ਦਵਿੰਦਰ ਪਾਲ
ਚੰਡੀਗੜ੍ਹ, 21 ਜੁਲਾਈ
ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਨੇਤਾਵਾਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਅੱਗੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ’ਤੇ ਜਾਰੀ ਧਰਨਿਆਂ ਦੌਰਾਨ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਵੱਲੋਂ ਸੰਸਦ ਵਿੱਚ ਦਿੱਤੇ ਗਏ ਬਿਆਨ ਦਾ ਮੁੱਦਾ ਭਾਰੂ ਰਿਹਾ। ਆਗੂਆਂ ਨੇ ਮੋਦੀ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਖੇਤੀ ਮੰਤਰੀ ਨੇ ਕਿਸਾਨ ਅੰਦੋਲਨ ਦੌਰਾਨ ਕੁਰਬਾਨੀਆਂ ਦੇਣ ਵਾਲੇ ਕਿਸਾਨਾਂ ਦਾ ਕੋਈ ਅੰਕੜਾ ਅਤੇ ਸਬੰਧਤ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਕੋਈ ਤਜਵੀਜ਼ ਨਾ ਹੋਣ ਦਾ ਪ੍ਰਗਟਾਵਾ ਕਰਕੇ ਭਾਜਪਾ ਆਗੂਆਂ ਦੇ ਲੋਕ ਵਿਰੋਧੀ ਅਤੇ ਅਸੰਵੇਦਨਸ਼ੀਲ ਹੋਣ ਦਾ ਸਬੂਤ ਦਿੱਤਾ ਹੈ। ਬੁਲਾਰਿਆਂ ਨੇ ਕਿਹਾ ਕਿ ਕੇਂਦਰੀ ਮੰਤਰੀ ਦਾ ਪ੍ਰਗਟਾਵਾ ਹਾਕਮਾਂ ਦੀ ਹੱਠਧਰਮੀ, ਹੰਕਾਰ ਤੇ ਕਿਸਾਨੀ ਮੰਗਾਂ ਪ੍ਰਤੀ ਗੈਰਸੰਜੀਦਗੀ ਨੂੰ ਦਰਸਾਉਂਦਾ ਹੈ।
ਬੁਲਾਰਿਆਂ ਨੇ ਕਿਹਾ ਕਿ ਹੁਣ ਤੱਕ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਹੋਰਨਾਂ ਸੂਬਿਆਂ ਦੇ 582 ਤੋਂ ਵੱਧ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋ ਚੁੱਕੇ ਹਨ ਪਰ ‘ਮਨ ਕੀ ਬਾਤ’ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਅੱਜ ਤੱਕ ਇਨ੍ਹਾਂ ਕਿਸਾਨਾਂ ਲਈ ਹਮਦਰਦੀ ਦਾ ਇੱਕ ਵੀ ਸ਼ਬਦ ਨਹੀਂ ਸਰਿਆ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ 22 ਜੁਲਾਈ ਤੋਂ ਸੰਸਦ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਹੋਇਆ ਹੈ, ਜਿਸ ਲਈ ਕਿਸਾਨਾਂ ’ਚ ਭਾਰੀ ਉਤਸ਼ਾਹ ਹੈ।
ਆਗੂਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਚਾਚਾ ਤੇ ਆਜ਼ਾਦੀ ਘੁਲਾਟੀਏ ਸਵਰਨ ਸਿੰਘ ਅਤੇ ਸਾਥੀ ਬੀਕੇ ਦੱਤ ਅੱਜ ਦੇ ਦਿਨ ਹੀ ਸਦੀਵੀ ਵਿਛੋੜਾ ਦੇ ਗਏ ਸਨ। ਸੰਘਰਸ਼ੀ ਅਖਾੜਿਆਂ ’ਚ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਸ਼ਹੀਦ ਕਿਸਾਨਾਂ ਬਾਰੇ ਤੋਮਰ ਦਾ ਬਿਆਨ ਮੰਦਭਾਗਾ: ਦੀਪਸਿੰਘ ਵਾਲਾ
ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਵੱਲੋਂ ਕਿਸਾਨ ਸੰਘਰਸ਼ ’ਚ ਸ਼ਹੀਦ ਹੋਏ ਕਿਸਾਨਾਂ ਬਾਰੇ ਜਾਣਕਾਰੀ ਨਾ ਹੋਣ ਵਾਲੇ ਬਿਆਨ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੰਤਰੀ ਨੇ ਲੋਕ ਸਭਾ ਵਿੱਚ ਝੂਠ ਬੋਲੇ ਕੇ ਸੰਸਦ ਨੂੰ ਗੁਮਰਾਹ ਕੀਤਾ ਹੈ ਕਿ ਦਿੱਲੀ ਦੀਆਂ ਹੱਦਾਂ ’ਤੇ ਚੱਲ ਰਹੇ ਸੰਘਰਸ਼ ’ਚ ਸ਼ਹੀਦ ਹੋਏ ਕਿਸਾਨਾਂ ਦਾ ਸਰਕਾਰ ਕੋਲ ਕੋਈ ਰਿਕਾਰਡ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿੰਨੇ ਵੀ ਕਿਸਾਨ ਦਿੱਲੀ ਹੱਦ ’ਤੇ ਮੋਰਚੇ ਦੌਰਾਨ ਸ਼ਹੀਦ ਹੋਏ ਹਨ, ਉਨ੍ਹਾਂ ਬਾਰੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ ਪੋਸਟਮਾਰਟਮ ਰਿਪੋਰਟਾਂ ਦਰਜ ਹਨ। ਦੀਪ ਸਿੰਘ ਵਾਲਾ ਨੇ ਕਿਹਾ ਕਿ ਸਰਕਾਰ ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਤੋਂ ਭੱਜਦੀ ਹੋਈ ਇਹ ਬਿਆਨ ਦੇ ਰਹੀ ਹੈ। ਉਨ੍ਹਾਂ ਲੋਕਾਂ ਨੂੰ ਦਿੱਲੀ ਹੱਦਾਂ ’ਤੇ ਪਹੁੰਚਣ ਦੀ ਅਪੀਲ ਕੀਤੀ। ਜਥੇਬੰਦੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਮਰਜੀਤ ਹਨੀ ਅਤੇ ਜ਼ਿਲ੍ਹਾ ਸਕੱਤਰ ਪਾਲੀ ਲਹਿਰਾ ਮੁਹੱਬਤ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ’ਚੋਂ ਵੱਡੀ ਗਿਣਤੀ ਵਿੱਚ ਯੂਨੀਅਨ ਦੇ ਵਰਕਰ ਦਿੱਲੀ ਜਾ ਰਹੇ ਹਨ।