ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼
ਪੰਜਾਬ ਸਰਕਾਰ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼ ਦਿੱਤੇ ਹਨ। ਇਹ ਆਦੇਸ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਅਜੀਤ ਬਾਲਾਜੀ ਜੋਸ਼ੀ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਲਈ ਪੈਨਸ਼ਨ ਹਰ ਮਹੀਨੇ ਦੀ 10 ਤਰੀਕ ਤੋਂ ਪਹਿਲਾਂ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇ। ਇਸ ਨਾਲ 3 ਹਜ਼ਾਰ ਤੋਂ ਵੱਧ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਵਿੱਤ ਮੰਤਰੀ ਨੇ ਵਿਭਾਗ ਵੱਲੋਂ ਪ੍ਰਵਾਨਿਤ ਨੀਤੀ ਅਨੁਸਾਰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬਿਤ ਬਕਾਏ ਵੀ ਜਲਦ ਹੀ ਚਾਰ ਕਿਸ਼ਤਾਂ ਵਿੱਚ ਜਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਬਕਾਇਆਂ ਦਾ ਭੁਗਤਾਨ ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਪਹਿਲਾਂ ਹੀ ਸਥਾਪਤ ਨੀਤੀ ਢਾਂਚੇ ਅਨੁਸਾਰ ਕੀਤਾ ਜਾਵੇਗਾ ਤਾਂ ਜੋ ਵਿਭਾਗਾਂ ਵਿੱਚ ਵਿੱਤੀ ਮਾਮਲਿਆਂ ਵਿੱਚ ਬਰਾਬਰੀ ਅਤੇ ਨਿਰਪੱਖਤਾ ਯਕੀਨੀ ਬਣਾਈ ਜਾ ਸਕੇ। ਇਹ ਫੈਸਲਾ ਫਰਵਰੀ 2025 ਵਿੱਚ ਪੰਜਾਬ ਕੈਬਨਿਟ ਵੱਲੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 14 ਹਜ਼ਾਰ ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਦੀ ਪ੍ਰਵਾਨਗੀ ਅਨੁਸਾਰ ਕੀਤਾ ਜਾ ਰਿਹਾ ਹੈ।