ਪੰਚਾਇਤ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ 5 ਅਕਤਬੂਰ ਤੋਂ ਪਹਿਲਾਂ ਕਰਵਾਉਣ ਦੇ ਹੁਕਮ
ਜਾਣਕਾਰੀ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ) ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਪੱਤਰ ਜਾਰੀ ਕਰ ਕੇ ਪੰਚਾਇਤ ਸਮਿਤੀ ਤੇ ਜ਼ਿਲ੍ਹਾ ਪਰਿਸ਼ਦਾਂ ਦੀਆਂ ਆਮ ਚੋਣਾਂ ਲਈ ਚੋਣ ਹਲਕੇ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਦੇ ਚੋਣ ਹਲਕੇ ਦੀ ਸੂਚੀ 4 ਅਗਸਤ 2025 ਤੱਕ ਤਿਆਰ ਕੀਤੀ ਜਾਵੇ। ਵਿਭਾਗ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਬਲਾਕਾਂ ਦੇ ਪੁਨਰਗਠਨ ਸਬੰਧੀ ਭੇਜੀਆਂ ਤਜ਼ਵੀਜਾਂ ਦੇ ਆਧਾਰ ’ਤੇ ਚੋਣ ਹਲਕੇ ਬਣਾਏ ਜਾਣ ਅਤੇ ਚੋਣ ਹਲਕੇ ਬਣਾਉਣ ਸਮੇਂ ਨਿਯਮਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ।
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਸਬੰਧਤ ਅਧਿਕਾਰੀਆਂ ਵੱਲੋਂ ਚੋਣ ਹਲਕੇ ਬਣਾਉਣ ਵਿੱਚ ਦੇਰੀ ਕੀਤੀ ਗਈ ਤਾਂ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪਹਿਲਾਂ 22 ਜ਼ਿਲ੍ਹਾ ਪਰਿਸ਼ਦਾਂ ਸਨ ਅਤੇ ਹੁਣ ਇਹ ਗਿਣਤੀ ਮਾਲੇਰਕੋਟਲਾ ਸਮੇਤ 23 ਹੋ ਜਾਣੀ ਹੈ। ਇਸੇ ਤਰ੍ਹਾਂ ਪੰਚਾਇਤ ਸਮਿਤੀਆਂ ਵਿੱਚ ਵੀ ਕੁਝ ਨਵੀਂ ਪੰਚਾਇਤ ਸਮਿਤੀਆਂ ਸ਼ਾਮਲ ਹੋਈਆਂ ਹਨ।