ਪੰਥਕ ਜਥੇਬੰਦੀਆਂ ਨੇ ਗ੍ਰਹਿ ਮੰਤਰੀ ਦੇ ਨਾਂ ਮੰਗ ਪੱਤਰ ਸੌਂਪੇ
ਫਿਲਮ ਸਤਲੁਜ ਰਿਲੀਜ਼ ਕਰਵਾਉਣ ਅਤੇ ਮਾਡ਼ੇ ਦੌਰ ਦੀ ਜਾਂਚ ਲਈ ਸੱਚ ਕਮਿਸ਼ਨ ਬਣਾਉਣ ਦੀ ਮੰਗ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਸਣੇ ਪੰਜਾਬ ਦੀਆਂ ਪੰਜ ਪੰਥਕ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਮ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਭੇਜੇ। ਇਸ ਦੌਰਾਨ ਪੰਥਕ ਜਥੇਬੰਦੀਆਂ ਨੇ ਕੇਂਦਰੀ ਗ੍ਰਹਿ ਮੰਤਰੀ ਤੋਂ ਪੰਜਾਬ ਵਿੱਚ ਸੰਨ 1980 ਤੋਂ ਲੈ ਕੇ 1995 ਤੱਕ ਵਾਪਰੇ ਘਟਨਾਕ੍ਰਮ ਦੀ ਨਿਰਪੱਖ ਜਾਂਚ ਕਰਵਾਉਣ ਲਈ ਸੱਚ ਕਮਿਸ਼ਨ ਬਣਾਉਣ ਤੇ ਫਿਲਮ ਸਤਲੁਜ ਨੂੰ ਰਿਲੀਜ਼ ਕਰਨ ਦੀ ਮੰਗ ਕੀਤੀ। ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਮੌਜੂਦਾ ਸਮੇਂ ਸਤਲੁਜ ਫਿਲਮ ਸਬੰਧੀ ਕੁੱਝ ਹਲਕੀ ਰਾਜਨੀਤੀ ਕਰਨ ਵਾਲੇ ਲੋਕ ਇਸ ਨੂੰ ਹਿੰਦੂ-ਸਿੱਖ ਦਾ ਮੁੱਦਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ਨਾਲ ਸਬੰਧਤ ਫਿਲਮ ਵਿੱਚ ਪੁਲੀਸ ਵੱਲੋਂ ਲਾਪਤਾ ਕਰ ਦਿੱਤੇ ਗਏ ਆਮ ਲੋਕਾਂ ਦੀ ਗੱਲ ਕੀਤੀ ਗਈ ਹੈ ਤੇ ਇਸ ਵਿੱਚ ਮਾਰੇ ਗਏ ਹਿੰਦੂ ਨੌਜਵਾਨਾਂ ਦੇ ਕੇਸ ਵੀ ਸ਼ਾਮਲ ਸਨ। ਇਸ ਫਿਲਮ ਵਿੱਚ ਅਜਿਹਾ ਕੁਝ ਨਹੀਂ ਕਿ ਦੇਸ਼ ਜਾਂ ਕਿਸੇ ਫ਼ਿਰਕੇ ਦੇ ਖ਼ਿਲਾਫ਼ ਭੜਕਾਹਟ ਪੈਦਾ ਕਰਦਾ ਹੋਵੇ।
ਗੁਰਪ੍ਰਤਾਪ ਸਿੰਘ ਵਡਾਲਾ ਨੇ ਕੇਂਦਰੀ ਗ੍ਰਹਿ ਮੰਤਰੀ ਤੋਂ ਮੰਗ ਕੀਤੀ ਕਿ ਪੰਜਾਬ ਸੱਚ ਅਤੇ ਜਵਾਬਦੇਹੀ ਕਮਿਸ਼ਨ ਬਣਾਇਆ ਜਾਵੇ ਤਾਂ ਕਿ ਇਸ ਸਮੇਂ ਦੌਰਾਨ ਵਾਪਰੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਕਰ ਕੇ ਮਰਨ ਵਾਲਿਆਂ ਦਾ ਸਹੀ ਅੰਕੜਾ ਪਤਾ ਲਾਇਆ ਜਾ ਸਕੇ। ਉਨ੍ਹਾਂ ਮੰਗ ਕੀਤੀ ਕਿ ਫਿਲਮ ਨੂੰ ਬਿਨਾਂ ਕਿਸੇ ਸੈਂਸਰ ਕੱਟ ਤੋਂ ਸਿਨੇਮਾ ਘਰਾਂ ਵਿੱਚ ਰਿਲੀਜ਼ ਕੀਤਾ ਜਾਵੇ, ਖਾਲੜਾ ਤੇ ਬੇਕਸੂਰਾਂ ਦੀਆਂ ਮੌਤਾਂ ਲਈ ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਨੂੰ ਲੱਭ ਕੇ ਵਾਪਸ ਜੇਲ੍ਹ ਵਿੱਚ ਸੁੱਟਿਆ ਜਾਵੇ।
ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਣ ਸਮੇਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਨਾਲ ਇੰਟਰਨੈਸ਼ਨਲ ਪੰਥਕ ਅਕਾਲੀ ਦਲ, ਯੂਨਾਈਟਡ ਅਕਾਲੀ ਦਲ, ਬੇਗਮਪੁਰਾ ਖ਼ਾਲਸਾ ਰਾਜ ਪਾਰਟੀ ਅਤੇ ਪੰਥਕ ਆਜ਼ਾਦ ਗਰੁੱਪ ਦੇ ਮੈਂਬਰ ਵੀ ਮੌਜੂਦ ਸਨ।

