ਗੁਰਦੀਪ ਸਿੰਘ ਲਾਲੀ
ਸੰਗਰੂਰ, 19 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਅੱਗੇ ਅਣਮਿਥੇ ਸਮੇਂ ਲਈ ਚੱਲ ਰਹੇ ਪੱਕੇ ਮੋਰਚੇ ਦੇ 11ਵੇਂ ਦਿਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਹੈ ਕਿ ਭਲਕੇ 20 ਅਕਤੂਬਰ ਤੋਂ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਵੱਲੋਂ ਅਣਮਿਥੇ ਸਮੇਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਮੁਕੰਮਲ ਤੌਰ ’ਤੇ ਚਾਰੇ ਪਾਸੇ ਤੋਂ ਘਿਰਾਓ ਕੀਤਾ ਜਾਵੇਗਾ।
ਸ੍ਰੀ ਉਗਰਾਹਾਂ ਨੇ ਕਿਹਾ ਕਿ ਪੱਕੇ ਮੋਰਚੇ ’ਤੇ ਡਟੇ ਕਿਸਾਨਾਂ ਦੀ ਭਗਵੰਤ ਮਾਨ ਨਾਲ ਕੋਈ ਦੁਸ਼ਮਨੀ ਜਾਂ ਝਗੜਾ ਨਹੀਂ ਹੈ, ਸਗੋਂ ਪੰਜਾਬ ਦੇ ਮੁੱਖ ਮੰਤਰੀ ਨਾਲ ਰੌਲਾ ਹੈ। ਇਸ ਕਲੋਨੀ ਦੇ ਅੰਦਰ ਮੁੱਖ ਮੰਤਰੀ ਪੰਜਾਬ ਦੀ ਕੋਠੀ ਹੈ, ਜਿਸ ਦਾ ਮੁਕੰਮਲ ਤੌਰ ’ਤੇ ਘਿਰਾਓ ਕਰਨਾ ਹੈ। ਉਨ੍ਹਾਂ ਕਿਸਾਨਾਂ ਨੂੰ ਹੌਂਸਲੇ ਬੁਲੰਦ ਰੱਖਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਕੋਈ ਪਹਿਲਾ ਮੋਰਚਾ ਨਹੀਂ ਹੈ, ਸਗੋਂ ਕਿਸਾਨ ਆਪਣੇ ਏਕੇ ਨਾਲ ਹਰ ਮੋਰਚੇ ’ਚੋ ਸਫ਼ਲ ਹੋ ਕੇ ਨਿਕਲੇ ਹਨ। ਸ੍ਰੀ ਉਗਰਾਹਾਂ ਨੇ ਕਿਹਾ ਕਿ ਸੰਘਰਸ਼ੀ ਮੋਰਚਿਆਂ ਤੋਂ ਬਗੈਰ ਮਸਲਿਆਂ ਦਾ ਹੱਲ ਨਹੀਂ ਹੁੰਦਾ, ਸੰਘਰਸ਼ ਹੀ ਹਰ ਸਮੱਸਿਆ ਦਾ ਹੱਲ ਹੈ। ਉਨ੍ਹਾਂ ਕਿਹਾ ਕਿ ਪਿਛਲੇ 11 ਦਿਨਾਂ ਤੋਂ ਹਜ਼ਾਰਾਂ ਕਿਸਾਨ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਅੱਗੇ ਪੱਕੇ ਮੋਰਚੇ ’ਤੇ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਡਟੇ ਹੋਏ ਹਨ, ਪਰ ਸਰਕਾਰ ਵੱਲੋਂ ਚੁੱਪ ਵੱਟੀ ਹੋਈ ਹੈ। ਪੱਕੇ ਮੋਰਚੇ ਦੌਰਾਨ ਇੱਕ ਕਿਸਾਨ ਨੂੰ ਆਪਣੀ ਜਾਨ ਵੀ ਗੁਆਉਣੀ ਪਈ ਹੈ, ਪਰ ਸਰਕਾਰ ਹਾਲੇ ਵੀ ਨੀਂਦ ਤੋਂ ਨਹੀਂ ਜਾਗ ਰਹੀ। ਸ੍ਰੀ ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਜਥੇਬੰਦੀ ਵੱਲੋਂ ਕਿਸਾਨੀ ਮੰਗਾਂ ਸਬੰਧੀ ਜਿਹੜਾ ਯਾਦ ਪੱਤਰ ਲਲਕਾਰ ਰੈਲੀ ਵਾਲੇ ਦਿਨ ਭੇਜਿਆ ਗਿਆ ਸੀ, ਉਸ ਬਾਰੇ ਮਾਨ ਸਰਕਾਰ ਵੱਲੋਂ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਮਿਲਿਆ, ਜਿਸ ਕਾਰਨ ਕਿਸਾਨਾਂ ਵਿੱਚ ਸਰਕਾਰ ਦੀ ਚੁੱਪ ਖ਼ਿਲਾਫ਼ ਰੋਹ ਲਗਾਤਾਰ ਵੱਧ ਰਿਹਾ ਹੈ।
ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਤੇ ਜ਼ਿਲ੍ਹਾ ਆਗੂ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਸੰਘਰਸ਼ੀ ਮੋਰਚੇ ’ਚ ਸ਼ਹੀਦ ਹੋਏ ਕਿਸਾਨ ਗੁਰਚਰਨ ਸਿੰਘ ਦਾ ਸਸਕਾਰ ਉਦੋਂ ਤੱਕ ਨਹੀਂ ਕੀਤਾ ਜਾਵੇਗਾ, ਜਦੋਂ ਤੱਕ ਸਰਕਾਰ ਪੀੜ੍ਹਤ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਪਰਿਵਾਰ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਨਹੀਂ ਕਰਦੀ। ਇਸ ਮੌਕੇ ਸੁਖਵੰਤ ਸਿੰਘ ਵਲਟੋਹਾ ਤਰਨਤਾਰਨ, ਬਿੱਟੂ ਸਿੰਘ ਮੱਲ੍ਹਣ ਗਿੱਦੜਬਾਹਾ ਤੇ ਰਣਦੀਪ ਕੌਰ ਰਟੋਲਾਂ ਨੇ ਵੀ ਸੰਬੋਧਨ ਕੀਤਾ ਅਤੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਜਗਸੀਰ ਸਿੰਘ ਝੂੰਬਾ ਬਠਿੰਡਾ ਨੇ ਨਿਭਾਈ।