ਪੰਚਾਿੲਤਾਂ ਲੈਂਡ ਪੂਲਿੰਗ ਲਈ ਜ਼ਮੀਨ ਦੇਣ ਤੋਂ ਨਾਂਹ ਕਰਨ: ਸੁਖਬੀਰ
ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਕਜੁੱਟ ਹੋ ਕੇ ਦਿੱਲੀ ਦੇ ਲੁਟੇਰਿਆਂ ਨੂੰ ਵਾਪਸ ਭੇਜਣ ਤਾਂ ਜੋ ਪੰਜਾਬ ਨੂੰ ਤਬਾਹੀ ਤੋਂ ਬਚਾਇਆ ਜਾ ਸਕੇ। ਉਹ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸ਼੍ੋਮਣੀ ਅਕਾਲੀ ਦਲ ਵੱਲੋਂ ਦਿੱਤੇ ਧਰਨੇ ਦੌਰਾਨ ਸੰਬੋਧਨ ਕਰ ਰਹੇ ਸਨ। ਮੀਂਹ ਦੇ ਬਾਵਜੂਦ ਧਰਨੇ ਵਿੱਚ ਪੁੱਜੇ ਲੋਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਵੱਲੋਂ ਜਬਰੀ ਐਕੁਆਇਰ ਕੀਤੀ ਜਾ ਰਹੀ 40 ਹਜ਼ਾਰ ਏਕੜ ਜ਼ਮੀਨ ਤੋਂ ਪ੍ਰਭਾਵਿਤ ਪੰਚਾਇਤਾਂ ਨੂੰ ਕਿਹਾ ਕਿ ਉਹ ਜ਼ਮੀਨ ਦੇਣ ਤੋਂ ਇਨਕਾਰ ਕਰਨ ਸਬੰਧੀ ਮਤੇ ਪਾਸ ਕਰਨ। ਉਨ੍ਹਾਂ ਮੰਗ ਕੀਤੀ ਕਿ ਇਹ ਯੋਜਨਾ ਫੌਰਨ ਖਾਰਜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲਗਾਤਾਰ ਧਰਨੇ ਲਗਾ ਕੇ ਜ਼ਮੀਨ ਹਥਿਆਉਣ ਦੀ ਸਕੀਮ ਦਾ ਵਿਰੋਧ ਕਰੇਗਾ ਅਤੇ ਇਸ ਲੜੀ ਤਹਿਤ 28 ਜੁਲਾਈ ਨੂੰ ਮੁਹਾਲੀ ਅਤੇ 4 ਅਗਸਤ ਨੂੰ ਬਠਿੰਡਾ ਵਿੱਚ ਵੀ ਧਰਨੇ ਦਿੱਤੇ ਜਾਣਗੇ। ਸ੍ਰੀ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਇਸ ਲੁੱਟ ਪਿੱਛੇ ਅਰਵਿੰਦ ਕੇਜਰੀਵਾਲ ਦਾ ਹੱਥ ਹੈ। ਉਸ ਨੇ ਦਿੱਲੀ ਦੇ ਬਿਲਡਰਾਂ ਨੂੰ ਵਾਅਦਾ ਕੀਤਾ ਹੈ ਕਿ ਉਨ੍ਹਾਂ ਦੀ ਇੱਛਾ ਮੁਤਾਬਿਕ ਪੰਜਾਬ ਵਿੱਚ ਜ਼ਮੀਨ ਐਕੁਆਇਰ ਕਰ ਕੇ ਉਨ੍ਹਾਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਸਾਰੀਆਂ ਵਿਕਾਸ ਅਥਾਰਿਟੀਆਂ ਦੇ ਨਿਯੁਕਤ ਕੀਤੇ ਚੇਅਰਮੈਨ ਮੁੱਖ ਸਕੱਤਰ ਅਤੇ ਮੈਂਬਰਾਂ ਨੂੰ ਚਿਤਾਵਨੀ ਦਿੱਤੀ ਕਿ ਸੂਬੇ ਵਿੱਚ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਵਿੱਚ ਹੋ ਰਹੇ ਸਾਰੇ ਗ਼ੈਰਕਾਨੂੰਨੀ ਕੰਮਾਂ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਉਨ੍ਹਾਂ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਲਈ ‘ਆਪ’ ਅਤੇ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਦੋਹਾਂ ਨੂੰ ਇਸ ਮੁੱਦੇ ’ਤੇ ਰਾਜਨੀਤੀ ਕਰਕੇ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਜ਼ਿੰਮੇਵਾਰ ਦੱਸਿਆ। ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੇ ਨੀਤੀ ਕਿਸਾਨਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ ਤਾਂ ਮੁੱਖ ਮੰਤਰੀ ਦੱਸਣ ਕਿ ਉਨ੍ਹਾਂ ਇਸ ’ਤੇ ਹਸਤਾਖ਼ਰ ਕਰਨ ਤੋਂ ਨਾਂਹ ਕਿਉਂ ਕੀਤੀ ਅਤੇ ‘ਆਪ’ ਦੀ ਦਿੱਲੀ ਲੀਡਰਸ਼ਿਪ ਨੂੰ ਮਜਬੂਰ ਕਿਉਂ ਕੀਤਾ ਕਿ ਉਹ ਉਨ੍ਹਾਂ ਦੀ ਥਾਂ ਮੁੱਖ ਸਕੱਤਰ ਨੂੰ ਸਾਰੀਆਂ ਵਿਕਾਸ ਅਥਾਰਟੀਆਂ ਦਾ ਚੇਅਰਮੈਨ ਨਿਯੁਕਤ ਕਰੇ। ਇਸ ਮੌਕੇ ਸੀਨੀਅਰ ਆਗੂ ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਐੱਨ ਕੇ ਸ਼ਰਮਾ, ਸ਼ਰਨਜੀਤ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ, ਭੁਪਿੰਦਰ ਸਿੰਘ ਭਿੰਦਾ, ਐੱਸਆਰ ਕਲੇਰ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਬੌਬੀ ਗਰਚਾ, ਸੁਰਜੀਤ ਸਿੰਘ ਦੁੱਗਰੀ ਤੇ ਪਰਮਜੀਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ।