ਪਾਲ ਸਿੰਘ ਨੌਲੀ
ਜਲੰਧਰ, 14 ਅਪਰੈਲ
ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਹੁਕਮ ਜਾਰੀ ਕੀਤਾ ਹੈ ਕਿ ਕਰੋਨਾਵਾਇਰਸ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਆਕਸੀਜਨ ਗੈਸ ਦੀ ਸਪਲਾਈ ਸਭ ਤੋਂ ਪਹਿਲਾਂ ਹਸਪਤਾਲਾਂ ਨੂੰ ਦਿੱਤੀ ਜਾਵੇ ਅਤੇ ਇੰਡਸਟਰੀ ਨੂੰ ਬਾਅਦ ਵਿੱਚ ਸਪਲਾਈ ਦਿੱਤੀ ਜਾਵੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ ਜਿਸ ਕਰ ਕੇ ਹਸਪਤਾਲਾਂ ਵਿਚ ਮਰੀਜ਼ਾਂ ਲਈ ਆਕਸੀਜਨ ਦੀ ਲੋੜ ਵੱਧ ਹੁੰਦੀ ਹੈ। ਉਨ੍ਹਾਂ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਜਲੰਧਰ ਵਿੱਚ ਆਕਸੀਜਨ ਦੇ ਤਿੰਨ ਪਲਾਂਟ ਹਨ। ਇਨ੍ਹਾਂ ਪਲਾਂਟਾਂ ਵਿੱਚੋਂ ਸਭ ਤੋਂ ਪਹਿਲਾਂ ਹਸਪਤਾਲਾਂ ਨੂੰ ਆਕਸੀਜਨ ਸਪਲਾਈ ਕੀਤੀ ਜਾਵੇ। ਇਨ੍ਹਾਂ ਹੁਕਮਾਂ ਵਿਚ ਕੁਤਾਹੀ ਵਰਤਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ।