ਸਿੱਖ ਵਿਰਾਸਤਾਂ ਦੀ ਰਾਖੀ ਕਰੇ ਪਾਕਿਸਤਾਨ ਸਰਕਾਰ: ਧਾਮੀ
ਸ਼੍ੋਮਣੀ ਕਮੇਟੀ ਨੇ ਪਾਕਿ ਸਥਿਤ ਗੁਰਦੁਆਰਾ ਢਾਹੁਣ ਦੀ ਕੋਸ਼ਿਸ਼ ਦਾ ਨੋਟਿਸ ਲਿਆ
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਜ਼ਿਲ੍ਹਾ ਸ਼ੇਖੂਪੁਰਾ ਦੇ ਫਰੂਖ਼ਾਬਾਦ ਵਿੱਚ ਸਥਿਤ ਗੁਰਦੁਆਰੇ ਦੀ ਇਮਾਰਤ ਦਾ ਹਿੱਸਾ ਢਾਹ ਕੇ ਜਾਇਦਾਦ ਹਥਿਆਉਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਸਿੱਖ ਵਿਰਾਸਤਾਂ ਦੀ ਸੰਭਾਲ ਯਕੀਨੀ ਬਣਾਉਣ ਲਈ ਕਿਹਾ ਹੈ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਫਰੂਖ਼ਾਬਾਦ ਦੀ ਮੰਡੀ ਸਕਰਾਨਾ ਵਿੱਚ ਕੁਝ ਲੋਕਾਂ ਨੇ ਗੁਰਦੁਆਰੇ ਦੀ ਜਾਇਦਾਦ ਹੜੱਪਣ ਲਈ ਇਹ ਕਾਰਵਾਈ ਕੀਤੀ। ਇਹ ਸਥਾਨ ਸਿੰਘ ਸਭਾ ਲਹਿਰ ਦੇ ਸਮੇਂ ਦਾ ਹੈ, ਜਿਸ ਨਾਲ ਸਿੱਖ ਇਤਿਹਾਸ ਦੀਆਂ ਮਹੱਤਵਪੂਰਨ ਯਾਦਾਂ ਜੁੜੀਆਂ ਹੋਈਆਂ ਹਨ। ਇਨ੍ਹਾਂ ਇਤਿਹਾਸਕ ਵਿਰਾਸਤਾਂ ਦੀ ਸੁਰੱਖਿਆ ਸਥਾਨਕ ਪ੍ਰਸ਼ਾਸਨ ਅਤੇ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਤੁਰੰਤ ਨਿਰਪੱਖ ਜਾਂਚ ਕਰਵਾ ਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਗੁਰਦੁਆਰੇ ਦੀ ਮੁੜ ਉਸਾਰੀ ਅਤੇ ਸੰਭਾਲ ਲਈ ਠੋਸ ਕਦਮ ਚੁੱਕਣ ਦੀ ਵੀ ਮੰਗ ਕੀਤੀ।
ਦਿੱਲੀ ਕਮੇਟੀ ਨੇ ਮਾਮਲਾ ਵਿਦੇਸ਼ ਮੰਤਰਾਲੇ ਕੋਲ ਚੁੱਕਿਆ
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਫਾਰੂਖ਼ਾਬਾਦ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ 125 ਸਾਲ ਪੁਰਾਣੀ ਇਮਾਰਤ ਢਾਹੁਣ ਦੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲੈਂਦਿਆਂ ਇਹ ਮਾਮਲਾ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਚੁੱਕਿਆ ਹੈ। ਵਿਦੇਸ਼ ਮੰਤਰਾਲੇ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਨੂੰ ਤੁਰੰਤ ਪਾਕਿਸਤਾਨ ਸਰਕਾਰ ਕੋਲ ਉਠਾਇਆ ਜਾਵੇਗਾ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸਥਾਨਕ ਵਿਰੋਧ ਕਾਰਨ ਇਮਾਰਤ ਢਾਹੁਣ ਦੀ ਕੋਸ਼ਿਸ਼ ਨਾਕਾਮ ਰਹੀ, ਪਰ ਇਹ ਬਹੁਤ ਗੰਭੀਰ ਮਾਮਲਾ ਹੈ। ਇਸ ਸਬੰਧੀ ਕਮੇਟੀ ਦਾ ਵਫ਼ਦ ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਆਨੰਦ ਪ੍ਰਕਾਸ਼ ਨੂੰ ਮਿਲਿਆ।
ਜਥੇਦਾਰ ਟੇਕ ਸਿੰਘ ਵੱਲੋਂ ਵੀ ਘਟਨਾ ਦੀ ਨਿਖੇਧੀ
ਬਠਿੰਡਾ (ਮਨੋਜ ਸ਼ਰਮਾ): ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਪਾਕਿਸਤਾਨ ਦੇ ਫਾਰੂਖ਼ਾਬਾਦ ਵਿੱਚ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਨੂੰ ਭੂ-ਮਾਫੀਆ ਵੱਲੋਂ ਢਾਹੁਣ ਦੀ ਕੋਸ਼ਿਸ਼ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਸਥਾਨ ਢਾਹੁਣ ’ਤੇ ਪਾਬੰਦੀ ਦੇ ਬਾਵਜੂਦ ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਨਾਲ ਵਿਰਾਸਤ ਨੂੰ ਨੁਕਸਾਨ ਪਹੁੰਚਾਉਣਾ ਚਿੰਤਾਜਨਕ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਇਸ ’ਤੇ ਤੁਰੰਤ ਰੋਕ ਲਾਉਣ ਅਤੇ ਭਾਰਤ ਸਰਕਾਰ ਨੂੰ ਪਾਕਿਸਤਾਨੀ ਸਿੱਖਾਂ ਦੀ ਸੁਰੱਖਿਆ ਲਈ ਗੁਆਂਢੀ ਦੇਸ਼ ਨਾਲ ਰਾਬਤਾ ਕਾਇਮ ਕਰਨ ਦੀ ਅਪੀਲ ਕੀਤੀ।

