ਝੋਨੇ ਦੀ ਆਮਦ ਤੇਜ਼, ਚੁਕਾਈ ਮੱਠੀ
ਪੰਜਾਬ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋਏ ਨੂੰ ਇਕ ਮਹੀਨੇ ਤੋਂ ਵੱਧ ਸਮਾਂ ਲੰਘ ਚੁੱਕਿਆ ਹੈ, ਹੁਣ ਦੀਵਾਲੀ ਵਾਲੇ ਦਿਨਾਂ ਵਿੱਚ ਮੰਡੀਆਂ ’ਚ ਝੋਨੇ ਦੀ ਆਮਦ ਨੇ ਜ਼ੋਰ ਫੜ ਲਿਆ ਹੈ। ਦੂਜੇ ਪਾਸੇ, ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਦਾ ਕੰਮ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ ਜਿਸ ਕਾਰਨ ਮੰਡੀਆਂ ਵਿੱਚ ਥਾਂ ਦੀ ਦਿਕੱਤ ਖੜ੍ਹੀ ਹੋ ਸਕਦੀ ਹੈ। ਪੰਜਾਬ ਦੀਆਂ ਮੰਡੀਆਂ ਵਿੱਚ ਲੰਘੀ ਸ਼ਾਮ ਤੱਕ 38.65 ਲੱਖ ਟਨ ਝੋਨਾ ਪਹੁੰਚਿਆ। ਇਸ ਵਿੱਚੋਂ 37.20 ਲੱਖ ਟਨ ਝੋਨਾ ਖਰੀਦਿਆ ਜਾ ਚੁੱਕਿਆ ਹੈ। ਇਸ ਦੌਰਾਨ ਸਭ ਤੋਂ ਵੱਧ ਝੋਨਾ ਤਰਨ ਤਾਰਨ, ਪਟਿਆਲਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ’ਚ ਪਹੁੰਚਿਆ; ਪਠਾਨਕੋਟ ਵਿੱਚ ਸਭ ਤੋਂ ਘੱਟ ਝੋਨੇ ਦੀ ਆਮਦ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸਭ ਤੋਂ ਵੱਧ 5.74 ਲੱਖ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 5.44 ਲੱਖ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਇਸੇ ਤਰ੍ਹਾਂ ਪਟਿਆਲਾ ਦੀਆਂ ਮੰਡੀਆਂ ’ਚ ਪੁੱਜੇ 4.81 ਲੱਖ ਟਨ ਝੋਨੇ ਵਿੱਚੋਂ 4.72 ਲੱਖ ਟਨ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ’ਚ ਪੁੱਜੇ 3.01 ਲੱਖ ਟਨ ਝੋਨੇ ’ਚੋਂ 2.95 ਲੱਖ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਇਸੇ ਤਰ੍ਹਾਂ ਕਪੂਰਥਲਾ ਦੀਆਂ ਮੰਡੀਆਂ ’ਚ ਪੁੱਜੇ 2.83 ਲੱਖ ਟਨ ਝੋਨੇ ਵਿੱਚੋਂ 2.78 ਲੱਖ ਟਨ ਝੋਨੇ ਦੀ ਖਰੀਦ ਹੋਈ ਹੈ। ਗੁਰਦਾਸਪੁਰ ਦੀਆਂ ਮੰਡੀਆਂ ’ਚ ਪੁੱਜੇ 2.73 ਲੱਖ ਟਨ ਝੋਨੇ ਵਿੱਚੋਂ 2.63 ਲੱਖ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਪਠਾਨਕੋਟ ਦੀਆਂ ਮੰਡੀਆਂ ਵਿੱਚ ਸਭ ਤੋਂ ਘੱਟ 21,065 ਟਨ ਝੋਨੇ ਦੀ ਆਮਦ ਹੋਈ ਹੈ। ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ ਤੇ ਚੁਕਾਈ ਦਾ ਕੰਮ ਢਿੱਲਾ ਹੋਣ ਕਾਰਨ ਮੰਡੀਆਂ ’ਚ ਝੋਨੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਇਸ ਨਾਲ ਮੰਡੀਆਂ ’ਚ ਜਗ੍ਹਾ ਦੀ ਘਾਟ ਆ ਸਕਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੜ੍ਹਾਂ ਕਰ ਕੇ ਪੰਜ ਲੱਖ ਏਕੜ ਫ਼ਸਲ ਪ੍ਰਭਾਵਿਤ ਹੋ ਗਈ ਸੀ। ਇਸ ਤੋਂ ਇਲਾਵਾ ਖ਼ਰਾਬ ਮੌਸਮ ਕਰ ਕੇ ਵੀ ਕਿਸਾਨਾਂ ਨੂੰ ਵਧੇਰੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਸੂਬਾ ਸਰਕਾਰ ਨੇ ਭਾਵੇਂ ਝੋਨੇ ਦੀ ਖਰੀਦ 16 ਸਤੰਬਰ ਤੋਂ ਸ਼ੁਰੂ ਕਰ ਦਿੱਤੀ ਸੀ ਪਰ ਹੁਣ ਤੱਕ ਖਰੀਦ ਮੱਠੀ ਚੱਲ ਰਹੀ ਸੀ। ਉੱਧਰ, ਸੂਬਾ ਸਰਕਾਰ ਵੱਲੋਂ 175 ਲੱਖ ਟਨ ਝੋਨੇ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ, ਪਰ ਹਾਲੇ ਤੱਕ ਮੰਡੀਆਂ ਵਿੱਚ 25 ਫ਼ੀਸਦ ਝੋਨੇ ਦੀ ਆਮਦ ਵੀ ਨਹੀਂ ਹੋਈ ਹੈ।
ਪੰਜਾਬ ਸਰਕਾਰ ਵੱਲੋਂ 175 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ
ਚੰਡੀਗੜ੍ਹ (ਆਤਿਸ਼ ਗੁਪਤਾ): ਪੰਜਾਬ ’ਚ ਹੜ੍ਹਾਂ ਕਰਕੇ ਲਗਪਗ 5 ਲੱਖ ਏਕੜ ਫਸਲ ਪ੍ਰਭਾਵਿਤ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਸੂਬੇ ਵਿੱਚ 175 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮਿਖਿਆ ਹੈ। ਇਸ ਸਬੰਧੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ’ਤੇ ਵੱਖ-ਵੱਖ ਵਿਭਾਗਾਂ ਦੇ ਆਈ ਏ ਐੱਸ ਅਧਿਕਾਰੀਆਂ ਅਤੇ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਕੀਤੀ ਅਤੇ ਅਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਝੋਨੇ ਦੀ ਚੱਲ ਰਹੀ ਖ਼ਰੀਦ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿੱਜੀ ਤੌਰ ’ਤੇ ਖ਼ਰੀਦ ਪ੍ਰਬੰਧਾਂ ਦੀ ਨਿਗਰਾਨੀ ਕਰਨ ਦੇ ਹੁਕਮ ਵੀ ਦਿੱਤੇ। ਉਨ੍ਹਾਂ ਇਹ ਵੀ ਆਖਿਆ ਕਿ ਖਰੀਦੇ ਝੋਨੇ ਲਈ ਕਿਸਾਨਾਂ ਨੂੰ 7,472.20 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2025-26 ਵਿੱਚ ਝੋਨੇ ਦੀ ਖ਼ਰੀਦ ਲਈ 1,822 ਨਿਯਮਤ ਖ਼ਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ, ਜਿੱਥੇ ਖ਼ਰੀਦ ਕਾਰਜ ਜ਼ੋਰਾਂ ’ਤੇ ਚੱਲ ਰਹੇ ਹਨ। ਪੰਜਾਬ ਦੀਆਂ ਮੰਡੀਆਂ ’ਚ 38.65 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 37.20 ਲੱਖ ਮੀਟ੍ਰਿਕ ਟਨ ਝੋਨਾ ਪਹਿਲਾਂ ਹੀ ਖ਼ਰੀਦਿਆ ਜਾ ਚੁੱਕਾ ਹੈ। ਖ਼ਰੀਦ ਦੇ 72 ਘੰਟਿਆਂ ਦੇ ਅੰਦਰ-ਅੰਦਰ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿੱਚੋਂ ਨਾਲੋ-ਨਾਲ ਲਿਫਟਿੰਗ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਖ਼ਰੀਦੇ ਗਏ ਅਨਾਜ ਲਈ ਕਿਸਾਨਾਂ ਨੂੰ ਕੁੱਲ 7,472.20 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਹੈ। ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੂੰ ਕੋਈ ਵੀ ਮੁਸ਼ਕਲ ਪੇਸ਼ ਨਾ ਆਵੇ, ਜਿਸ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹੇਠਲੇ ਪੱਧਰ ’ਤੇ ਪੁਖਤਾ ਪ੍ਰਬੰਧਾਂ ਰਾਹੀਂ ਕਿਸਾਨਾਂ ਨੂੰ ਹਰ ਸਹੂਲਤ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।