ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੁਲਤਾਨਪੁਰ ਲੋਧੀ ’ਚ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਾਜੈਕਟ ‘ਪਿੰਡ ਬਾਬੇ ਨਾਨਕ ਦਾ’ ਲਈ ਆਲਮੀ ਪੱਧਰ ’ਤੇ ਟੈਂਡਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਸ੍ਰੀ ਮਾਨ ਨੇ ਵਿਭਾਗ ਨੂੰ ਕਿਹਾ ਕਿ ਉਹ 500 ਕਰੋੜ ਰੁਪਏ ਦੀ ਲਾਗਤ ਨਾਲ 40 ਏਕੜ ਰਕਬੇ ਵਿੱਚ ਬਣਨ ਵਾਲੇ ਇਸ ਪ੍ਰਾਜੈਕਟ ਦੀ ਉਸਾਰੀ ਲਈ ਵਿਸ਼ਵ ਪ੍ਰਸਿੱਧ ਆਰਕੀਟੈਕਟਾਂ ਦੀਆਂ ਸੇਵਾਵਾਂ ਲੈਣ।
ਇੱਥੇ ਮੁੱਖ ਮੰਤਰੀ ਨੇ ਆਨੰਦਪੁਰ ਸਾਹਿਬ ਫਾਊਂਡੇਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੈਰ ਸਪਾਟਾ ਵਿਭਾਗ ਨੂੰ ਆਨੰਦਪੁਰ ਸਾਹਿਬ ਵਿੱਚ ਬਣਨ ਜਾ ਰਹੀ ਭਾਈ ਜੈਤਾ ਜੀ ਯਾਦਗਾਰ ਨੂੰ ਇਸੇ ਸਾਲ ਦਸੰਬਰ ਤੱਕ ਹਰ ਹੀਲੇ ਮੁਕੰਮਲ ਕਰਨ ਦੇ ਵੀ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਵਿਭਾਗ ਨੂੰ ਵਿਰਾਸਤ-ਏ-ਖਾਲਸਾ ਦੀ ਹੱਦ ਅੰਦਰ 10 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਨੇਚਰ ਪਾਰਕ ਨੂੰ ਦਸੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਸੱਭਿਆਚਾਰ ਤੇ ਸੈਰ ਸਪਾਟਾ ਅਥਾਰਿਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅੰਮ੍ਰਿਤਸਰ ਵਿੱਚ ਗੋਲਡਨ ਟੈਂਪਲ ਪਲਾਜ਼ਾ ਸਮੇਤ ਵੱਖ-ਵੱਖ ਵਿਰਾਸਤੀ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਥਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸੈਰ ਸਪਾਟਾ ਮੰਤਰੀ ਹਰਜੋਤ ਬੈਂਸ, ਮੁੱਖ ਸਕੱਤਰ ਅਨਿਰੁੱਧ ਤਿਵਾੜੀ ਤੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਆਦਿ ਹਾਜ਼ਰ ਸਨ।