ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਗਸਤ
ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੇ ਪਰਾਲੀ ਦਾ ਖੇਤਾਂ ਵਿੱਚ ਨਿਪਟਾਰਾ ਕਰਨ ਲਈ ਮੌਜੂਦਾ ਸਾਲ 250 ਕਰੋੜ ਰੁਪਏ ਦੀ ਸਬਸਿਡੀ ’ਤੇ ਕਿਸਾਨਾਂ ਨੂੰ 25,000 ਖੇਤੀ ਮਸ਼ੀਨਾਂ ਅਤੇ ਸੰਦ ਮੁਹੱਈਆ ਕਰਵਾਉਣ ਲਈ ਮੁਹਿੰਮ ਵਿੱਢ ਦਿੱਤੀ ਹੈ। ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ ਬੇਲਰ ਅਤੇ ਖੇਤੀ ਮਸ਼ੀਨਾਂ ਦੇਣ ਲਈ 430 ਅਰਜ਼ੀਆਂ ਪ੍ਰਵਾਨ ਕੀਤੀਆਂ ਜਾ ਚੁੱਕੀਆਂ ਹਨ। ਪਹਿਲੇ ਪੜਾਅ ਵਿੱਚ 246 ਪੰਚਾਇਤਾਂ ਅਤੇ 185 ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਖੇਤੀ ਮਸ਼ੀਨਾਂ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਾਂ ’ਤੇ 50 ਤੋਂ 80 ਫ਼ੀਸਦੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ।