ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 23 ਜੂਨ
ਪੰਜਾਬ ਸਰਕਾਰ ਵੱਲੋਂ ਬਠਿੰਡਾ ਵਿੱਚ ਗੁਰੂ ਨਾਨਕ ਦੇਵ ਦੀ ਯਾਦ ਵਿਚ ਬਣੇ ਥਰਮਲ ਪਲਾਂਟ ਦੀ ਜ਼ਮੀਨ ਵੇਚਣ ਦੇ ਫ਼ੈਸਲੇ ਦੀ ਸ਼੍ਰੋਮਣੀ ਕਮੇਟੀ ਨੇ ਨਿਖੇਧੀ ਕੀਤੀ ਹੈ। ਇਸ ਫੈਸਲੇ ਨੂੰ ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਦੇ ਵਿਰੁੱਧ ਕਰਾਰ ਦਿੰਦਿਆਂ ਉਨ੍ਹਾਂ ਮੁੱਖ ਮੰਤਰੀ ਨੂੰ ਇਹ ਫ਼ੈਸਲਾ ਮੁੜ ਵਿਚਾਰਨ ਦੀ ਅਪੀਲ ਕੀਤੀ ਹੈ।
ਜਥੇਬੰਦੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਸੂਬੇ ਵਿੱਚੋਂ ਸਿੱਖ ਵਿਰਾਸਤ ਨੂੰ ਮਿਟਾਉਣ ਵਾਲਾ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਦੇ 500 ਸਾਲਾ ਪ੍ਰਕਾਸ਼ ਪੁਰਬ ਮੌਕੇ ਇਹ ਥਰਮਲ ਪਲਾਂਟ ਸਥਾਪਤ ਕੀਤਾ ਗਿਆ ਸੀ ਅਤੇ ਹੁਣ 550ਵੇਂ ਪ੍ਰਕਾਸ਼ ਵਰ੍ਹੇ ਦੌਰਾਨ ਇਸ ਨੂੰ ਸਰਕਾਰ ਵੱਲੋਂ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੀ ਯਾਦ ਵਿਚ ਬਣੇ ਥਰਮਲ ਪਲਾਂਟ ਦੀ ਹੋਂਦ ਨੂੰ ਬਚਾਈ ਰੱਖਣ ਲਈ ਕੈਬਨਿਟ ਦੇ ਫੈਸਲੇ ’ਤੇ ਮੁੜ ਵਿਚਾਰ ਕਰਨ।
ਹਰਸਿਮਰਤ ਬਾਦਲ ਵੱਲੋਂ ਨਿਖੇਧੀ
ਬਠਿੰਡਾ (ਪੱਤਰ ਪ੍ਰੇਰਕ): ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੇ ਫੇਸਬੁੱਕ ਪੇਜ ’ਤੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ 2017 ਦੀਆਂ ਚੋਣਾਂ ’ਚ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਮੁੜ ਸੁਰਜੀਤ ਕਰਨ ਦਾ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪਹਿਲਾਂ ਉਸ ਨੂੰ ਬੰਦ ਕਰ ਦਿੱਤਾ ਅਤੇ ਹੁਣ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੇ ਵਰ੍ਹੇ ਵਿੱਚ ਇਸ ਦੀ ਜ਼ਮੀਨ ਦੀ ਨਿਲਾਮੀ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਫ਼ੈਸਲਾ ਵਿਰੁੱਧ ਸੰਘਰਸ਼ ਕਰੇਗਾ।