ਕਵੀ ਪਾਸ਼ ਦੀ ਯਾਦਗਾਰ ਨੂੰ ਮਾਨਤਾ ਦਿਵਾਉਣ ਅਤੇ ਮਜ਼ਦੂਰ ਆਗੂ ਹਰਮੇਸ਼ ਮਾਲੜੀ ’ਤੇ ਹਮਲਾ ਕਰਨ ਵਾਲੇ ਤਲਵੰਡੀ ਸਲੇਮ ਦੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਾਉਣ ਲਈ ਲੇਖਕਾਂ, ਸਾਹਿਤਕਾਰਾਂ, ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮ ਅਤੇ ਹੋਰ ਜਮਹੂਰੀ ਜਥੇਬੰਦੀਆਂ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ। ਇਸ ਧਰਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪੰਜਾਬ ਬੰਦ ਦੀ ਹਮਾਇਤ ਕਰਦਿਆਂ 15 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਰੱਖੇ ਧਰਨੇ ਨੂੰ ਮੁਲਤਵੀ ਕਰਨ ਦਾ ਐਲਾਨ ਵੀ ਕੀਤਾ ਗਿਆ।
ਧਰਨੇ ਵਿੱਚ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਨੁਮਾਇੰਦੇ ਹਰਮੀਤ ਵਿਦਿਆਰਥੀ, ਜਸਪਾਲ ਮਾਨਖੇੜਾ, ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਨੁਮਾਇੰਦੇ ਡਾ. ਸੁਰਜੀਤ ਬਰਾੜ, ਬੀ ਕੇ ਯੂ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਨਕੋਦਰ ਹਲਕੇ ਤੋਂ ‘ਆਪ’ ਆਗੂਆਂ ਦੇ ਕਥਿਤ ਇਸ਼ਾਰੇ ’ਤੇ ਪਿੰਡ ਤਲਵੰਡੀ ਸਲੇਮ ਵਿਖੇ ਪਾਸ਼ ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਾਸ਼ ਦੇ ਜਨਮ ਦਿਨ ਸਮਾਗਮ ਦੀਆਂ ਤਿਆਰੀਆਂ ਸਬੰਧੀ ਤਲਵੰਡੀ ਸਲੇਮ ਪਹੁੰਚੇ ਮਜ਼ਦੂਰ ਆਗੂ ਹਰਮੇਸ਼ ਮਾਲੜੀ ਅਤੇ ਉਸ ਦੇ ਸਾਥੀਆਂ ਉਤੇ ਪਿੰਡ ਦੇ ਕੁਝ ਰਸੂਖਵਾਨਾਂ ਵੱਲੋਂ ਹਮਲਾ ਕੀਤਾ ਗਿਆ ਪਰ ਦੋਸ਼ੀਆਂ ਨੂੰ ਪੁਲੀਸ ਨੇ ਗ੍ਰਿਫਤਾਰ ਨਹੀਂ ਕੀਤਾ। ਲੇਖਕ ਹਰਮੇਸ਼ ਮਾਲੜੀ, ਡੀ ਟੀ ਐਫ ਦੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਪੀ ਐੱਸ ਯੂ ਦੀ ਆਗੂ ਹਰਵੀਰ ਕੌਰ ਗੰਧੜ, ਬੀ ਕੇ ਯੂ ਏਕਤਾ ਉਗਰਾਹਾਂ ਦੀ ਮਹਿਲਾ ਆਗੂ ਹਰਿੰਦਰ ਬਿੰਦੂ, ਪਲਸ ਮੰਚ ਦੇ ਆਗੂ ਜਗਸੀਰ ਜੀਦਾ ਅਤੇ ਤਰਕਸ਼ੀਲ ਸੁਸਾਇਟੀ ਦੇ ਆਗੂ ਰਾਮ ਸਵਰਨ ਲੱਖੇਵਾਲੀ ਨੇ ਕਿਹਾ ਕਿ ਜੇ ਮੰਗਾਂ ਅਨੁਸਾਰ ਤੁਰੰਤ ਕਾਰਵਾਈ ਨਹੀਂ ਹੁੰਦੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਸਮੇਂ ਲਛਮਣ ਸਿੰਘ ਸੇਵੇਵਾਲਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਸਿਕੰਦਰ ਸਿੰਘ ਅਜਿੱਤਗਿੱਲ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਮਨਜਿੰਦਰ ਸਿੰਘ ਸਰਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਦਿਆਲ ਸਿੰਘ ਭੱਟੀ ਨੇ ਵੀ ਸੰਬੋਧਨ ਕੀਤਾ। ਬਲਦੇਵ ਸਿੰਘ ਸੜਕਨਾਮਾ ਵੱਲੋਂ ਮੰਗਾਂ ਦੇ ਸਮਰਥਨ ਵਿੱਚ ਭੇਜਿਆ ਸੰਦੇਸ਼ ਇਸ ਸਮੇੇਂ ਪੜ੍ਹਿਆ। ਧਰਨੇ ਦੌਰਾਨ ਕਈ ਮਤੇ ਵੀ ਪੜ੍ਹੇ ਗਏ ਅਤੇ ਪਾਸ ਕੀਤੇ ਗਏ। ਇਸ ਮੌਕੇ ਤਰਕਸ਼ੀਲ ਮੈਗਜ਼ੀਨ ਦੇ ਸੰਪਾਦਕ ਰਾਜਪਾਲ ਸਿੰਘ, ਸਾਹਿਤਕਾਰ ਰਣਬੀਰ ਰਾਣਾ, ਕਿਸਾਨ ਆਗੂ ਸ਼ਿਗਾਰਾ ਸਿੰਘ ਮਾਨ ਤੇ ਗੁਰਪਾਲ ਸਿੰਘ ਨੰਗਲ ਵੀ ਮੌਜੂਦ ਸਨ।

