ਪਰਮਜੀਤ ਸਿੰਘ/ਸੰਜੀਵ ਹਾਂਡਾ
ਫਾਜ਼ਿਲਕਾ/ਫਿਰੋਜ਼ਪੁਰ, 13 ਸਤੰਬਰ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਖਿਆ ਕਿ ਸਰਹੱਦ ਪਾਰਲੇ ਮੁਲਕ ਵੱਲੋਂ ਭਾਰਤ ਨੂੰ ਅਸ਼ਾਂਤ ਕਰਨ ਦੇ ਇਰਾਦੇ ਨਾਲ ਦੇਸ਼ ਵਿਚ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਸਾਡੀਆਂ ਸੁਰੱਖਿਆ ਏਜੰਸੀਆਂ ਤੇ ਲੋਕਾਂ ਦੇ ਬਿਹਤਰ ਤਾਲਮੇਲ ਨਾਲ ਇਹ ਘਟਨਾਵਾਂ ਰੋਕੀਆਂ ਜਾ ਸਕਦੀਆਂ ਹਨ। ਉਹ ਅੱਜ ਇੱਥੋਂ ਦੇ ਸਰਕਾਰੀ ਐਮਐਰ ਕਾਲਜ ਵਿਚ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ ਨੂੰ ਸੰਬੋਧਨ ਕਰਨ ਪੁੱਜੇ। ਰਾਜਪਾਲ ਨੇ ਆਖਿਆ ਕਿ ਰਾਜ ਦੇ ਛੇ ਸਰਹੱਦੀ ਜ਼ਿਲ੍ਹੇ ਬਹੁਤ ਸੰਵੇਦਨਸ਼ੀਲ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਪਤਾ ਲੱਗ ਗਿਆ ਹੈ ਕਿ ਉਹ ਭਾਰਤ ਨਾਲ ਸਿੱਧੀ ਲੜਾਈ ਨਹੀਂ ਕਰ ਸਕਦਾ, ਇਸ ਲਈ ਉਹ ਨਸ਼ਿਆਂ ਰਾਹੀਂ ਸਾਡੀ ਜਵਾਨੀ ਨੂੰ ਨਿਸ਼ਾਨਾ ਬਣਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਚੌਕਸ ਰਹਿਣ ਅਤੇ ਗਲਤ ਕੰਮਾਂ ਵਿਚ ਲੱਗੇ ਲੋਕਾਂ ਦੀ ਸੂਚਨਾ ਪੁਲੀਸ ਨੂੰ ਦੇਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਆਪਸੀ ਮਤਭੇਦ ਭੁਲਾ ਕੇ ਕੌਮੀ ਸੁਰੱਖਿਆ ਦੇ ਮੁੱਦੇ ’ਤੇ ਇਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 30 ਸਰਹੱਦੀ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਿਉਂਤੇ ਮਿਸ਼ਨ ਆਬਾਦ 30 ਨੂੰ ਲੋਕਅਰਪਣ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਅਨੁਸਾਰ ਤਾਰ ਪਾਰ ਜਾਣ ਲਈ ਉਨ੍ਹਾਂ ਨੂੰ ਹੁਣ ਵੱਧ ਸਮਾਂ ਦਿੱਤਾ ਜਾ ਰਿਹਾ ਹੈ ਜਦਕਿ ਸਰਹੱਦੀ ਇਲਾਕਿਆਂ ਦੀਆਂ ਹੋਰ ਮੁਸ਼ਕਲਾਂ ਦੇ ਹੱਲ ਲਈ ਵੀ ਸਰਕਾਰ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਰਹੱਦੀ ਇਲਾਕੇ ਦੀਆਂ ਜ਼ਰੂਰਤਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਡੀਸੀ ਡਾ. ਹਿਮਾਂਸ਼ੂ ਅਗਰਵਾਲ, ਨਰਿੰਦਰਪਾਲ ਸਿੰਘ ਸਵਨਾ, ਵਿਧਾਇਕ ਜਗਦੀਪ ਕੰਬੋਜ ਗੋਲਡੀ ਆਦਿ ਹਾਜ਼ਰ ਸਨ।
ਅਗਨੀਪਥ ਯੋਜਨਾ ਵਿੱਚ ਸਰਹੱਦੀ ਨੌਜਵਾਨਾਂ ਦਾ ਕੋਟਾ ਰੱਖਣ ਦਾ ਪ੍ਰਸਤਾਵ ਪੇਸ਼ ਕਰਨ ਦਾ ਭਰੋਸਾ
ਰਾਜਪਾਲ ਨੇ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਅਗਨੀਪਥ ਵਿਚ ਖ਼ਾਸ ਕੋਟਾ ਦੇਣ ਲਈ ਆਪਣਾ ਪ੍ਰਸਤਾਵ ਕੇਂਦਰ ਕੋਲ ਰੱਖਣਗੇ। ਉਨ੍ਹਾਂ ਸਰਹੱਦੀ ਖੇਤਰ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਛੇਤੀ ਨੇਪਰੇ ਚਾੜ੍ਹਨ ਦਾ ਭਰੋਸਾ ਦਿੰਦਿਆਂ ਭਰੋਸਾ ਦਿੱਤਾ ਕਿ ਇਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਉਹ ਕੇਂਦਰ ਸਰਕਾਰ ਤੱਕ ਆਪਣੀ ਆਵਾਜ਼ ਬੁਲੰਦ ਕਰਨਗੇ।