ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਅਗਸਤ
ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਏਡਿਡ ਤੇ ਪ੍ਰਾਈਵੇਟ ਕਾਲਜਾਂ ਵਿੱਚ ਹੋਈਆਂ ਬੇਨਿਯਮੀਆਂ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਉੱਚੇਰੀ ਵਿਭਾਗ ਦੀ ਸਮੀਖਿਆ ਦੌਰਾਨ ਮੀਤ ਹੇਅਰ ਨੇ ਇਹ ਫ਼ੈਸਲਾ ਲਿਆ ਹੈ। ਮੀਟਿੰਗ ਵਿੱਚ ਏਡਿਡ ਅਤੇ ਪ੍ਰਾਈਵੇਟ ਕਾਲਜਾਂ ਵਿੱਚ ਹੋਈਆਂ ਬੇਨਿਯਮੀਆਂ ਦੀ ਜਾਂਚ ਲਈ ਉੱਚ ਪੱਧਰੀ ਕਮੇਟੀਆਂ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਉਚੇਰੀ ਸਿੱਖਿਆ ਮੰਤਰੀ ਨੇ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਇਸ ਨੂੰ ਯਕੀਨੀ ਬਣਾਇਆ ਜਾਵੇ। ਮੀਤ ਹੇਅਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਕੋਰਸਾਂ ਦੇ ਪਾਠਕ੍ਰਮ ਨੂੰ ਅਜੋਕੇ ਸਮੇਂ, ਉਦਯੋਗਾਂ ਸਬੰਧੀ ਜਰੂਰਤਾ ਤੇ ਆਧੁਨਿਕ ਸਮੇਂ ਦੀਆਂ ਲੋੜਾਂ ਅਨੁਸਾਰ ਸੋਧਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਤੁਰੰਤ ਵਾਈਸ ਚਾਂਸਲਰਜ ਦੀ ਮੀਟਿੰਗ ਬੁਲਾਈ ਜਾਵੇ ਤੇ ਵੱਖ-ਵੱਖ ਕੋਰਸਾਂ ਦੇ ਪਾਠਕ੍ਰਮ ਦੀ ਸਮੀਖਿਆ ਲਈ ਕਦਮ ਚੁੱਕੇ ਜਾਣ। ਉਚੇਰੀ ਸਿੱਖਿਆ ਮੰਤਰੀ ਨੇ ਸੂਬੇ ਵਿੱਚ ਸਰਕਾਰੀ ਕਾਲਜਾਂ ਦੇ ਵਿਕਾਸ ਲਈ ਵੱਖ-ਵੱਖ ਬਜਟ ਸਕੀਮਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਦਿਆਰਥੀਆਂ ਦੀ ਭਲਾਈ ਲਈ ਇਨ੍ਹਾਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਅਜਿਹੇ ਵੱਖ-ਵੱਖ ਕਾਰਜਾਂ ਲਈ ਵੰਡੀ ਗਈ ਰਾਸ਼ੀ ਦੀ ਯੋਗ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ। ਇਨ੍ਹਾਂ ਸਕੀਮਾਂ ਤਹਿਤ ਕਰੀਅਰ ਗਾਈਡੈਂਸ ਅਤੇ ਕੌਂਸਲਿੰਗ, ਬੁਨਿਆਦੀ ਢਾਂਚਾ ਵਿਕਾਸ, ਕਾਲਜਾਂ ਲਈ ਵਾਈ-ਫਾਈ ਤੇ ਇੰਟਰਨੈਟ ਸਹੂਲਤਾਂ, ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫ਼ੇ, ਖੇਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ, ਸਰਕਾਰੀ ਲਾਇਬ੍ਰੇਰੀਆਂ ਦੇ ਨਵੀਂਨੀਕਰਨ ਅਤੇ ਸਰਕਾਰੀ ਕਾਲਜਾਂ ਲਈ ਨਵੇਂ ਬੁਨਿਆਦੀ ਢਾਂਚੇ ’ਤੇ ਜ਼ੋਰ ਦਿੱਤਾ ਗਿਆ ਹੈ। ਉਨ੍ਹਾਂ ਐੱਨਸੀਸੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦਾ ਵੀ ਜਾਇਜ਼ਾ ਲਿਆ।