ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 23 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਅਹੁਦੇਦਾਰਾਂ ਦੀ ਚੋਣ ਲਈ 9 ਨਵੰਬਰ ਨੂੰ ਰੱਖੇ ਗਏ ਜਨਰਲ ਇਜਲਾਸ ਦੀ ਤਰੀਕ ਅੱਗੇ ਪਾਉਣ ਦੀ ਮੰਗ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਮੌਜੂਦਾ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਇਸ ਸਬੰਧੀ ਇਕ ਪੱਤਰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਭੇਜਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ 8 ਨਵੰਬਰ ਨੂੰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰ ਤੇ ਹੋਰ ਸੰਗਤ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਦਰਸ਼ਨ ਕਰਨ ਲਈ ਜਾ ਰਹੀ ਹੈ। ਇਸ ਦੌਰਾਨ 9 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ ਰੱਖਿਆ ਗਿਆ ਹੈ। ਉਨ੍ਹਾਂ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਆਦੇਸ਼ ਜਾਰੀ ਕਰਨ ਕਿ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਵਾਸਤੇ ਰੱਖੇ ਗਏ ਜਨਰਲ ਇਜਲਾਸ ਨੂੰ 10 ਦਿਨਾਂ ਵਾਸਤੇ ਅਗਾਂਹ ਪਾ ਦਿੱਤਾ ਜਾਵੇ।
ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਇਕ ਹੋਰ ਮੈਂਬਰ ਵੱਲੋਂ ਵੀ ਇਹ ਜਨਰਲ ਇਜਲਾਸ ਅਗਾਂਹ ਪਾਉਣ ਦੀ ਅਪੀਲ ਕੀਤੀ ਗਈ ਹੈ। ਉੱਧਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਕੱਤਰ ਜਸਪਾਲ ਸਿੰਘ ਨੇ ਦੱਸਿਆ ਉਨ੍ਹਾਂ ਵੱਲੋਂ ਪੱਤਰ ਅਗਾਂਹ ਸ਼੍ਰੋਮਣੀ ਕਮੇਟੀ ਨੂੰ ਅਗਲੀ ਕਾਰਵਾਈ ਲਈ ਭੇਜ ਦਿੱਤੇ ਗਏ ਹਨ। ਇਸ ਸਬੰਧੀ ਕੋਈ ਵੀ ਅਗਲਾ ਫ਼ੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਲਿਆ ਜਾਵੇਗਾ। ਇੱਥੇ ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਸੁਝਾਅ ਨੂੰ ਪਹਿਲਾਂ ਹੀ ਰੱਦ ਕਰ ਦਿੱਤਾ ਸੀ।