ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਕਿਸਤਾਨ ਭਾਈ ਤਾਰੂ ਸਿੰਘ ਦੀ ਸ਼ਹੀਦੀ ਵਾਲਾ ਸਥਾਨ ਖੋਲ੍ਹੇ: ਗੜਗੱਜ

ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਦੇ ਭੋਗ ਪਾਏ
ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਮੰਜੀ ਸਾਹਿਬ ਵਿੱਚ ਅਰਦਾਸ ਵਿਚ ਸ਼ਾਮਲ ਸ਼੍ਰੋਮਣੀ ਕਮੇਟੀ ਦਾ ਅਮਲਾ ਤੇ ਸੰਗਤ।
Advertisement

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਲਾਹੌਰ ਵਿੱਚ ਜਿੱਥੇ ਭਾਈ ਤਾਰੂ ਸਿੰਘ ਨੂੰ ਸ਼ਹੀਦ ਕੀਤਾ ਗਿਆ, ਉਹ ਸਥਾਨ ਪਿਛਲੇ ਕਾਫ਼ੀ ਸਮੇਂ ਤੋਂ ਬੰਦ ਹੈ। ਭਾਰਤ ਸਰਕਾਰ ਨੂੰ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਇਸ ਸਥਾਨ ਨੂੰ ਖੁੱਲ੍ਹਵਾਉਣਾ ਚਾਹੀਦਾ ਹੈ। ਪਾਕਿਸਤਾਨ ਸਰਕਾਰ ਨੂੰ ਪਹਿਲ ਦੇ ਆਧਾਰ ’ਤੇ ਇਹ ਸਥਾਨ ਖੋਲ੍ਹਣਾ ਚਾਹੀਦਾ ਹੈ, ਕਿਉਂਕਿ ਇਸ ਸਥਾਨ ’ਤੇ ਭਾਈ ਤਾਰੂ ਸਿੰਘ ਨੇ ਆਪਣੀ ਸ਼ਹਾਦਤ ਦਿੱਤੀ ਹੈ ਅਤੇ ਵਿਸ਼ਵ ਭਰ ਦੀ ਸੰਗਤ ਇਸ ਅਸਥਾਨ ’ਤੇ ਨਤਮਸਤਕ ਹੋਣਾ ਲੋਚਦੀ ਹੈ। ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਅੱਜ ਅਖੰਡ ਪਾਠ ਦੇ ਭੋਗ ਉਪਰੰਤ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਸਮਾਗਮ ਮੌਕੇ ਗਿਆਨੀ ਰਾਜਦੀਪ ਸਿੰਘ ਨੇ ਸੰਗਤ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਨੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚਲਦਿਆਂ, ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਈ, ਜਿਨ੍ਹਾਂ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਤੋਂ ਸੇਧ ਲੈਂਦਿਆਂ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ ਅਤੇ ਅੰਮ੍ਰਿਤਪਾਨ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਦੌਰਾਨ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਸਿੱਖ ਕੌਮ ਨੂੰ ਆਪਣੇ ਸ਼ਹੀਦਾਂ ਦੀ ਸ਼ਹਾਦਤ ਤੋਂ ਸੇਧ ਲੈਣ ਅਤੇ ਬਾਣੀ ਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ।

Advertisement

Advertisement
Show comments