ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਅਪਰੈਲ
ਸੂਬੇ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਮੰਗ ਪੱਤਰ ਦੇ ਕੇ ਕਿਹਾ ਹੈ ਕਿ ਕੁਝ ਡੇਰਿਆਂ ਵਿੱਚ ਪਾਵਨ ਸਰੂਪ ਦੇ ਨਾਲ ਮੂਰਤੀ ਪੂਜਾ ਵੀ ਕੀਤੀ ਜਾ ਰਹੀ ਹੈ, ਜੋ ਮਨਮਤਿ ਹੈ ਅਤੇ ਇਸ ਨੂੰ ਰੋਕਣ ਲਈ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ। ਮੰਗ ਪੱਤਰ ਦੇਣ ਵਾਲੀਆਂ ਜਥੇਬੰਦੀਆਂ ਵਿੱਚ ਸਿੱਖ ਯੂਥ ਫੈਡਰੇਸ਼ਨ (ਭਿੰਡਰਾਂਵਾਲਾ) ਦੇ ਰਣਜੀਤ ਸਿੰਘ ਦਮਦਮੀ ਟਕਸਾਲ, ਸਤਿਕਾਰ ਕਮੇਟੀ ਦੇ ਬਲਬੀਰ ਸਿੰਘ ਮੁੱਛਲ ਤੇ ਹੋਰ ਹਾਜ਼ਰ ਸਨ। ਜਥੇਬੰਦੀਆਂ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ’ਚ ਜਥੇਦਾਰ ਹਰਪ੍ਰੀਤ ਸਿੰਘ ਦੇ ਨਾਂ ਦਿੱਤੇ ਮੰਗ ਪੱਤਰ ’ਚ ਕਿਹਾ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁਹੱਲਾ ਬਹਾਦਰਪੁਰ ਦੇ ਡੇਰੇ ’ਚ ਪਾਵਨ ਸਰੂਪ ਦੇ ਨਾਲ ਮੂਰਤੀ ਵੀ ਰੱਖੀ ਹੋਈ ਹੈ। ਇਸੇ ਜ਼ਿਲ੍ਹੇ ਦੇ ਇੱਕ ਪਿੰਡ ਬੈਂਸ ਸਤਾਕੀ ’ਚ ਵੀ ਗੁਰੂ ਘਰ ਵਿੱਚ ਮੂਰਤੀ ਰੱਖ ਕੇ ਪੂਜੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖਤ ਦੇ ਹੁਕਮਨਾਮੇ ਮੁਤਾਬਕ ਇਹ ਮਨਮਤਿ ਹੈ। ਉਨ੍ਹਾਂ ਮੰਗ ਕੀਤੀ ਕਿ ਮਨਮਤਿ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਤੇ ਗੁਰੂ ਘਰਾਂ ਵਿੱਚੋਂ ਮੂਰਤੀਆਂ ਨੂੰ ਹਟਾਇਆ ਜਾਵੇ।