ਖੇਤਰੀ ਪ੍ਰਤੀਨਿਧ
ਬਰਨਾਲਾ, 2 ਅਪਰੈਲ
ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਹੇਠ ਹੋਈ ਯੂਨੀਅਨ ਦੀ ਮੀਟਿੰਗ ਦੌਰਾਨ ਸੂਬੇ ਭਰ ਤੋਂ 15 ਜ਼ਿਲ੍ਹਿਆਂ ਦੇ ਪ੍ਰਧਾਨਾਂ/ਸਕੱਤਰਾਂ ਨੇ ਹਿੱਸਾ ਲਿਆ। ਇਸ ਦੌਰਾਨ ਸ੍ਰੀ ਬੁਰਜਗਿੱਲ ਮਨਜੀਤ ਧਨੇਰ, ਗੁਰਦੀਪ ਰਾਮਪੁਰਾ ਅਤੇ ਬਲਵੰਤ ਉੱਪਲੀ ਨੇ ਕਿਹਾ ਕਿ ਕੇਂਦਰ ਵੱਲੋਂ ਪ੍ਰੀਪੇਡ ਮੀਟਰ ਲਾਉਣ ਦਾ ਦਿੱਤਾ ਗਿਆ ਫ਼ਰਮਾਨ ਪੰਜਾਬ ਦੇ ਲੋਕਾਂ ਨਾਲ ਧੱਕਾ ਹੈ। ਕੇਂਦਰੀ ਹਕੂਮਤ ਲਗਾਤਾਰ ਪੰਜਾਬ ਦੇ ਹੱਕਾਂ ’ਤੇ ਡਾਕੇ ਮਾਰ ਰਹੀ ਹੈ। ਪਹਿਲਾਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੇ ਮਕਸਦ ਨਾਲ ਭਾਖੜਾ ਬਿਆਸ ਮੈਨੇਜਮੈਂਟ ਰੂਲਜ਼ 1974 ਵਿੱਚ ਬਦਲਾਅ ਕਰ ਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵਿੱਚ ਪੰਜਾਬ ਦੀ ਪੱਕੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਮਗਰੋਂ ਚੰਡੀਗੜ੍ਹ ਨੂੰ ਪੱਕੇ ਤੌਰ ’ਤੇ ਕੇਂਦਰ ਅਧੀਨ ਕਰਨ ਦੇ ਪਹਿਲੇ ਪੜਾਅ ਵਜੋਂ ਉੱਥੇ ਕੰਮ ਕਰਦੇ ਹਜ਼ਾਰਾਂ ਮੁਲਾਜ਼ਮਾਂ ਲਈ ਪੰਜਾਬ ਦੀ ਥਾਂ ਕੇਦਰ ਦੇ ਸਰਵਿਸ ਰੂਲ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਅਤੇ ਹੁਣ ਘਰਾਂ ਵਿੱਚ ਬਿਜਲੀ ਦੇ ਪ੍ਰੀਪੇਡ ਮੀਟਰ ਲਾਉਣ ਦਾ ਫ਼ਰਮਾਨ ਵੀ ਇਸੇ ਨੀਤੀ ਦਾ ਰੂਪ ਹੈ। ਇਸ ਤਹਿਤ ਗਰੀਬ ਕਿਸਾਨਾਂ-ਮਜ਼ਦੂਰਾਂ ਨੂੰ ਬਿਜਲੀ ਤੋਂ ਵਾਂਝਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕੇਂਦਰੀ ਹਕੂਮਤ ਦੇ ਇਨ੍ਹਾਂ ਫੈਸਲਿਆਂ ਦਾ ਵਿਰੋਧ ਕਰਦਿਆਂ ਮੋੜਵਾਂ ਜਵਾਬ ਦੇਣ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰੀ ਹਕੂਮਤ ਦੀ ਧੱਕੇਸ਼ਾਹੀ ਤੇ ਵਾਅਦਾਖਿਲਾਫ਼ੀ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਲਈ ਤਿਆਰ ਹੈ।