ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਸਤੰਬਰ
ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਸੂਬੇ ਦੇ ਤਿੰਨੇ ਸਰਕਾਰੀ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਕਿ ਉਹ ਕਾਲਜਾਂ ਦੇ ਹਸਪਤਾਲਾਂ ਵਿਚ ਆਕਸੀਜਨ ਗੈਸ ਸਿਲੰਡਰਾਂ ਦੀ ਸਪਲਾਈ ਨੂੰ ਹੋਰ ਪੁਖ਼ਤਾ ਬਣਾਉਣ। ਅੱਜ ਇਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਉਨ੍ਹਾਂ ਵੱਲੋਂ ਸਰਕਾਰੀ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਕਾਰਨ ਸਰਕਾਰੀ ਮੈਡੀਕਲ ਕਾਲਜਾਂ ਦੇ ਹਸਪਤਾਲਾਂ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਪੜਚੋਲ ਕੀਤਾ ਗਿਆ। ਉਨ੍ਹਾਂ ਤਿੰਨੇ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਇਕ-ਇਕ ਕਰੋੜ ਦੇ ਚੈੱਕ ਵੀ ਭੇਟ ਕੀਤੇ। ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਨੇ ਦੱਸਿਆ ਕਿ ਬੀਤੇ ਦਿਨ ਹੀ ਮੈਡੀਕਲ ਕਾਲਜਾਂ ਲਈ 20 ਕਰੋੜ ਜਾਰੀ ਕਰਨ ਨੂੰ ਪ੍ਰਵਾਨਗੀ ਮਿਲੀ ਹੈ।