ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਮਾਰਚ
ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪਹਿਲ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਵਿਜੈ ਸਿੰਗਲਾ ਨੇ ਅੱਜ ਸਮੂਹ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਰੋਕਣ ਦੇ ਹੁਕਮ ਦਿੱਤੇ ਹਨ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਕੇਂਦਰਾਂ ਦਾ ਲਾਇਸੈਂਸ ਰੱਦ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਚਿਤਾਵਨੀ ਦਿੱਤੀ ਗਈ ਹੈ। ਇਹ ਪ੍ਰਗਟਾਵਾ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸਿਹਤ ਮੰਤਰੀ ਨੇ ਕੈਮਿਸਟਾਂ ਨੂੰ ਪੂਰਨ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਲੈਣ ਵਾਲੇ ਵਿਅਕਤੀਆਂ ਨੂੰ ਸਿਰਫ਼ ਡਾਕਟਰ ਦੀ ਪਰਚੀ ਵੇਖਣ ਉਪਰੰਤ ਹੀ ਦਵਾਈਆਂ ਦੇਣ।