
ਟ੍ਰਿਬਿਊਨ ਿਨਊਜ਼ ਸਰਵਿਸ
ਚੰਡੀਗੜ੍ਹ, 26 ਨਵੰਬਰ
ਪੰਜਾਬ ਪੁਲੀਸ ਨੇ ਸੂਬੇ ਵਿੱਚ ਗੰਨ ਕਲਚਰ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਲੋਕਾਂ ਨੂੰ 72 ਘੰਟਿਆਂ ਦੇ ਅੰਦਰ ਖੁਦ ਹੀ ਸੋਸ਼ਲ ਮੀਡੀਆ ਪਲੈਟਫਾਰਮਾਂ ਤੋਂ ਹਥਿਆਰਾਂ ਨੂੰ ਹੱਲਾਸ਼ੇਰੀ ਦੇਣ ਵਾਲੀਆਂ ਆਪੋ-ਆਪਣੀਆਂ ਪੋਸਟਾਂ ਹਟਾਉਣ ਲਈ ਕਿਹਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਕੇ ਕਿਹਾ ਕਿ 72 ਘੰਟੇ (ਤਿੰਨ ਦਿਨ) ਤੱਕ ਸੋਸ਼ਲ ਮੀਡੀਆ ’ਤੇ ਹਥਿਆਰਾਂ ਨੂੰ ਹੱਲਾਸ਼ੇਰੀ ਦੇਣ ਵਾਲੀਆਂ ਪੋਸਟਾਂ ਸਬੰਧੀ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ, ਜਦੋਂ ਕਿ ਤਿੰਨ ਦਿਨਾਂ ਬਾਅਦ ਅਜਿਹੀਆਂ ਪੋਸਟਾਂ ਨਾ ਹਟਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣਗੇ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਰਦੇਸ਼ ਦਿੱਤੇ ਹਨ ਕਿ ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਹਥਿਆਰਾਂ ਨੂੰ ਹੱਲਾਸ਼ੇਰੀ ਦੇਣ ਵਾਲਿਆਂ ਖ਼ਿਲਾਫ਼ ਕੋਈ ਕੇਸ ਦਰਜ ਨਾ ਕੀਤਾ ਜਾਵੇ, ਬਲਕਿ ਪੰਜਾਬ ਦੇ ਲੋਕਾਂ ਨੂੰ ਖੁਦ ਸੋਸ਼ਲ ਮੀਡੀਆ ਪਲੈਟਫਾਰਮਾਂ ਤੋਂ ਅਜਿਹੀਆਂ ਪੋਸਟਾਂ ਹਟਾਉਣ ਦੀ ਅਪੀਲ ਕੀਤੀ ਜਾਵੇ। ਪੰਜਾਬ ਪੁਲੀਸ ਨੇ ਮੁੱਖ ਮੰਤਰੀ ਦੇ ਆਦੇਸ਼ਾਂ ਸਦਕਾ ਸੂਬੇ ਦੇ ਲੋਕਾਂ ਨੂੰ 72 ਘੰਟਿਆਂ ਦਾ ਸਮਾਂ ਦਿੱਤਾ ਹੈ, ਜਿਸ ਮਗਰੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨ ਕਲਚਰ ਨੂੰ ਨੱਥ ਪਾਉਣ ਲਈ 13 ਨਵੰਬਰ ਨੂੰ ਜਨਤਕ ਤੌਰ ’ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਅਤੇ ਸੋਸ਼ਲ ਮੀਡੀਆ ’ਤੇ ਹਥਿਆਰਾਂ ਨੂੰ ਹੱਲਾਸ਼ੇਰੀ ਦੇਣ ਵਾਲੀਆਂ ਪੋਸਟਾਂ ਪਾਉਣ ਅਤੇ ਗੀਤਾਂ ’ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਦੇ ਨਾਲ ਹੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ