ਰਮੇਸ਼ ਭਾਰਦਵਾਜ
ਲਹਿਰਾਗਾਗਾ, 14 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਸੰਗਰੂਰ ਦੇ ਲੋਕਾਂ ਨੂੰ ਛੱਡ ਦਿੱਤਾ ਹੈ ਤੇ ਇਹੀ ਕਾਰਨ ਹੈ ਕਿ ਹੁਣ ਲੋਕ ਉਨ੍ਹਾਂ ਦੀ ਸੰਸਦੀ ਸੀਟ ’ਤੇ ਆਉਂਦੀ ਉਪ ਚੋਣ ਲਈ ਆਮ ਆਦਮੀ ਪਾਰਟੀ ਦਾ ਚੋਣ ਦਫਤਰ ਖੋਲ੍ਹਣ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਪਿੰਡ ਰੱਤਾ ਖੇੜਾ, ਕੋਹਰੀਆਂ, ਖਡਿਆਲ, ਛਾਜਲੀ, ਧਰਮਗੜ੍ਹ ਵਿੱਚ ਪਾਰਟੀ ਤੇ ਪੰਥਕ ਉਮੀਦਵਾਰ ਬੀਬਾ ਕਮਲਦੀਪ ਕੌਰ ਦੇ ਹੱਕ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਬਾਅਦ ਪ੍ਰਸ਼ਾਸਨ ਦੀ ਵਾਗਡੋਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹਵਾਲੇ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਸੰਸਦੀ ਹਲਕੇ ਵਿਚ ਕੋਈ ਵਿਕਾਸ ਕਾਰਜ ਸ਼ੁਰੂ ਨਹੀਂ ਕੀਤਾ ਗਿਆ ਤੇ ਪਹਿਲਾਂ ਤੋਂ ਚੱਲ ਰਹੇ ਵਿਕਾਸ ਕਾਰਜਾਂ ਨੂੰ ਠੱਪ ਕਰ ਦਿੱਤਾ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ‘ਆਪ’ ਸਰਕਾਰ ਨਾ ਤਾਂ ਔਰਤਾਂ ਨੂੰ ਵਾਅਦੇ ਅਨੁਸਾਰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਵੇਗੀ ਤੇ ਨਾ ਹੀ 300 ਯੂਨਿਟ ਮੁਫਤ ਬਿਜਲੀ ਦਾ ਵਾਅਦਾ ਸਿਰੇ ਚੜ੍ਹੇਗਾ।
‘ਆਪ’ ਸਰਕਾਰ ਵਾਅਦੇ ਪੂਰੇ ਕਰਨ ’ਚ ਨਾਕਾਮ ਕਰਾਰ
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਸਾਬਕਾ ਮੰਤਰੀ ਨੁਸਰਤ ਇਕਰਾਮ ਖ਼ਾਂ ਦੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਤੋਂ ਪੰਜਾਬ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਭਗਵੰਤ ਮਾਨ ਸਿਰਫ ਨਾਂ ਦੇ ਹੀ ਮੁੱਖ ਮੰਤਰੀ ਹਨ ਤੇ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਨਾਕਾਮ ਸਿੱਧ ਹੋ ਰਹੀ ਹੈ।