ਦਵਿੰਦਰ ਪਾਲ
ਚੰਡੀਗੜ੍ਹ, 4 ਮਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਥਕ ਜਥੇਬੰਦੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਲਹਿਰ ਸਿਰਜਣ ਵਾਸਤੇ ਇਕ ਸਾਂਝੇ ਮੁਹਾਜ਼ ’ਤੇ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ।
ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਅਪੀਲ ਕੀਤੀ ਕਿ ਸਾਰੀਆਂ ਪੰਥਕ ਜਥੇਬੰਦੀਆਂ ਦੀ ਮੀਟਿੰਗ ਸੱਦ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝੀ ਰਣਨੀਤੀ ਤਹਿਤ ਤਿਆਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਸਾਡੇ ਵਿਅਕਤੀਗਤ ਜਾਂ ਸਿਆਸੀ ਮੱਤਭੇਦ ਹੋ ਸਕਦੇ ਹਨ, ਪਰ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸਭ ਨੂੰ ਇਕਜੁੱਟ ਹੋ ਕੇ ਅੱਗੇ ਆਉਣਾ ਚਾਹੀਦਾ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸਾਰੀਆਂ ਪੰਥਕ ਜਥੇਬੰਦੀਆਂ, ਸਿੰਘ ਸਭਾਵਾਂ ਤੇ ਸੰਤ ਸਮਾਜ ਦੀ ਰਾਇ ਲੈ ਕੇ ਤਾਲਮੇਲ ਨਾਲ ਇਕ ਪਹੁੰਚ ਅਪਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਕ ਸਾਂਝਾ ਵਫ਼ਦ ਪ੍ਰਧਾਨ ਮੰਤਰੀ ਨੂੰ ਵੀ ਮਿਲ ਸਕਦਾ ਹੈ। ਸ੍ਰੀ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ 2019 ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਬਦਲ ਕੇ ਉਨ੍ਹਾਂ ਦੀ ਰਿਹਾਈ ਦਾ ਰਾਹ ਪੱਧਰਾ ਕਰ ਦਿੱਤਾ ਸੀ ਤੇ ਸੁਪਰੀਮ ਕੋਰਟ ਨੇ ਵੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਇਸ ਆਧਾਰ ’ਤੇ ਉਮਰ ਕੈਦ ਵਿੱਚ ਬਦਲੀ ਸੀ।
ਅੰਮ੍ਰਿਤਸਰ (ਪੱਤਰ ਪ੍ਰੇਰਕ): ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਰਖਵਾਏ ਅਖੰਡ ਪਾਠ ਸਾਹਿਬ ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਰਿਹਾਈ ਸਬੰਧੀ ਦਿੱਤੇ ਬਿਆਨ ਨੂੰ ਦੇਰ ਆਏ ਦਰੁਸਤ ਆਏ ਕਹਿ ਕੇ ਇੱਕ ਚੰਗਾ ਕਦਮ ਦੱਸਿਆ ਹੈ। ਪਰ ਨਾਲ ਹੀ ਸਵਾਲ ਕੀਤਾ ਹੈ ਕਿ ਅਕਾਲ ਤਖ਼ਤ ਸਾਹਿਬ ਤੋਂ ਭਾਈ ਦਿਲਾਵਰ ਸਿੰਘ ਬੱਬਰ ਨੂੰ ਕੌਮੀ ਸ਼ਹੀਦ ਐਲਾਨੇ ਜਾਣ ਦੇ ਬਾਵਜੂਦ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਉਨ੍ਹਾਂ ਦੀ ਯਾਦਗਾਰੀ ਫੋਟੋ ਹੁਣ ਤਕ ਸੁਸ਼ੋਭਿਤ ਕਿਉਂ ਨਹੀਂ ਕੀਤੀ ਗਈ। ਕਮੇਟੀ ਆਗੂਆਂ ਨੇ ਕਿਹਾ ਕਿ ਜਦ ਬਾਦਲ ਸੱਤਾ ਵਿੱਚ ਸਨ ਤਾਂ ਉਹ ਭਾਜਪਾ ’ਤੇ ਜ਼ੋਰ ਪਾ ਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾ ਸਕਦੇ ਸਨ, ਪਰ ਉਸ ਵੇਲੇ ਬਾਦਲਾਂ ਨੂੰ ਕੌਮੀ ਮੁੱਦੇ ਭੁੱਲੇ ਹੋਏ ਸਨ। ਹੁਣ ਜਦ ਬਾਦਲ ਸਿਆਸੀ ਤੌਰ ’ਤੇ ਹਾਸ਼ੀਏ ਤੇ ਖੜ੍ਹੇ ਹਨ ਤਾਂ ਇਹ ਮੁੱਦੇ ਉਭਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਕੌਮੀ ਨਿਸ਼ਾਨਾ ਹੈ, ਜਿਸ ਲਈ ਹਰ ਜਥੇਬੰਦੀ, ਸੰਪਰਦਾ, ਸੰਸਥਾ ਨੂੰ ਅਵਾਜ਼ ਬੁਲੰਦ ਕਰਨੀ ਚਾਹੀਦੀ ਹੈ।