ਪੰਜਾਬ ਦੇ ਏ ਆਈ ਸਟ੍ਰੋਕ ਪ੍ਰਾਜੈਕਟ ਤਹਿਤ 700 ਤੋਂ ਵੱਧ ਮਰੀਜ਼ਾਂ ਦੀ ਜਾਂਚ
ਪੰਜਾਬ ਸਰਕਾਰ ਵੱਲੋਂ ਸਿਹਤ ਸੰਭਾਲ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਸ਼ੁਰੂ ਕੀਤੀ ਗਈ ਏ ਆਈ ਆਧਾਰਿਤ ਸਟ੍ਰੋਕ ਪ੍ਰਾਜੈਕਟ ਲੋਕਾਂ ਲਈ ਕਾਰਗਰ ਸਾਬਤ ਹੋ ਰਿਹਾ ਹੈ। ਇਹ ਪ੍ਰਾਜੈਕਟ ਪੰਜਾਬ ਸਰਕਾਰ, ਸੀ ਐੱਮ ਸੀ ਲੁਧਿਆਣਾ, ਕਿਊਰ ਏ ਆਈ ਅਤੇ ਮੈਡਟ੍ਰੋਨਿਕ ਵੱਲੋਂ...
ਪੰਜਾਬ ਸਰਕਾਰ ਵੱਲੋਂ ਸਿਹਤ ਸੰਭਾਲ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਸ਼ੁਰੂ ਕੀਤੀ ਗਈ ਏ ਆਈ ਆਧਾਰਿਤ ਸਟ੍ਰੋਕ ਪ੍ਰਾਜੈਕਟ ਲੋਕਾਂ ਲਈ ਕਾਰਗਰ ਸਾਬਤ ਹੋ ਰਿਹਾ ਹੈ। ਇਹ ਪ੍ਰਾਜੈਕਟ ਪੰਜਾਬ ਸਰਕਾਰ, ਸੀ ਐੱਮ ਸੀ ਲੁਧਿਆਣਾ, ਕਿਊਰ ਏ ਆਈ ਅਤੇ ਮੈਡਟ੍ਰੋਨਿਕ ਵੱਲੋਂ ਆਪਸੀ ਸਹਿਯੋਗ ਨਾਲ ਲਾਗੂ ਕੀਤਾ ਗਿਆ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਲਾਗੂ ਹੋਣ ਦੇ ਕੁਝ ਮਹੀਨਿਆਂ ਦੇ ਅੰਦਰ ਹੀ 700 ਤੋਂ ਵੱਧ ਸਟ੍ਰੋਕ ਦੇ ਮਰੀਜ਼ਾਂ ਦੀ ਜਾਂਚ ਕੀਤੀ ਹੈ। ਇਸ ਸਿਸਟਮ ਨੇ ਸਟ੍ਰੋਕ ਤੋਂ ਪੀੜਤ ਛੇ ਮਰੀਜ਼ਾਂ ਨੂੰ ਮਕੈਨੀਕਲ ਥ੍ਰੋਮਬੈਕਟੋਮੀ ਵਰਗੀ ਗੁੰਝਲਦਾਰ, ਬਰੇਨ ਕਲੌਟ ਰਿਮੂਵਿੰਗ ਪ੍ਰੋਸੀਜ਼ਰ ਦੀ ਸਹੂਲਤ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕੀਤੀ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਰੀਜ਼ਾਂ ਨੂੰ ਮਕੈਨੀਕਲ ਥ੍ਰੋਮਬੈਕਟੋਮੀ ਇਲਾਜ ਸਹੂਲਤ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕਰ ਰਹੀ ਹੈ, ਜਿਸ ਦੀ ਕੀਮਤ ਨਿੱਜੀ ਹਸਪਤਾਲਾਂ ਵਿੱਚ 5 ਤੋਂ 6 ਲੱਖ ਦੇ ਵਿਚਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸੂਬਾ ਸਰਕਾਰ ਨੇ ਇਹ ਪ੍ਰਾਜੈਕਟ ਹੁਸ਼ਿਆਰਪੁਰ, ਲੁਧਿਆਣਾ, ਸੰਗਰੂਰ ਅਤੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਜ਼ਿਲ੍ਹਾ ਹਸਪਤਾਲਾਂ ਵਿੱਚ ਲਾਗੂ ਕੀਤਾ ਹੈ, ਜਿੱਥੇ ਮਰੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਮਾਡਲ ਹੈ ਜੋ ਨਾਗਰਿਕਾਂ ਨੂੰ ਲੋੜ ਸਮੇਂ ਤੁਰੰਤ ਮਿਆਰੀ ਦੇਖਭਾਲ ਪ੍ਰਦਾਨ ਕਰਦਾ ਹੈ।