ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਸਤੰਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਪਿੰਡਾਂ ਵਿਚ ਆਸਾਨੀ ਅਤੇ ਤੇਜ਼ੀ ਨਾਲ ਨਿਆਂ ਯਕੀਨੀ ਬਣਾਉਣ ਲਈ ਸੂਬੇ ਵਿਚ 7 ਹੋਰ ਪੇਂਡੂ ਅਦਾਲਤਾਂ ਸਥਾਪਿਤ ਕਰਨ ਦੇ ਹੁਕਮ ਦਿੱਤੇ ਹਨ। ਇਹ ਨਵੀਆਂ ਅਦਾਲਤਾਂ ਪਟਿਆਲਾ ਜ਼ਿਲ੍ਹੇ ਵਿਚ ਪਾਤੜਾਂ, ਬਰਨਾਲਾ ਵਿਚ ਤਪਾ, ਫ਼ਤਹਿਗੜ੍ਹ ਸਾਹਿਬ ਵਿਚ ਬਸੀ ਪਠਾਣਾਂ, ਗੁਰਦਾਸਪੁਰ ਵਿਚ ਡੇਰਾ ਬਾਬਾ ਨਾਨਕ ਅਤੇ ਧਾਰ ਕਲਾਂ, ਲੁਧਿਆਣਾ ਵਿਚ ਰਾਏਕੋਟ ਤੇ ਰੂਪਨਗਰ ’ਚ ਚਮਕੌਰ ਸਾਹਿਬ ਵਿਖੇ ਸਥਾਪਤ ਕੀਤੀਆਂ ਜਾਣਗੀਆਂ। ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀ ਹਰੀ ਝੰਡੀ ਅਨੁਸਾਰ ਇਹ ਪੇਂਡੂ ਅਦਾਲਤਾਂ ਸਬ-ਡਿਵੀਜ਼ਨਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਹੀ ਕਵਰ ਕਰਨਗੀਆਂ।