ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਜੁਲਾਈ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਨੇ ਡੀਜ਼ਲ ਚੋਰੀ ਕਰਨ ਵਾਲੇ ਦੋ ਡਰਾਈਵਰ ਕਾਬੂ ਕੀਤੇ ਹਨ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐੱਡ ਨੇ ਬੀਤੇ ਦਿਨੀਂ ਹਰਿਆਣਾ ਵਿੱਚ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਸਿਰਸਾ ਬੱਸ ਸਟੈਂਡ ’ਤੇ ਬੀਤੀ ਰਾਤ 10.30 ਵਜੇ ਕੀਤੀ ਗਈ ਚੈਕਿੰਗ ਦੌਰਾਨ ਪਨਬੱਸ ਡਿਪੂ ਰੂਪਨਗਰ ਦੀ ਇੱਕ ਬੱਸ ਦੇ ਡਰਾਈਵਰ ਰਾਜਪਾਲ ਸਿੰਘ ਨੂੰ ਕਰੀਬ 20 ਲਿਟਰ ਡੀਜ਼ਲ ਚੋਰੀ ਕਰਦਿਆਂ ਰੰਗੇ-ਹੱਥੀਂ ਕਾਬੂ ਕੀਤਾ ਗਿਆ। ਇਸੇ ਤਰ੍ਹਾਂ ਹਿਸਾਰ (ਹਰਿਆਣਾ) ਦੇ ਬੱਸ ਸਟੈਂਡ ’ਤੇ ਰਾਤ ਵੇਲੇ ਚੈਕਿੰਗ ਦੌਰਾਨ ਪਨਬੱਸ ਡਿਪੂ ਸ੍ਰੀ ਮੁਕਤਸਰ ਸਾਹਿਬ ਦੀ ਇੱਕ ਬੱਸ ਦੇ ਡਰਾਈਵਰ ਲਖਵਿੰਦਰ ਸਿੰਘ ਨੂੰ ਕਰੀਬ 15 ਲਿਟਰ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਫੜਿਆ ਗਿਆ ਹੈ।