ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 28 ਅਗਸਤ
ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਅੱਜ ਪਿੰਡ ਫੱਗੂਵਾਲਾ ਵਿੱਚ ਬੇਰੁਜ਼ਗਾਰ ਅਧਿਆਪਕਾਂ ਅਤੇ ਰਾਮਪੁਰਾ ਵਿੱਚ ਪਿੰਡ ਵਾਸੀਆਂ ਵੱਲੋਂ ਕਾਲੀਆਂ ਝੰਡੀਆਂ ਦਿਖਾ ਕੇ ਤਿੱਖਾ ਵਿਰੋਧ ਕੀਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਅੱਜ ਭਵਾਨੀਗੜ੍ਹ ਦੇ ਪਿੰਡ ਫੱਗੂਵਾਲਾ ਵਿਚਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਪਹੁੰਚੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਖ਼ਿਲਾਫ਼ ਅਚਾਨਕ ਦਰਜਨ ਭਰ ਬੇਰੁਜ਼ਗਾਰ ਅਧਿਆਪਕਾਂ ਨੇ ਚੰਡੀਗੜ੍ਹ-ਬਠਿੰਡਾ ਕੌਮੀ ਮਾਰਗ ’ਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਮੌਕੇ ’ਤੇ ਮੌਜੂਦ ਭਾਰੀ ਪੁਲੀਸ ਬਲ ਨੇ ਨਾਅਰੇਬਾਜ਼ੀ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈ ਕੇ ਥਾਣਾ ਭਵਾਨੀਗੜ੍ਹ ਵਿੱਚ ਡੱਕ ਦਿੱਤਾ। ਸਾਂਝੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ, ਗਗਨਦੀਪ ਕੌਰ ਅਤੇ ਅਮਨ ਸੇਖਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਬੇਰੁਜ਼ਗਾਰਾਂ ਵਿੱਚ ਸੰਦੀਪ ਸਿੰਘ ਗਿੱਲ, ਕੁਲਵੰਤ ਸਿੰਘ ਲੌਂਗੋਵਾਲ, ਕਿਰਨਦੀਪ ਕੌਰ ਈਸੜਾ, ਮਮਤਾ, ਗੁਰਜੰਟ ਸਿੰਘ, ਕੁਲਜੀਤ ਸਿੰਘ ਅਤੇ ਸੁਖਵੀਰ ਸਿੰਘ ਬਠਿੰਡਾ ਆਦਿ ਸ਼ਾਮਲ ਹਨ। ਥਾਣਾ ਮੁਖੀ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਅਧਿਆਪਕਾਂ ਨੂੰ ਇਹਤਿਆਤ ਵਜੋਂ ਹਿਰਾਸਤ ਵਿੱਚ ਲਿਆ ਗਿਆ ਹੈ।
ਇਸ ਤੋਂ ਬਾਅਦ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਪਿੰਡ ਰਾਮਪੁਰਾ ਜਾਣਾ ਸੀ ਪਰ ਪਿੰਡ ਵਾਸੀ ਪਹਿਲਾਂ ਹੀ ਕਾਲੀਆਂ ਝੰਡੀਆਂ ਲੈ ਕੇ ਰਾਹ ਵਿੱਚ ਖੜ੍ਹੇ ਹੋ ਗਏ। ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਜਿਸ ਮਗਰੋਂ ਉਹ ਦੂਜੇ ਰਸਤੇ ਤੋਂ ਬੜੀ ਮੁਸ਼ਕਿਲ ਨਾਲ ਪਿੰਡ ਪਹੁੰਚੇ। ਇਸ ਮੌਕੇ ਗਗਨਦੀਪ ਸਿੰਘ, ਪਰਵਿੰਦਰ ਸਿੰਘ, ਕਰਮਜੀਤ ਸਿੰਘ, ਗੁਰਦੀਪ ਸਿੰਘ, ਜਸਪ੍ਰੀਤ ਸਿੰਘ, ਸੁਰਿੰਦਰ ਕੌਰ, ਪਰਮਜੀਤ ਕੌਰ, ਕਿਰਪਾਲ ਕੌਰ ਅਤੇ ਸਰਬਜੀਤ ਕੌਰ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਉਹ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਪਿੰਡ ਵਿੱਚ ਦਾਖਲ ਨਹੀਂ ਹੋਣ ਦੇਣਗੇ।