ਕੁਲਦੀਪ ਸਿੰਘ
ਚੰਡੀਗੜ੍ਹ, 25 ਜੂਨ
ਮੁਲਾਜ਼ਮ ਜਥੇਬੰਦੀ ਪੀਐਸਐਮਐਸਯੂ ਦੇ ਸੱਦੇ ’ਤੇ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਖ਼ਿਲਾਫ਼ ਸ਼ੁਰੂ ਕੀਤੀਆਂ ਰੋਸ ਰੈਲੀਆਂ ਦੇ ਮੱਦੇਨਜ਼ਰ ਅੱਜ ਜਿੱਥੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਹੜਤਾਲ ਜਾਰੀ ਰਹੀ, ਉੱਥੇ ਹੀ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਸਣੇ ਸਥਾਨਕ ਸਰਕਾਰਾਂ ਵਿਭਾਗ, ਮੁੱਖ ਭੂਮੀ ਪਾਲ ਵਿਭਾਗ, ਟਰਾਂਸਪੋਰਟ ਵਿਭਾਗ, ਫੂਡ ਐਂਡ ਸਪਲਾਈ ਵਿਭਾਗ, ਕੋਆਪ੍ਰੇਟਿਵ ਵਿਭਾਗ, ਵਿੱਤ ਤੇ ਯੋਜਨਾ ਭਵਨ, ਸਿਹਤ ਵਿਭਾਗ ਸੈਕਟਰ-34, ਤਕਨੀਕੀ ਸਿੱਖਿਆ ਵਿਭਾਗ, ਜਲ ਸਰੋਤ ਵਿਭਾਗ ਆਦਿ ਵਿਚ ਵੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ ਕੀਤੀਆਂ ਗਈਆਂ।
ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ, ਪੀਐਸਐਮਐਸਯੂ ਦੇ ਸੂਬਾ ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ, ਸੁਸ਼ੀਲ ਕੁਮਾਰ, ਅਲਕਾ ਚੋਪੜਾ, ਸੁਪਰਡੈਂਟ ਐਸੋਸੀਏਸ਼ਨ ਦੇ ਗੁਰਿੰਦਰ ਸਿੰਘ ਭਾਟੀਆ, ਪਰਸਨਲ ਸਟਾਫ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਲਕੀਤ ਸਿੰਘ ਔਜਲਾ, ਸਕੱਤਰੇਤ ਸਟਾਫ਼ ਐਸੋਸੀਏਸ਼ਨ ਤੋਂ ਗੁਰਪ੍ਰੀਤ ਸਿੰਘ, ਚੌਥਾ ਦਰਜਾ ਯੂਨੀਅਨ ਦੇ ਬਲਰਾਜ ਸਿੰਘ ਦਾਊਂ ਆਦਿ ਨੇ ਕਿਹਾ ਕਿ ਸਰਕਾਰ ਨੇ ਛੇਵੇਂ ਤਨਖ਼ਾਹ ਕਮਿਸ਼ਨ ਵਿੱਚ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਧਣ ਦੀ ਬਜਾਇ ਪੰਜ ਤੋਂ ਦਸ ਹਜ਼ਾਰ ਰੁਪਏ ਘਟ ਰਹੀਆਂ ਹਨ। ਜੇ ਸਰਕਾਰ ਨੇ ਸੋਧ ਕੇ ਤਨਖ਼ਾਹ ਕਮਿਸ਼ਨ ਨੂੰ ਮੁਲਾਜ਼ਮ ਹਿਤੈਸ਼ੀ ਨਾ ਬਣਾਇਆ ਤਾਂ ਲੰਬਾ ਸੰਘਰਸ਼ ਵਿੱਢਿਆ ਜਾਵੇਗਾ।
ਰੈਲੀ ਨੂੰ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂਟੀ ਦੇ ਕਨਵੀਨਰ ਰੰਜੀਵ ਸ਼ਰਮਾ, ਸਹਿਕਾਰਤਾ ਵਿਭਾਗ ਦੇ ਸੂਬਾ ਪ੍ਰਧਾਨ ਜਸਮਿੰਦਰ ਸਿੰਘ, ਪੰਜਾਬ ਟਰਾਂਸਪੋਰਟ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਜਗਜੀਵਨ ਸਿੰਘ, ਸੁਖਚੈਨ ਸਿੰਘ, ਸ਼ੁਭਮ ਵਾਲੀਆ, ਦਰਜਾ 4 ਕਰਮਚਾਰੀ ਐਸੋਸੀਏਸ਼ਨ ਚੰਡੀਗੜ੍ਹ ਦੇ ਪ੍ਰਧਾਨ ਜਾਜਿੰਦਰ ਸਿੰਘ ਨੇ ਸੰਬੋਧਨ ਕੀਤਾ। ਫੂਡ ਐਂਡ ਸਪਲਾਈ ਵਿਭਾਗ ਤੋਂ ਦਵਿੰਦਰ ਬੈਨੀਪਾਲ ਦੀ ਅਗਵਾਈ ਹੇਠ ਸੈਕਟਰ 39 ਸਥਿਤ ਅਨਾਜ ਭਵਨ ਵਿਚ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਜਗਜੀਤ ਸਿੰਘ ਦੀ ਅਗਵਾਈ ਹੇਠ ਮੁਹਾਲੀ ਵਿਚ ਰੋਸ ਰੈਲੀ ਕੀਤੀ ਗਈ। ਬੁਲਾਰਿਆਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਲੋਕ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ।
ਅਕਾਲੀ ਦਲ ਦੇ ਮੁਲਾਜ਼ਮ ਫਰੰਟ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ
ਪਟਿਆਲਾ (ਰਵੇਲ ਸਿੰਘ ਭਿੰਡਰ): ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮੁਲਾਜ਼ਮ ਫਰੰਟ ਪੰਜਾਬ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਸਾੜਨ ਮਗਰੋਂ ਸਮੁੱਚੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ। ਜਥੇਬੰਦੀ ਦੇ ਦਫ਼ਤਰ ਵਿੱਚ ਸੂਬਾਈ ਪ੍ਰਧਾਨ ਬਾਜ ਸਿੰਘ ਖਹਿਰਾ, ਸਕੱਤਰ ਜਨਰਲ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਫਰੰਟ ਦੇ ਸੱਦੇ ’ਤੇ ਅੱਜ ਤਰਨ ਤਾਰਨ, ਅੰਮ੍ਰਿਤਸਰ, ਪਟਿਆਲਾ, ਮੁਹਾਲੀ, ਰੋਪੜ, ਬਠਿੰਡਾ, ਮੁਕਤਸਰ, ਸੰਗਰੂਰ, ਬਰਨਾਲਾ, ਲੁਧਿਆਣਾ, ਗੁਰਦਾਸਪੁਰ, ਪਠਾਨਕੋਟ, ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਨਵਾਂ ਸ਼ਹਿਰ, ਜਲੰਧਰ ਆਦਿ ਸ਼ਹਿਰਾਂ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਂ ਉਨ੍ਹਾਂ ਦੇ ਦਫ਼ਤਰ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਗਏ। ਇਸੇ ਦੌਰਾਨ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕਰ ਕੇ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ।