ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 9 ਮਈ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ 11 ਮਈ ਨੂੰ ਹੋਣ ਵਾਲੀ ਪੰਥਕ ਮੀਟਿੰਗ ਵਿੱਚ ਸਮੂਹ ਜਥੇਬੰਦੀਆਂ ਅਤੇ ਦਲਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਇਹ ਪੰਥਕ ਇਕੱਠ 11 ਮਈ ਨੂੰ ਸਵੇਰੇ 11 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਿਆ ਗਿਆ ਹੈ। ਐਡਵੋਕੇਟ ਧਾਮੀ ਨੇ ਸਮੁੱਚੀਆਂ ਪੰਥਕ ਧਿਰਾਂ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋ ਕੇ ਆਪਣੇ ਸੁਝਾਅ ਅਤੇ ਵਿਚਾਰ ਪੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਸਮੂਹਿਕ ਯਤਨਾਂ ਲਈ ਆਦੇਸ਼ ਕੀਤਾ ਗਿਆ ਸੀ, ਜਿਸ ਸੰਦਰਭ ਵਿੱਚ ਸੱਦੀ ਗਈ ਇਹ ਬੈਠਕ ਅਹਿਮ ਹੈ। ਉਨ੍ਹਾਂ ਆਖਿਆ ਕਿ ਪੰਥ ਦੀਆਂ ਧਾਰਮਿਕ, ਰਾਜਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਵਿਚਾਰ ਅਤੇ ਸੁਝਾਅ ਅਤਿ ਲੋੜੀਂਦੇ ਹਨ ਤਾਂ ਜੋ ਭਵਿੱਖ ਦੀ ਰੂਪ-ਰੇਖਾ ਤੈਅ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਇਕੱਠ ਸਮੁੱਚੇ ਖਾਲਸਾ ਪੰਥ ਦਾ ਪ੍ਰਤੀਨਿਧ ਇਕੱਠ ਹੋਵੇਗਾ।
ਧਾਮੀ ਵੱਲੋਂ ਨਿੱਝਰ ਨੂੰ ਵਧਾਈ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ‘ਆਪ’ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਚੀਫ ਖਾਲਸਾ ਦੀਵਾਨ ਸਿੱਖ ਕੌਮ ਦੀ ਪੁਰਾਤਨ ਸੰਸਥਾ ਹੈ, ਜਿਸ ਨੇ ਸਿੱਖਿਆ ਦੇ ਖੇਤਰ ਵਿਚ ਚੰਗਾ ਕਾਰਜ ਕੀਤਾ ਹੈ। ਉਨ੍ਹਾਂ ਆਸ ਪ੍ਰਗਟਾਈ ਹੈ ਕਿ ਡਾ. ਨਿੱਝਰ ਸਿੱਖ ਸੰਸਥਾ ਦੀਆਂ ਪ੍ਰੰਪਰਾਵਾਂ ਅਤੇ ਰਵਾਇਤਾਂ ਦੀ ਰੋਸ਼ਨੀ ਵਿਚ ਸੇਵਾ ਨਿਭਾਉਣਗੇ।