ 300 ਯੂਨਿਟ ਬਿਜਲੀ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਸੀ ਪਰੰਤੂ ਸਾਲ ਬੀਤਣ ਦੇ ਬਾਵਜੂਦ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ।