ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 13 ਜੂਨ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਅੱਜ ਨੇੜਲੇ ਪਿੰਡ ਘਰਾਚੋਂ ਵਿੱਚ ਤੀਜੇ ਹਿੱਸੇ ਦੀ ਰਿਜ਼ਰਵ ਪੰਚਾਇਤੀ ਜ਼ਮੀਨ ਵਿੱਚ ਰੈਲੀ ਕੀਤੀ। ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਅਤੇ ਇਕਾਈ ਘਰਾਚੋਂ ਦੇ ਪ੍ਰਧਾਨ ਗੁਰਚਰਨ ਸਿੰਘ ਨੇ ਨਿਯਮਾਂ ਨੂੰ ਛਿੱਕੇ ਟੰਗਦਿਆਂ ਪਿੰਡ ਘਰਾਚੋਂ ਦੀ ਤੀਜੇ ਹਿੱਸੇ ਦੀ ਰਿਜ਼ਰਵ 48 ਏਕੜ ਜ਼ਮੀਨ ਦੀ ਬੋਲੀ ਡੀਡੀਪੀਓ ਸੰਗਰੂਰ ਨਰਪਿੰਦਰ ਸਿੰਘ ਗਰੇਵਾਲ ਵੱਲੋਂ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਸ਼ਹਿ ’ਤੇ ਕਥਿਤ ਡੰਮੀ ਬੋਲੀ ਦੇਣ ਆਏ 3 ਵਿਅਕਤੀਆਂ ਦੇ ਨਾਂ ਤੋੜੀ ਗਈ ਹੈ। ਇਸੇ ਰੋਸ ਵਜੋਂ ਤਪਦੀ ਗਰਮੀ ਵਿੱਚ ਵੀ ਦਲਿਤ ਭਾਈਚਾਰੇ ਦੇ ਲੋਕ ਆਪਣੇ ਹਿੱਸੇ ਦੀ ਜ਼ਮੀਨ ਉੱਪਰ ਪਿਛਲੇ ਕਈ ਦਿਨਾਂ ਤੋਂ ਕਬਜ਼ਾ ਕਰਕੇ ਬੈਠੇ ਹਨ ਅਤੇ ਮੰਗ ਕਰ ਰਹੇ ਹਨ ਕਿ ਮਾਮਲੇ ਦੀ ਪੜਤਾਲ ਕਰ ਕੇ ਡੰਮੀ ਬੋਲੀ ਨੂੰ ਰੱਦ ਕੀਤਾ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਮਜ਼ਦੂਰ ਆਗੂਆਂ ਨੇ ਦੱਸਿਆ ਕਿ ਮਸਲੇ ਦੇ ਹੱਲ ਲਈ ਪ੍ਰਸ਼ਾਸਨ ਨਾਲ ਦੋ ਵਾਰ ਮੀਟਿੰਗ ਹੋ ਚੁੱਕੀ ਹੈ ਪਰ ਡੀਡੀਪੀਓ ਸੰਗਰੂਰ ਵੱਲੋਂ ਉਸ ਨੋਟੀਫਿਕੇਸ਼ਨ ਦੇ ਨਿਯਮਾਂ ਨੂੰ ਪੁਲੀਸ ਅਤੇ ਉੱਚ ਅਧਿਕਾਰੀਆਂ ਸਾਹਮਣੇ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਕਾਰਨ ਪਿੰਡ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਪ੍ਰਸ਼ਾਸਨ ਨੇ ਧੱਕੇਸ਼ਾਹੀ ਕੀਤੀ ਤਾਂ ਇਸ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਤਹਿਸੀਲਦਾਰ ਵੱਲੋਂ ਧਰਨਾ ਸਥਾਨ ਦਾ ਦੌਰਾ
ਗੁਰਲੀਨ ਕੌਰ ਤਹਿਸੀਲਦਾਰ ਭਵਾਨੀਗੜ੍ਹ ਅਤੇ ਰਮਨਦੀਪ ਸਿੰਘ ਥਾਣਾ ਮੁਖੀ ਭਵਾਨੀਗੜ੍ਹ ਪੁਲੀਸ ਫੋਰਸ ਸਮੇਤ ਰੈਲੀ ਵਾਲੀ ਥਾਂ ਪਹੁੰਚੇ। ਬਾਅਦ ਵਿੱਚ ਮਸਲਾ ਹੱਲ ਕਰਨ ਲਈ ਕੁੱਝ ਹੋਰ ਸਮਾਂ ਦੇਣ ਦਾ ਭਰੋਸਾ ਦੇ ਕੇ ਅਧਿਕਾਰੀ ਵਾਪਸ ਚਲੇ ਗਏ।