ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 8 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਦਰਿਆਈ ਪਾਣੀਆਂ ਦੀ ਇੱਕ ਵੀ ਬੂੰਦ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ ਅਤੇ ਪੰਜਾਬ ਦਾ ਪਾਣੀ ਜੇਕਰ ਕਿਸੇ ਵੀ ਹੋਰ ਸੂਬੇ ਨੂੰ ਦੇਣ ਦੀ ਕੋਸ਼ਿਸ਼ ਕੀਤੀ ਗਈ ਤਾਂ ਜਥੇਬੰਦੀ ਇਸ ਦਾ ਡਟ ਕੇ ਵਿਰੋਧ ਕਰੇਗੀ। ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਭਾਈ ਰਣਧੀਰ ਸਿੰਘ ਨਗਰ ਵਿੱਚ ਜਥੇਬੰਦੀ ਦੀ ਮੀਟਿੰਗ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮਤਾ ਪਾਸ ਕਰਕੇ ਸਪਸ਼ਟ ਕੀਤਾ ਗਿਆ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਮੋਰਚਾ ਲਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਉਪਰ ਪੰਜਾਬ ਦਾ ਹੱਕ ਹੈ ਅਤੇ ਯੂਨੀਅਨ ਉਸ ਨੂੰ ਬਚਾਉਣ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਹੈ। ਉਨ੍ਹਾਂ ਕਿਸਾਨਾਂ ਨੂੰ ਇਸ ਲਈ ਕਮਰਕੱਸੇ ਕਰਨ ਦੀ ਅਪੀਲ ਵੀ ਕੀਤੀ।